ਬਰਤਾਨਵੀ ਸੰਸਦ ’ਚ ਗੂੰਜਿਆ ਪੰਜਾਬ ਦਾ ਨਸ਼ਾ ਮੁੱਦਾ, ਜਥੇਦਾਰ ਗੜਗੱਜ ਨੇ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ
Wednesday, Oct 28, 2026 - 10:55 PM (IST)
ਲੰਡਨ (ਸਰਬਜੀਤ ਸਿੰਘ ਬਨੂੜ) – ਬਰਤਾਨੀਆ ਦੀ ਸੰਸਦ ਵਿੱਚ ਨਸ਼ਿਆਂ ਵਿਰੁੱਧ ਕੰਮ ਕਰ ਰਹੀ ਯੂਕੇ ਆਧਾਰਿਤ ਸੰਸਥਾ ‘ਸਿੱਖ ਰਿਕਵਰੀ ਨੈੱਟਵਰਕ’ ਦੀ 10ਵੀਂ ਵਰ੍ਹੇਗੰਢ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਮੂਲੀਅਤ ਕਰਦਿਆਂ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਅਤੇ ਇਸ ਨਾਲ ਬਰਬਾਦ ਹੋ ਰਹੀਆਂ ਨੌਜਵਾਨ ਪੀੜ੍ਹੀਆਂ ਦਾ ਮੁੱਦਾ ਉਠਾਇਆ। ਉਨ੍ਹਾਂ ਨਸ਼ਿਆਂ ਦੀ ਵਿਕਰੀ ਰੋਕਣ ਅਤੇ ਨਸ਼ਾ ਛੱਡਣਾ ਚਾਹੁੰਦੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਠੋਸ ਪ੍ਰਬੰਧ ਕਰਨ ਵਿੱਚ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਸਿਰਫ਼ ਨਸ਼ਾ ਛੁਡਾਉਣ ਦੀ ਹੀ ਨਹੀਂ, ਸਗੋਂ ਉਨ੍ਹਾਂ ਨੂੰ ਮੁੜ ਸਨਮਾਨਜਨਕ ਜੀਵਨ ਜਿਊਣ ਦੇ ਯੋਗ ਬਣਾਉਣ ਦੀ ਲੋੜ ਹੈ।
ਬਰਤਾਨਵੀ ਸੰਸਦ ਦੇ ਹਾਊਸ ਆਫ਼ ਕਾਮਨਜ਼ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਵੱਖ-ਵੱਖ ਸੰਸਦ ਮੈਂਬਰਾਂ, ਸਮਾਜ ਸੇਵੀਆਂ ਅਤੇ ਨਸ਼ਿਆਂ ਦੀ ਗ੍ਰਿਫ਼ਤ ਵਿੱਚੋਂ ਬਾਹਰ ਨਿਕਲ ਕੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਵਾਲੇ ਵਿਅਕਤੀਆਂ ਨੇ ਆਪਣੇ ਤਜਰਬੇ ਸਾਂਝੇ ਕੀਤੇ। ਬੁਲਾਰਿਆਂ ਨੇ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਲਈ ਅਜਿਹੇ ਸਮਾਜਿਕ ਉਪਰਾਲਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕੇਵਲ ਕਿਸੇ ਇੱਕ ਵਿਅਕਤੀ ਜਾਂ ਪਰਿਵਾਰ ਤੱਕ ਸੀਮਤ ਨਹੀਂ ਰਹਿੰਦੀ, ਸਗੋਂ ਇਸ ਦਾ ਮਾੜਾ ਪ੍ਰਭਾਵ ਸਮੁੱਚੇ ਸਮਾਜ ਉੱਤੇ ਪੈਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਪੇਟ ਵਿੱਚ ਆਉਣ ਵਾਲੇ ਵਿਅਕਤੀ ਨੂੰ ਨਫ਼ਰਤ ਜਾਂ ਤਿਰਸਕਾਰ ਦੀ ਬਜਾਏ ਪਿਆਰ, ਹਮਦਰਦੀ ਅਤੇ ਸਹਿਯੋਗ ਦੀ ਲੋੜ ਹੁੰਦੀ ਹੈ। ਮਾੜੀ ਸੰਗਤ ਅਤੇ ਨਸ਼ਿਆਂ ਦੀ ਆਸਾਨ ਉਪਲਬਧਤਾ ਵੀ ਨੌਜਵਾਨਾਂ ਨੂੰ ਇਸ ਦਲਦਲ ਵੱਲ ਧੱਕਣ ਦੇ ਵੱਡੇ ਕਾਰਨ ਹਨ।
ਜਥੇਦਾਰ ਨੇ ਕਿਹਾ ਕਿ ਪੰਜਾਬ ਵਿੱਚ ਸ਼ਰਾਬ ਦੇ ਨਾਲ-ਨਾਲ ਚਿੱਟੇ, ਸਿੰਥੈਟਿਕ ਅਤੇ ਮੈਡੀਕਲ ਨਸ਼ਿਆਂ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਨਸ਼ਾ ਕਰਨ ਵਾਲਾ ਵਿਅਕਤੀ ਜਿੱਥੇ ਸਰੀਰਕ ਅਤੇ ਮਾਨਸਿਕ ਤੌਰ ’ਤੇ ਪ੍ਰਭਾਵਿਤ ਹੁੰਦਾ ਹੈ, ਉੱਥੇ ਉਸ ਦੇ ਮਾਪੇ, ਪਤਨੀ, ਬੱਚੇ ਅਤੇ ਪਰਿਵਾਰ ਦੇ ਹੋਰ ਮੈਂਬਰ ਵੀ ਲਗਾਤਾਰ ਤਣਾਅ ਅਤੇ ਮੁਸ਼ਕਲਾਂ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਦੀ ਸਪਲਾਈ ਉੱਤੇ ਹੀ ਪ੍ਰਭਾਵਸ਼ਾਲੀ ਰੋਕ ਲਗਾ ਦਿੱਤੀ ਜਾਵੇ ਤਾਂ ਅਨੇਕਾਂ ਨੌਜਵਾਨਾਂ ਨੂੰ ਇਸ ਮਾਰੂ ਰਸਤੇ ’ਤੇ ਜਾਣ ਤੋਂ ਬਚਾਇਆ ਜਾ ਸਕਦਾ ਹੈ।
