ਸਾਵਧਾਨ! RED FM ਟੋਰਾਂਟੋ ਦੀ ਹੋਸਟ ਦੀ ਤਸਵੀਰ ਦੀ ਹੋ ਰਹੀ ਦੁਰਵਰਤੋਂ; ਗਲਤ ਅਫਵਾਹਾਂ ਤੋਂ ਬਚਣ ਦੀ ਅਪੀਲ
Saturday, Apr 18, 2026 - 12:27 AM (IST)
ਟੋਰਾਂਟੋ : ਕੈਨੇਡਾ ਦੇ ਮਸ਼ਹੂਰ ਰੇਡੀਓ ਸਟੇਸ਼ਨ ਰੈੱਡ ਐਫ.ਐਮ. (RED FM) ਟੋਰਾਂਟੋ ਦੀ ਹੋਸਟ ਤਰਨਜੀਤ ਕੌਰ ਘੁੰਮਣ ਵੱਲੋਂ ਸੋਸ਼ਲ ਮੀਡੀਆ 'ਤੇ ਹੋ ਰਹੀ ਉਨ੍ਹਾਂ ਦੀ ਤਸਵੀਰ ਦੀ ਦੁਰਵਰਤੋਂ ਨੂੰ ਲੈ ਕੇ ਇੱਕ ਅਹਿਮ ਸਪਸ਼ਟੀਕਰਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਸਾਫ਼ ਕੀਤਾ ਹੈ ਕਿ ਉਨ੍ਹਾਂ ਦੀ ਇੱਕ AI-ਜਨਰੇਟਿਡ ਤਸਵੀਰ ਨੂੰ ਕਿਸੇ ਹੋਰ ਵਿਅਕਤੀ ਨਾਲ ਸਬੰਧਤ ਖ਼ਬਰਾਂ ਵਿੱਚ ਗਲਤ ਤਰੀਕੇ ਨਾਲ ਜੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।
ਤਰਨਜੀਤ ਕੌਰ ਘੁੰਮਣ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੁਝ ਸੋਸ਼ਲ ਮੀਡੀਆ ਪੇਜਾਂ ਅਤੇ ਗਰੁੱਪਾਂ ਵੱਲੋਂ ਉਨ੍ਹਾਂ ਦੀ ਤਸਵੀਰ ਦੀ ਵਰਤੋਂ ਅਜਿਹੀਆਂ ਖ਼ਬਰਾਂ ਲਈ ਕੀਤੀ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਇਸ ਮਾਮਲੇ ਤੋਂ ਪੂਰੀ ਤਰ੍ਹਾਂ ਅਲੱਗ ਹਨ ਅਤੇ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਇਨ੍ਹਾਂ ਗੱਲਾਂ ਵਿੱਚ ਕੋਈ ਸੱਚਾਈ ਨਹੀਂ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਅਜਿਹੀਆਂ ਗੁੰਮਰਾਹਕੁੰਨ ਪੋਸਟਾਂ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਤਰਨਜੀਤ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਸੋਸ਼ਲ ਮੀਡੀਆ 'ਤੇ ਅਜਿਹੀ ਕੋਈ ਵੀ ਗਲਤ ਪੋਸਟ ਦੇਖਦੇ ਹਨ, ਤਾਂ ਉਸ ਨੂੰ ਤੁਰੰਤ ਰਿਪੋਰਟ ਅਤੇ ਫਲੈਗ ਕਰਨ ਤਾਂ ਜੋ ਗਲਤ ਜਾਣਕਾਰੀ ਅਤੇ ਅਫਵਾਹਾਂ ਦੇ ਪਾਸਾਰ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ਦੀ ਵਰਤੋਂ ਜ਼ਿੰਮੇਵਾਰੀ ਨਾਲ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸੇ ਦੇ ਅਕਸ ਨੂੰ ਨੁਕਸਾਨ ਨਾ ਪਹੁੰਚੇ।
