ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਵੱਖ-ਵੱਖ ਦੇਸ਼ਾਂ ''ਚ ਭਾਰਤੀ ਸਫ਼ਾਰਤਖ਼ਾਨਿਆਂ ਸਾਹਮਣੇ ਰੋਸ ਮੁਜ਼ਾਹਰੇ
Sunday, Jun 07, 2026 - 05:19 PM (IST)
ਲੰਡਨ/ਵੈਨਕੂਵਰ/ਨਿਊਯਾਰਕ/ਫਰੈਂਕਫਰਟ (ਸਰਬਜੀਤ ਸਿੰਘ ਬਨੂੜ) : ਜੂਨ 1984 ਦੇ ਤੀਸਰੇ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਦੁਨੀਆ ਦੇ ਵੱਖ-ਵੱਖ ਦੇਸ਼ਾਂ 'ਚ ਵੱਸਦੀ ਸਿੱਖ ਸੰਗਤ ਵੱਲੋਂ ਭਾਰਤੀ ਸਫ਼ਾਰਤਖ਼ਾਨਿਆਂ ਤੇ ਕੌਂਸਲੇਟਾਂ ਸਾਹਮਣੇ ਰੋਸ ਮੁਜ਼ਾਹਰੇ ਕਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਵੈਨਕੂਵਰ, ਫਰੈਂਕਫਰਟ, ਅਮਰੀਕਾ, ਇੰਗਲੈਂਡ, ਕਨੇਡਾ ਤੇ ਯੂਰਪ ਦੇ ਹੋਰ ਸ਼ਹਿਰਾਂ 'ਚ ਹੋਏ ਸਮਾਗਮਾਂ ਦੌਰਾਨ ਸਿੱਖ ਸੰਗਤਾਂ ਨੇ ਜੂਨ 1984 ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕੌਮੀ ਅਧਿਕਾਰਾਂ, ਧਾਰਮਿਕ ਆਜ਼ਾਦੀ ਤੇ ਇਨਸਾਫ਼ ਲਈ ਆਪਣੀ ਆਵਾਜ਼ ਬੁਲੰਦ ਕੀਤੀ ਤੇ ਖਾਲਿਸਤਾਨ ਦੀ ਪ੍ਰਾਪਤੀ ਤੱਕ ਸੰਘਰਸ਼ ਦਾ ਐਲਾਨ ਕੀਤਾ ਗਿਆ।
ਵੈਨਕੂਵਰ ਵਿਖੇ ਭਾਰਤੀ ਕੌਂਸਲੇਟ ਦੇ ਸਾਹਮਣੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਵਿਸ਼ਾਲ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੈਂਕੜਿਆਂ ਦੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰ ਕੇ ਜੂਨ 1984 ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਤੇ ਨਿਰਦੋਸ਼ ਸ਼ਰਧਾਲੂਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਦੌਰਾਨ ਖਾਲਿਸਤਾਨ ਦੇ ਜੈਕਾਰੇ ਅਤੇ ਨਾਰਿਆਂ ਨਾਲ ਵੈਨਕੂਵਰ ਡਾਊਨਟਾਊਨ ਗੂੰਜ ਉੱਠਿਆ। ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਐਬਟਸਫੋਰਡ ਦੇ ਪ੍ਰਬੰਧਕਾਂ ਵੱਲੋਂ ਖਾਲਿਸਤਾਨ ਦਾ ਝੰਡਾ ਲਹਿਰਾਇਆ ਗਿਆ ਅਤੇ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਕੀਤੀ ਗਈ।

ਇਸ ਮੌਕੇ ਭਾਈ ਨਰਿੰਦਰ ਸਿੰਘ ਰੰਧਾਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲ ਸਕਦੀ। ਉਨ੍ਹਾਂ ਦੱਸਿਆ ਕਿ 16 ਅਗਸਤ ਨੂੰ ਇੰਡੀਆਨਾ ਅਮਰੀਕਾ ਵਿੱਚ ਅਤੇ 18 ਅਕਤੂਬਰ ਨੂੰ ਐਡਮੰਟਨ ਅਲਬਰਟਾ ਵਿੱਚ ਖਾਲਿਸਤਾਨ ਰੈਫਰੈਂਡਮ ਲਈ ਵੋਟਾਂ ਪੈਣਗੀਆਂ। ਉਨ੍ਹਾਂ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰਨ।
ਇਸ ਮੌਕੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਵਾਈਸ ਪ੍ਰਧਾਨ ਭਾਈ ਗੁਰਮੀਤ ਸਿੰਘ ਗਿੱਲ, ਭਾਈ ਗੁਰਮੀਤ ਸਿੰਘ ਤੂਰ, ਭਾਈ ਨਰਿੰਦਰ ਸਿੰਘ ਰੰਧਾਵਾ, ਭਾਈ ਅਵਤਾਰ ਸਿੰਘ ਖਹਿਰਾ, ਇੰਦਰਜੀਤ ਸਿੰਘ ਬੈਂਸ, ਭਾਈ ਕਰਨੈਲ ਸਿੰਘ ਟੁੱਟ, ਭਾਈ ਰਣਜੀਤ ਸਿੰਘ ਚਾਹਲ, ਭਾਈ ਇੰਦਰਜੀਤ ਸਿੰਘ ਬੈਂਸ, ਭਾਈ ਮਨਜਿੰਦਰ ਸਿੰਘ, ਭਾਈ ਅਜੈਪਾਲ ਸਿੰਘ, ਭਾਈ ਦਲਜੀਤ ਸਿੰਘ, ਭਾਈ ਰਜਿੰਦਰ ਸਿੰਘ, ਭਾਈ ਜੈਕ ਸਿੱਧੂ, ਭਾਈ ਰਜਿੰਦਰ ਸਿੰਘ ਨੱਤ ਅਤੇ ਭਾਈ ਸਰਬਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।

