ਇਟਲੀ ਵਿਖੇ ਮਨਾਇਆ ਜਾਵੇਗਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ
Wednesday, Feb 10, 2021 - 05:16 PM (IST)
ਰੋਮ, ਇਟਲੀ (ਕੈਂਥ/ਚੀਨੀਆਂ )- ਇਟਲੀ ਦੀ ਧਰਤੀ 'ਤੇ ਪਿਛਲੇ ਕਰੀਬ ਦੋ ਦਹਾਕਿਆਂ ਤੋਂ ਮਹਾਨ ਕ੍ਰਾਂਤੀਕਾਰੀ ,ਯੁੱਗ ਪੁਰਸ਼, ਅਧਿਆਤਮਵਾਦੀ, ਸ਼੍ਰੋਮਣੀ ਸੰਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਦਾ ਝੰਡਾ ਬੁਲੰਦ ਹੋ ਰਿਹਾ ਹੈ। ਰਾਜਧਾਨੀ ਰੋਮ ਦੇ ਸ਼ਹਿਰ ਵਿਲੈਤਰੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਤਰੀ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 644ਵਾਂ ਪ੍ਰਕਾਸ਼ ਪੁਰਬ 28 ਫਰਵਰੀ, 2021 ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਹੇਠ ਮਨਾਇਆ ਜਾ ਰਿਹਾ ਹੈ।
ਇਸ ਸਬੰਧੀ ਪ੍ਰੈੱਸ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 26 ਫਰਵਰੀ ਦਿਨ ਸ਼ੁਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। 27 ਫਰਵਰੀ ਸ਼ਾਮ ਦੇ ਸਮੇਂ ਗੁਰਦੁਆਰਾ ਸਾਹਿਬ ਵਿਖੇ ਦੀਪ ਮਾਲਾ ਕੀਤੀ ਜਾਵੇਗੀ ਅਤੇ 28 ਫਰਵਰੀ ਦਿਨ ਐਤਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।
ਭੋਗ ਉਪਰੰਤ ਸਜਾਏ ਵਿਸ਼ਾਲ ਕੀਰਤਨ ਦਰਬਾਰ ‘ਚ ਵੱਖ-ਵੱਖ ਕੀਰਤਨੀਏ ਜੱਥਿਆਂ ਅਤੇ ਕਥਾਵਾਚਕਾਂ ਵੱਲੋਂ ਗੁਰਬਾਣੀ ਕੀਰਤਨ ਅਤੇ ਕਥਾਵਾਂ ਰਾਹੀਂ ਗੁਰਦੁਆਰਾ ਸਾਹਿਬ ਵਿਖੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਦੌਰਾਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਅਤੇ ਉਨ੍ਹਾਂ ਦੇ ਜੀਵਨ ਸੰਬੰਧੀ ਕਥਾ, ਕੀਰਤਨ ਕਰਕੇ ਜਾਣੂ ਕਰਵਾਇਆ ਜਾਵੇਗਾ।
ਪ੍ਰਬੰਧਕਾਂ ਵੱਲੋਂ ਕਿਹਾ ਗਿਆ ਹੈ ਕਿ ਜਿਨ੍ਹਾਂ ਸੰਗਤਾਂ ਨੇ ਇਸ ਸਮਾਗਮ ਵਿੱਚ ਕਿਸੇ ਪ੍ਰਕਾਰ ਦੀਆਂ ਸੇਵਾਵਾਂ ਲੈਣੀਆਂ ਹੋਵਣ ਉਹ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ। ਦੂਜੇ ਪਾਸੇ, ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਚਰਨਾਂ ਵਿਚ ਬੇਨਤੀ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਬਣਾਏ ਗਏ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਜ਼ਰੂਰ ਕੀਤੀ ਜਾਵੇ ਅਤੇ ਕਿਸੇ ਵੀ ਪ੍ਰਕਾਰ ਦੀ ਉਲੰਘਣਾ ਨਾ ਕੀਤੀ ਜਾਵੇ।