1984 ਦੇ ਸਿੱਖ ਕਤਲੇਆਮ ਵਿਰੁੱਧ ਲੰਡਨ ’ਚ ਭਾਰਤੀ ਹਾਈ ਕਮਿਸ਼ਨ ਬਾਹਰ ਖ਼ਾਲਿਸਤਾਨ ਪੱਖੀਆਂ ਵੱਲੋਂ ਰੋਸ ਪ੍ਰਦਰਸ਼ਨ

Sunday, Nov 01, 2026 - 12:06 AM (IST)

1984 ਦੇ ਸਿੱਖ ਕਤਲੇਆਮ ਵਿਰੁੱਧ ਲੰਡਨ ’ਚ ਭਾਰਤੀ ਹਾਈ ਕਮਿਸ਼ਨ ਬਾਹਰ ਖ਼ਾਲਿਸਤਾਨ ਪੱਖੀਆਂ ਵੱਲੋਂ ਰੋਸ ਪ੍ਰਦਰਸ਼ਨ

ਲੰਡਨ (ਸਰਬਜੀਤ ਸਿੰਘ ਬਨੂੜ) - ਨਵੰਬਰ 1984 ਦੇ ਸਿੱਖ ਕਤਲੇਆਮ ਦੀ 42ਵੀਂ ਵਰ੍ਹੇਗੰਢ ਮੌਕੇ ਬਰਤਾਨੀਆ ਦੀ ਰਾਜਧਾਨੀ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨ ਪੱਖੀ ਸਿੱਖਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ, ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਅਤੇ ਸਿੱਖ ਕੌਮ ਦੇ ਸਵੈ-ਨਿਰਣੇ ਦੇ ਹੱਕ ਨੂੰ ਮਾਨਤਾ ਦੇਣ ਦਾ ਮੁੱਦਾ ਉਠਾਇਆ ਗਿਆ।

ਖ਼ਾਲਿਸਤਾਨ ਪੱਖੀ ਜਥੇਬੰਦੀਆਂ ਦਲ ਖ਼ਾਲਸਾ ਇੰਟਰਨੈਸ਼ਨਲ , ਸਿੱਖਸ ਫਾਰ ਜਸਟਿਸ ਵੱਲੋਂ ਲੰਡਨ ਸਮੇਤ ਮੈਲਬਰਨ, ਆਕਲੈਂਡ, ਮਿਲਾਨ, ਵੈਨਕੂਵਰ ਅਤੇ ਟੋਰਾਂਟੋ ਵਿੱਚ ਭਾਰਤੀ ਸਫ਼ਾਰਤਖ਼ਾਨਿਆਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਨ੍ਹਾਂ ਪ੍ਰਦਰਸ਼ਨਾਂ ਰਾਹੀਂ 1984 ਦੇ ਸਿੱਖ ਕਤਲੇਆਮ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਮੁੜ ਚਰਚਾ ਵਿੱਚ ਲਿਆਉਣ ਦੇ ਨਾਲ ਖ਼ਾਲਿਸਤਾਨ ਦੀ ਮੰਗ ਨੂੰ ਵੀ ਉਭਾਰਿਆ ਗਿਆ। ਖ਼ਾਲਿਸਤਾਨ ਪੱਖੀ ਜਥੇਬੰਦੀਆਂ ਦਾ ਮੰਨਣਾ ਹੈ ਕਿ ਸਿੱਖ ਕੌਮ ਨੂੰ ਆਪਣੇ ਸਿਆਸੀ ਭਵਿੱਖ ਦਾ ਫ਼ੈਸਲਾ ਆਪ ਕਰਨ ਦਾ ਅਧਿਕਾਰ ਮਿਲਣਾ ਚਾਹੀਦਾ ਹੈ। ਇਸੇ ਮੰਗ ਨੂੰ ਲੈ ਕੇ ਵਿਦੇਸ਼ਾਂ ਵਿੱਚ ਖ਼ਾਲਿਸਤਾਨ ਰੈਫਰੈਂਡਮ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਸਰਕਾਰੀ ਅੰਕੜਿਆਂ ਅਨੁਸਾਰ ਇਕੱਲੀ ਦਿੱਲੀ ਵਿੱਚ 2,733 ਸਿੱਖ ਮਾਰੇ ਗਏ ਸਨ, ਜਦਕਿ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਵੱਡੀ ਗਿਣਤੀ ਵਿੱਚ ਸਿੱਖਾਂ ਦੀਆਂ ਜਾਨਾਂ ਗਈਆਂ ਸਨ। ਮਨੁੱਖੀ ਅਧਿਕਾਰ ਸੰਸਥਾਵਾਂ ਦੀਆਂ ਰਿਪੋਰਟਾਂ ਵਿੱਚ ਉਸ ਸਮੇਂ ਦੇ ਸਿਆਸੀ ਆਗੂਆਂ ਅਤੇ ਪੁਲਿਸ ਦੀ ਭੂਮਿਕਾ ’ਤੇ ਗੰਭੀਰ ਸਵਾਲ ਉਠਾਏ ਗਏ ਹਨ। 

ਇਸੇ ਦੌਰਾਨ ਦਲ ਖ਼ਾਲਸਾ ਇੰਟਰਨੈਸ਼ਨਲ ਵੱਲੋਂ ਪਹਿਲੀ ਤੋਂ ਤਿੰਨ ਨਵੰਬਰ ਤੱਕ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ 1984 ਦੇ ਸਿੱਖ ਕਤਲੇਆਮ ਦੀ ਯਾਦ ਵਿੱਚ ਰੋਸ ਪ੍ਰੋਗਰਾਮ ਕਰਨ ਅਤੇ ਬਰਤਾਨਵੀ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵਿਖੇ ਮੰਗ ਪੱਤਰ ਸੌਂਪਣ ਦਾ ਵੀ ਐਲਾਨ ਕੀਤਾ ਗਿਆ ਹੈ। 

ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਨਵੰਬਰ 1984 ਦਾ ਦੁਖਾਂਤ ਸਿੱਖ ਕੌਮ ਦੀ ਸਮੂਹਿਕ ਯਾਦ ਦਾ ਅਹਿਮ ਹਿੱਸਾ ਬਣਿਆ ਹੋਇਆ ਹੈ। ਇਨਸਾਫ਼ ਦੀ ਲੰਮੀ ਉਡੀਕ ਅਤੇ ਸਿੱਖਾਂ ਦੇ ਸਿਆਸੀ ਭਵਿੱਖ ਨਾਲ ਜੁੜੇ ਸਵਾਲ ਅੱਜ ਵੀ ਵਿਦੇਸ਼ਾਂ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਸਰਗਰਮੀਆਂ ਦਾ ਪ੍ਰਮੁੱਖ ਮੁੱਦਾ ਬਣੇ ਹੋਏ ਹਨ।


author

Inder Prajapati

Content Editor

Related News