ਬ੍ਰਿਸਬੇਨ ਸਿਟੀ ''ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ

11/17/2019 9:02:28 PM

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)- ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਸਿਟੀ ਦੇ ਕਿੰਗ ਜਾਰਜ ਸਕਵੇਅਰ ਵਿਖੇ ਗੁਰਦੁਆਰਾ ਬ੍ਰਿਸਬੇਨ ਸਿੱਖ ਟੈਂਪਲ ਲੋਗਨ ਰੋਡ, ਗੁਰੂ ਨਾਨਕ ਸਿੱਖ ਟੈਂਪਲ ਇਨਾਲਾ, ਗੁਰਦੁਆਰਾ ਸਿੰਘ ਸਭਾ ਟਾਇਗਮ, ਪੰਜਾਬੀ ਵੈੱਲਫੇਅਰ ਐਸੋਸੀਏਸ਼ਨ ਆਸਟ੍ਰੇਲੀਆ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਭਾਈ ਗੁਰਤੇਜ ਸਿੰਘ, ਸਤਵਿੰਦਰ ਸਿੰਘ, ਭਾਈ ਹਰਕੀਰਤ ਸਿੰਘ, ਭਾਈ ਸੁਖਵਿੰਦਰ ਸਿੰਘ ਤੇ ਸੁਰਿੰਦਰ ਸਿੰਘ ਅਤੇ ਭਾਈ ਕਾਰਜ ਸਿੰਘ ਆਦਿ ਦੇ ਪੰਥ ਪ੍ਰਸਿੱਧ ਰਾਗੀ ਤੇ ਢਾਡੀ ਜੱਥਿਆਂ ਅਤੇ ਬੱਚਿਆਂ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਕਥਾ ਵਿਚਾਰਾਂ ਦੁਆਰਾ ਗੁਰੂ ਸਾਹਿਬ ਜੀ ਦੇ ਜੀਵਨ ਫਲਸਫ਼ੇ ਬਾਰੇ ਚਾਨਣਾ ਪਾਉਦਿਆਂ ਸੰਗਤਾਂ ਨੂੰ ਨਿਹਾਲ ਕੀਤਾ।

ਸੇਵਾਦਾਰ ਪਿੰਕੀ ਸਿੰਘ, ਸੁਰਿੰਦਰ ਸਿੰਘ, ਹਰਜਿੰਦਰ ਰੰਧਾਵਾ, ਜਤਿੰਦਰ ਰੀਹਲ ਅਤੇ ਦੀਪਇੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਵੰਡ ਛੱਕੋ, ਸੱਚਾ-ਸੁੱਚਾ ਜੀਵਨ ਜਿਊਣ ਤੇ ਗੁਰੂ ਸਾਹਿਬ ਵਲੋਂ ਚਲਾਈ ਗਈ ਲੰਗਰ ਪ੍ਰਥਾ, ਅਧਿਆਤਮਕ ਜੀਵਨ ਫ਼ਲਸਫੇ, ਸਿੱਖਿਆਵਾਂ ਬਾਰੇ ਵਿਸ਼ੇਸ਼ ਤੌਰ 'ਤੇ ਕਿਤਾਬਚਾ ਵੰਡ ਕੇ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ ਨੂੰ ਗੌਰਵਮਈ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਕੌਂਸਲਰ ਐਂਜਲਾ ਓਵਨ ਤੇ ਰਵਿੰਦਰ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਦਰਸਾਏ ਹੋਏ ਮਾਰਗ 'ਤੇ ਚੱਲ ਕੇ ਸਾਂਝੀਵਾਲਤਾ ਅਤੇ ਸਮੁੱਚੀ ਮਨੁੱਖਤਾ ਦੇ ਭਲਾਈ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਵਿਦੇਸ਼ਾਂ 'ਚ ਵੱਸਦੇ ਬਹੁ-ਸੱਭਿਅਕ ਸਮਾਜ ਵਿਚ ਭਾਈਚਾਰਕ ਏਕਤਾ ਤੇ ਮਿਲਵਰਤਣ ਦੇ ਨਾਲ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ, ਜੋ ਕਿ ਅਜੋਕੇ ਦੌਰ ਵਿਚ ਬਹੁਤ ਹੀ ਜ਼ਰੂਰੀ ਹੈ। ਇਸ ਮੌਕੇ ਸਿੱਖ ਸੰਗਤਾਂ ਤੋਂ ਇਲਾਵਾ ਸਿਆਸੀ, ਸਮਾਜਿਕ ਤੇ ਧਾਰਮਿਕ ਸ਼ਖਸੀਅਤਾਂ ਵੀ ਹਾਜ਼ਰ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਡੋਨੇਟ ਲਾਈਫ ਤੇ ਮਾਝਾ ਯੂਥ ਕਲੱਬ ਵਲੋਂ ਅੰਗ ਦਾਨ ਅਤੇ ਖੂਨ ਦਾਨ ਕਰਨ ਲਈ ਰਜਿਸਟ੍ਰੇਸ਼ਨ ਵੀ ਕੀਤੀ ਗਈ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।

Sunny Mehra

This news is Content Editor Sunny Mehra