ਇਸੇ ਤਰ੍ਹਾਂ ਜਰਮਨੀ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ ਵੱਲੋਂ ਭਾਰਤੀ ਕੌਂਸਲੇਟ ਫਰੈਂਕਫਰਟ ਸਾਹਮਣੇ ਰੋਹ ਮੁਜ਼ਾਹਰਾ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਜੂਨ 1984 'ਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਧਾਮਾਂ ਉੱਤੇ ਭਾਰਤੀ ਫੌਜ ਵੱਲੋਂ ਕੀਤਾ ਗਿਆ ਹਮਲਾ ਸਿੱਖ ਕੌਮ ਦੇ ਹਿਰਦਿਆਂ 'ਚ ਅੱਜ ਵੀ ਤਾਜ਼ਾ ਜ਼ਖ਼ਮ ਵਾਂਗ ਮੌਜੂਦ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਜੂਨ ਮਹੀਨੇ ਇਹ ਦਰਦ ਮੁੜ ਉੱਭਰਦਾ ਹੈ ਅਤੇ ਕੌਮ ਨੂੰ ਆਪਣੇ ਸ਼ਹੀਦਾਂ ਦੀ ਯਾਦ ਨਾਲ ਜੋੜਦਾ ਹੈ।
ਫਰੈਂਕਫਰਟ ਵਿਖੇ ਬੁਲਾਰਿਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਬਚਨਾਂ ਅਤੇ ਸ਼ਹੀਦਾਂ ਦੇ ਆਦਰਸ਼ਾਂ ਉੱਤੇ ਪਹਿਰਾ ਦੇਣ ਦਾ ਸੰਕਲਪ ਦੁਹਰਾਇਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਆਪਣੇ ਅਜ਼ਾਦ ਘਰ ਖਾਲਿਸਤਾਨ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖੇਗੀ। ਮੁਜ਼ਾਹਰੇ ਦੌਰਾਨ ਖਾਲਿਸਤਾਨ ਦੇ ਝੰਡੇ ਲਹਿਰਾਏ ਗਏ ਅਤੇ ਸ਼ਹੀਦਾਂ ਦੀ ਯਾਦ ਵਿੱਚ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਭਾਈ ਰੇਸ਼ਮ ਸਿੰਘ ਬੱਬਰ, ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਰਜਿੰਦਰ ਸਿੰਘ ਬੱਬਰ, ਭਾਈ ਜਸਵੰਤ ਸਿੰਘ ਬੱਬਰ, ਭਾਈ ਲਖਵਿੰਦਰ ਸਿੰਘ ਮੱਲੀ, ਭਾਈ ਸੁਖਵਿੰਦਰ ਸਿੰਘ ਕਲੋਨ, ਭਾਈ ਪ੍ਰਤਾਪ ਸਿੰਘ, ਭਾਈ ਪਿਰਥੀਪਾਲ ਸਿੰਘ, ਭਾਈ ਜਗਤਾਰ ਸਿੰਘ ਮਾਹਲ, ਭਾਈ ਦਲਜੀਤ ਸਿੰਘ, ਭਾਈ ਜੁਗਰਾਜ ਸਿੰਘ, ਭਾਈ ਹਰਮੀਤ ਸਿੰਘ ਲੇਹਲ, ਭਾਈ ਅੰਗਰੇਜ਼ ਸਿੰਘ, ਭਾਈ ਅਵਤਾਰ ਸਿੰਘ ਹੁੰਦਲ, ਭਾਈ ਅਵਤਾਰ ਸਿੰਘ ਬੱਬਰ, ਭਾਈ ਗੁਰਬਿੰਦਰ ਸਿੰਘ ਨਡਾਲੋ ਅਤੇ ਭਾਈ ਸੁਖਦੇਵ ਸਿੰਘ ਛੋਟੂ ਸਮੇਤ ਹੋਰ ਪੰਥਕ ਆਗੂ ਹਾਜ਼ਰ ਸਨ।
ਬੁਲਾਰਿਆਂ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਹਰ ਸਾਲ ਸੈਮੀਨਾਰਾਂ, ਗੁਰਮਤਿ ਸਮਾਗਮਾਂ, ਪ੍ਰਦਰਸ਼ਨੀਆਂ ਅਤੇ ਰੋਸ ਮੁਜ਼ਾਹਰਿਆਂ ਰਾਹੀਂ ਜੂਨ 1984 ਦੀ ਯਾਦ ਨੂੰ ਜਿਉਂਦਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਿਰਫ਼ ਸ਼ਰਧਾਂਜਲੀ ਨਹੀਂ, ਸਗੋਂ ਇਨਸਾਫ਼, ਮਨੁੱਖੀ ਅਧਿਕਾਰਾਂ ਅਤੇ ਕੌਮੀ ਸਵੈ-ਨਿਰਣੇ ਦੇ ਹੱਕ ਲਈ ਜਾਰੀ ਸੰਘਰਸ਼ ਦਾ ਪ੍ਰਤੀਕ ਹਨ। ਪ੍ਰੋਗਰਾਮਾਂ ਦੇ ਅੰਤ ਵਿੱਚ ਸਮੂਹ ਸੰਗਤਾਂ ਵੱਲੋਂ ਜੂਨ 1984 ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਕੌਮੀ ਏਕਤਾ, ਚੜ੍ਹਦੀ ਕਲਾ ਅਤੇ ਪੰਥਕ ਸੰਘਰਸ਼ਾਂ ਦੀ ਕਾਮਯਾਬੀ ਲਈ ਅਰਦਾਸ ਕੀਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
