ਕੈਨੇਡਾ ''ਚ ਵਰਕ ਪਰਮਿਟ ਰੱਦ ਹੋਣ ਮਗਰੋਂ ਪੰਜਾਬੀ ਵਿਦਿਆਰਥੀਆਂ ਦਾ ਕੈਲਗਰੀ ''ਚ ਧਰਨਾ ਜਾਰੀ, ਭਵਿੱਖ ਖਤਰੇ ''ਚ

Thursday, Jul 30, 2026 - 09:10 PM (IST)

ਕੈਨੇਡਾ ''ਚ ਵਰਕ ਪਰਮਿਟ ਰੱਦ ਹੋਣ ਮਗਰੋਂ ਪੰਜਾਬੀ ਵਿਦਿਆਰਥੀਆਂ ਦਾ ਕੈਲਗਰੀ ''ਚ ਧਰਨਾ ਜਾਰੀ, ਭਵਿੱਖ ਖਤਰੇ ''ਚ

ਕੈਲਗਰੀ (ਸਰਬਜੀਤ ਸਿੰਘ ਬਨੂੜ) - ਚੰਗੇ ਭਵਿੱਖ ਅਤੇ ਪੱਕੀ ਇਮੀਗ੍ਰੇਸ਼ਨ ਦੀ ਆਸ ਨਾਲ ਕੈਨੇਡਾ ਪਹੁੰਚੇ ਸੈਂਕੜੇ ਪੰਜਾਬੀ ਵਿਦਿਆਰਥੀ ਅੱਜ ਆਪਣੇ ਭਵਿੱਖ ਨੂੰ ਲੈ ਕੇ ਡੂੰਘੀ ਚਿੰਤਾ ਵਿੱਚ ਹਨ। ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਲਈ ਕੀਤੀਆਂ ਅਰਜ਼ੀਆਂ ਰੱਦ ਹੋਣ ਤੋਂ ਬਾਅਦ ਕੈਲਗਰੀ ਵਿੱਚ ਵੱਡੀ ਗਿਣਤੀ ਅੰਤਰਰਾਸ਼ਟਰੀ ਵਿਦਿਆਰਥੀ ਲਗਾਤਾਰ ਧਰਨੇ ’ਤੇ ਬੈਠੇ ਹਨ। ਪ੍ਰਦਰਸ਼ਨਕਾਰੀਆਂ ਵਿੱਚ ਵੱਡੀ ਗਿਣਤੀ ਪੰਜਾਬੀ ਵਿਦਿਆਰਥੀਆਂ ਦੀ ਹੈ।

ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੈਨੇਡਾ ਵਿੱਚ ਪੜ੍ਹਾਈ ਲਈ ਹਜ਼ਾਰਾਂ ਡਾਲਰ ਖਰਚੇ ਅਤੇ ਉਸ ਸਮੇਂ ਦੀਆਂ ਨੀਤੀਆਂ ਦੇ ਆਧਾਰ ’ਤੇ ਉਨ੍ਹਾਂ ਨੂੰ ਉਮੀਦ ਸੀ ਕਿ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵਰਕ ਪਰਮਿਟ ਮਿਲੇਗਾ ਪਰ ਹੁਣ ਅਰਜ਼ੀਆਂ ਰੱਦ ਹੋਣ ਕਾਰਨ ਉਨ੍ਹਾਂ ਦਾ ਭਵਿੱਖ ਖਤਰੇ ਵਿੱਚ ਪੈ ਗਿਆ ਹੈ। ਕਈ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਨਾ ਤਾਂ ਉਹ ਪੱਕੇ ਤੌਰ ’ਤੇ ਕੈਨੇਡਾ ਵਿੱਚ ਰਹਿ ਸਕਦੇ ਹਨ ਅਤੇ ਨਾ ਹੀ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਦੇ ਹਨ।

PunjabKesari

ਸਥਾਨਕ ਮੀਡੀਆ ਅਨੁਸਾਰ ਇਹ ਪ੍ਰਦਰਸ਼ਨ ਕਈ ਦਿਨਾਂ ਤੋਂ ਜਾਰੀ ਹੈ। ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਕੁਝ ਵਿਦਿਆਰਥੀਆਂ ਨੇ ਭੁੱਖ ਹੜਤਾਲ ਵੀ ਕੀਤੀ, ਜਿਸ ਨਾਲ ਸਰਕਾਰ ’ਤੇ ਦਬਾਅ ਬਣਿਆ। ਬਾਅਦ ਵਿੱਚ ਸਥਾਨਕ ਭਾਈਚਾਰੇ ਦੇ ਆਗੂਆਂ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ।

