ਬ੍ਰਿਸਬੇਨ ''ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

11/21/2021 2:03:42 PM

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ) ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਵਿਖੇ ਗੁਰਦੁਆਰਾ ਬ੍ਰਿਸਬੇਨ ਸਿੱਖ ਟੈਂਪਲ ਲੋਗਨ ਰੋਡ, ਗੁਰੂ ਨਾਨਕ ਸਿੱਖ ਟੈਂਪਲ ਇਨਾਲਾ, ਗੁਰਦੁਆਰਾ ਸਿੰਘ ਸਭਾ ਟੈਂਗਮ ਵਿਖੇ ਵੱਖ-ਵੱਖ ਗੁਰੂਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ।

ਜਿਸ ’ਚ ਭਾਈ ਪਰਮਜੀਤ ਸਿੰਘ, ਭਾਈ ਸਤਵੀਰ ਸਿੰਘ, ਭਾਈ ਹਰਕੀਰਤ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਵਿਰਸਾ ਸਿੰਘ, ਭਾਈ ਨਰਿੰਦਰਪਾਲ ਸਿੰਘ, ਭਾਈ ਗੁਰਤੇਜ ਸਿੰਘ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਤੇ ਪ੍ਰਚਾਰਕ ਐੱਸ.ਜੀ.ਪੀ.ਸੀ ਆਦਿ ਦੇ ਪੰਥ ਪ੍ਰਸਿੱਧ ਜੱਥਿਆ ਅਤੇ ਬੱਚਿਆ ਵਲੋਂ ਇਲਾਹੀ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਕਥਾ ਵਿਚਾਰਾਂ ਦੁਆਰਾ ਗੁਰੂ ਸਾਹਿਬ ਜੀ ਦੇ ਜੀਵਨ ਫਲਸਫ਼ੇ ਬਾਰੇ ਚਾਨਣਾ ਪਾਉਦਿਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। 

ਪੜ੍ਹੋ ਇਹ ਅਹਿਮ ਖਬਰ- ਵੈਨੇਜ਼ੁਏਲਾ ਦੇ ਸੰਗੀਤਕਾਰਾਂ ਨੇ ਬਣਾਇਆ 'ਆਰਕੈਸਟਰਾ' ਦਾ ਵਿਸ਼ਵ ਰਿਕਾਰਡ 

ਉਹਨਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਨਾਮ ਜਪੋ, ਵੰਡ ਕੇ ਛਕੋ, ਸੇਵਾ ਤੇ ਨਿਮਰਤਾ ਵਾਲਾ ਸੱਚਾ-ਸੁੱਚਾ ਜੀਵਨ ਜਿਊਣ ਤੇ ਗੁਰੂ ਸਾਹਿਬ ਵਲੋਂ ਚਲਾਈ ਗਈ ਲੰਗਰ ਪ੍ਰਥਾ, ਅਧਿਆਤਮਕ ਜੀਵਨ ਫ਼ਲਸਫੇ, ਸਿੱਖਿਆਵਾ 'ਤੇ ਚੱਲਦਿਆਂ ਸਾਨੂੰ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ਤੋਂ ਸੇਧ ਲੈ ਕੇ ਗੁਰੂ ਵਾਲੇ ਬਣਨ ਅਤੇ ਬਾਣੇ ਤੇ ਬਾਣੀ ਦੇ ਧਾਰਨੀ ਬਣਕੇ ਗੁਰੂ ਸਾਹਿਬ ਦੀ ਖ਼ੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ।ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਾਤ ਨੂੰ ਮਨਮੋਹਣੀ ਆਤਿਸ਼ਬਾਜ਼ੀ ਵੀ ਕੀਤੀ ਗਈ।ਇਸ ਮੌਕੇ ਗੁਰੂ ਦੀਆਂ ਸੰਗਤਾਂ ਨੇ ਹੁੰਮ-ਹੁਮਾ ਕੇ ਹਾਜ਼ਰੀ ਭਰੀ ਅਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।

Vandana

This news is Content Editor Vandana