ਉਨ੍ਹਾਂ ‘ਸਿੱਖ ਰਿਕਵਰੀ ਨੈੱਟਵਰਕ’ ਵੱਲੋਂ ਪਿਛਲੇ ਦਸ ਸਾਲਾਂ ਦੌਰਾਨ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕਰਦਿਆਂ ਸੰਸਥਾ ਦੇ ਪ੍ਰਬੰਧਕਾਂ ਨੂੰ ਪੰਜਾਬ ਆ ਕੇ ਨਸ਼ਿਆਂ ਤੋਂ ਪੀੜਤ ਨੌਜਵਾਨਾਂ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੰਸਥਾ ਦੇ ਤਜਰਬੇ ਅਤੇ ਕੰਮ ਕਰਨ ਦੇ ਢੰਗ ਨੂੰ ਪੰਜਾਬ ਵਿੱਚ ਲਾਗੂ ਕਰਨ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਇਸ ਮੌਕੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਯਾਦ ਕੀਤਾ ਗਿਆ। ਸਮਾਗਮ ਦੌਰਾਨ ਮੂਲ ਮੰਤਰ ਦੇ ਜਾਪ ਕੀਤੇ ਗਏ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ ਦੇ ਕਤਲ ਮਾਮਲੇ ਵਿੱਚ ਇਨਸਾਫ਼ ਮਿਲਣ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜਿਕ ਕਾਰਕੁਨਾਂ ਦੇ ਸੰਘਰਸ਼ ਦੀ ਸ਼ਲਾਘਾ ਵੀ ਕੀਤੀ।
ਸਿੱਖ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਗੁਰਬਾਣੀ ਸਮੁੱਚੀ ਮਨੁੱਖਤਾ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਉੱਚੇ-ਸੁੱਚੇ ਜੀਵਨ ਦੀ ਪ੍ਰੇਰਨਾ ਦਿੰਦੀ ਹੈ। ਗੁਰਬਾਣੀ ਨਾਲ ਜੁੜ ਕੇ, ਆਪਣੀ ਇੱਛਾ ਸ਼ਕਤੀ ਮਜ਼ਬੂਤ ਕਰਕੇ ਅਤੇ ਸਮਾਜ ਦਾ ਸਹਿਯੋਗ ਪ੍ਰਾਪਤ ਕਰਕੇ ਨਸ਼ਿਆਂ ਦੀ ਗ੍ਰਿਫ਼ਤ ਵਿੱਚੋਂ ਬਾਹਰ ਨਿਕਲਣ ਲਈ ਹੌਸਲਾ ਮਿਲ ਸਕਦਾ ਹੈ। ਉਨ੍ਹਾਂ ਸਿੱਖ ਰਿਕਵਰੀ ਨੈੱਟਵਰਕ ਦੇ ਉਪਰਾਲਿਆਂ ਨੂੰ ਪੀੜਤ ਪਰਿਵਾਰਾਂ ਦੀਆਂ ਜ਼ਿੰਦਗੀਆਂ ਵਿੱਚ ਉਮੀਦ ਦੀ ਰੌਸ਼ਨੀ ਜਗਾਉਣ ਵਾਲਾ ਕਾਰਜ ਦੱਸਿਆ।
ਸਮਾਗਮ ਵਿੱਚ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸਲੌਅ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ , ਸਮੈਥਵਿਕ ਤੋਂ ਸੰਸਦ ਮੈਂਬਰ ਗੁਰਿੰਦਰ ਸਿੰਘ ਜੋਸਨ, ਬਰਮਿੰਘਮ ਤੋਂ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ, ਅਤੇ ਡਡਲੀ ਤੋਂ ਸੰਸਦ ਮੈਂਬਰ ਸੋਨੀਆ ਕੁਮਾਰ ਨੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਸਿੱਖ ਰਿਕਵਰੀ ਨੈੱਟਵਰਕ ਦੇ ਸੰਸਥਾਪਕ ਜਸਵਿੰਦਰ ਸਿੰਘ ਰਾਏ, ਕਾਰਜਕਾਰਨੀ ਬੋਰਡ ਮੈਂਬਰ ਤਰਸੇਮ ਸਿੰਘ, ਕਮਲਦੀਪ ਸਿੰਘ ਸਮਰਾ, ਓਂਕਾਰ ਸਿੰਘ, ਸੁਖਦੀਪ ਸਿੰਘ ਰੰਧਾਵਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਬਰਤਾਨਵੀ ਸੰਸਦ ਦੇ ਦੌਰੇ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਲਾਰਡ ਕੁਲਦੀਪ ਸਿੰਘ ਸਹੋਤਾ ਨੇ ਵੀ ਮੁਲਾਕਾਤ ਕੀਤੀ ਅਤੇ ਵੱਖ-ਵੱਖ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।