ਵਿਦਿਆਰਥੀ ਕੈਨੇਡਾ ਦੀ ਇਮੀਗ੍ਰੇਸ਼ਨ ਅਥਾਰਟੀ ਕੋਲੋਂ ਆਪਣੇ ਕੇਸਾਂ ਦੀ ਮੁੜ ਸਮੀਖਿਆ ਕਰਨ ਅਤੇ ਯੋਗ ਉਮੀਦਵਾਰਾਂ ਨੂੰ ਰਾਹਤ ਦੇਣ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ, ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਦਾ ਕਹਿਣਾ ਹੈ ਕਿ ਵਰਕ ਪਰਮਿਟ ਸਬੰਧੀ ਫ਼ੈਸਲੇ ਮੌਜੂਦਾ ਯੋਗਤਾ ਨਿਯਮਾਂ ਅਤੇ ਇਮੀਗ੍ਰੇਸ਼ਨ ਨੀਤੀ ਦੇ ਆਧਾਰ ’ਤੇ ਕੀਤੇ ਜਾ ਰਹੇ ਹਨ।

PunjabKesari

ਇਸ ਦੌਰਾਨ ਕਈ ਵਿਦਿਆਰਥੀਆਂ ਅਤੇ ਭਾਈਚਾਰੇ ਦੇ ਮੈਂਬਰਾਂ ਨੇ ਇਹ ਵੀ ਸਵਾਲ ਉਠਾਏ ਹਨ ਕਿ ਇਸ ਸੰਕਟ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਦੇ ਹੱਕ ਵਿੱਚ ਭਾਰਤ ਸਰਕਾਰ ਵੱਲੋਂ ਕੋਈ ਪ੍ਰਭਾਵਸ਼ਾਲੀ ਦਖ਼ਲ ਨਜ਼ਰ ਨਹੀਂ ਆ ਰਿਹਾ। ਉੱਧਰ, ਭਾਈ ਹਰਦੀਪ ਸਿੰਘ ਨਿੱਜਰ ਦੇ ਕਤਲ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਿਕ ਤਣਾਅ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸੇ ਦੌਰਾਨ ਉੱਤਰੀ ਅਮਰੀਕਾ ਅਤੇ ਯੂਰਪ ਵਿੱਚ ਸਰਗਰਮ ਕੁਝ ਕਥਿਤ ਅਪਰਾਧਿਕ ਗਿਰੋਹਾਂ ਖ਼ਿਲਾਫ਼ ਕੈਨੇਡਾ, ਅਮਰੀਕਾ ਅਤੇ ਹੋਰ ਦੇਸ਼ਾਂ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਕਾਰਵਾਈ ਤੇਜ਼ ਕੀਤੀ ਹੈ। ਇਨ੍ਹਾਂ ਮਾਮਲਿਆਂ ਵਿੱਚ ਕੁਝ ਪੰਜਾਬੀ ਮੂਲ ਦੇ ਵਿਅਕਤੀਆਂ ਦੇ ਨਾਮ ਵੀ ਸਾਹਮਣੇ ਆਏ ਹਨ ਅਤੇ ਕਈ ਮਾਮਲਿਆਂ ਵਿੱਚ ਸ਼ੱਕੀ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਇਨਾਮ ਐਲਾਨ ਕਰਕੇ ਸਥਾਨਕ ਭਾਈਚਾਰੇ ਤੋਂ ਜਾਣਕਾਰੀ ਦੀ ਅਪੀਲ ਕੀਤੀ ਗਈ ਹੈ। 

ਹਾਲਾਂਕਿ, ਇਨ੍ਹਾਂ ਅਪਰਾਧਿਕ ਜਾਂਚਾਂ ਦਾ ਕੈਲਗਰੀ ਵਿੱਚ ਵਰਕ ਪਰਮਿਟ ਰੱਦ ਹੋਣ ਦੇ ਮਾਮਲੇ ਨਾਲ ਕੋਈ ਸਿੱਧਾ ਸਬੰਧ ਸਥਾਪਤ ਨਹੀਂ ਕੀਤਾ ਗਿਆ ਪਰ ਕੈਨੇਡਾ ਸਰਕਾਰ ਵੱਲੋਂ ਲਗਾਤਾਰ ਪਿਛਲੇ ਕੁਝ ਸਮੇਂ ਦੌਰਾਨ ਇਮੀਗ੍ਰੇਸ਼ਨ ਨੀਤੀਆਂ ਵਿੱਚ ਕੀਤੀਆਂ ਤਬਦੀਲੀਆਂ ਅਤੇ ਵਰਕ ਪਰਮਿਟ ਨਿਯਮਾਂ ਦੀ ਸਖ਼ਤੀ ਕਾਰਨ ਹਜ਼ਾਰਾਂ ਅੰਤਰਰਾਸ਼ਟਰੀ ਵਿਦਿਆਰਥੀ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿੱਚ ਪੰਜਾਬੀ ਵਿਦਿਆਰਥੀਆਂ ਦੀ ਗਿਣਤੀ ਵੀ ਕਾਫ਼ੀ ਵੱਧ ਦੱਸੀ ਜਾ ਰਹੀ ਹੈ।


author

Inder Prajapati

Content Editor

Related News