'ਤੁਰੰਤ ਹਮਲੇ ਰੋਕਣ ਅਮਰੀਕਾ-ਇਜ਼ਰਾਈਲ', ਈਰਾਨ 'ਤੇ ਹਮਲੇ ਵਿਚਾਲੇ ਰੂਸ ਦੀ ਚਿਤਾਵਨੀ
Saturday, Feb 28, 2026 - 05:54 PM (IST)
ਤੇਹਰਾਨ/ਵਾਸ਼ਿੰਗਟਨ: ਮੱਧ ਪੂਰਬ 'ਚ ਜੰਗ ਦੇ ਬੱਦਲ ਹੋਰ ਗੂੜ੍ਹੇ ਹੋ ਗਏ ਹਨ। ਇਜ਼ਰਾਈਲ ਨੇ ਅਮਰੀਕਾ ਦੇ ਨਾਲ ਮਿਲ ਕੇ ਈਰਾਨ ਵਿਰੁੱਧ ਇੱਕ ਵੱਡੀ ਫੌਜੀ ਕਾਰਵਾਈ ਸ਼ੁਰੂ ਕੀਤੀ ਹੈ, ਜਿਸ ਨੂੰ 'ਆਪਰੇਸ਼ਨ ਲਾਇਨਜ਼ ਰੋਰ' (ਸ਼ੇਰ ਦੀ ਦਹਾੜ) ਦਾ ਨਾਂ ਦਿੱਤਾ ਗਿਆ ਹੈ। ਇਸ ਸਾਂਝੇ ਫੌਜੀ ਐਕਸ਼ਨ ਤੋਂ ਬਾਅਦ ਪੂਰੇ ਖੇਤਰ ਵਿੱਚ ਭਾਰੀ ਤਣਾਅ ਪੈਦਾ ਹੋ ਗਿਆ ਹੈ।
ਰੂਸ ਨੇ ਦਿੱਤੀ ਚਿਤਾਵਨੀ
ਦੂਜੇ ਪਾਸੇ, ਰੂਸ ਨੇ ਇਸ ਸਥਿਤੀ 'ਤੇ ਚਿੰਤਾ ਜ਼ਾਹਿਰ ਕਰਦਿਆਂ ਅਮਰੀਕਾ ਅਤੇ ਇਜ਼ਰਾਈਲ ਨੂੰ ਤੁਰੰਤ ਹਮਲੇ ਰੋਕਣ ਦੀ ਅਪੀਲ ਕੀਤੀ ਹੈ। ਰੂਸੀ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਹਮਲਿਆਂ ਨੂੰ "ਗੈਰ-ਜ਼ਿੰਮੇਵਾਰਾਨਾ ਕਾਰਵਾਈ" ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਖੇਤਰ ਵਿੱਚ ਅਸਥਿਰਤਾ ਵਧੇਗੀ। ਰੂਸ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਅਤੇ ਸਿਆਸੀ ਹੱਲ ਕੱਢਣ ਦੀ ਅਪੀਲ ਕੀਤੀ ਹੈ।
ਈਰਾਨ ਦੇ ਅਹਿਮ ਟਿਕਾਣਿਆਂ 'ਤੇ ਹਮਲਾ
ਇਜ਼ਰਾਈਲ ਨੇ ਸ਼ਨੀਵਾਰ ਸਵੇਰੇ ਈਰਾਨ ਦੀ ਰਾਜਧਾਨੀ ਤੇਹਰਾਨ ਸਮੇਤ ਕਈ ਪ੍ਰਮੁੱਖ ਸ਼ਹਿਰਾਂ 'ਤੇ ਹਮਲੇ ਕੀਤੇ। ਸੂਤਰਾਂ ਅਨੁਸਾਰ, ਇਨ੍ਹਾਂ ਹਮਲਿਆਂ ਵਿੱਚ ਈਰਾਨ ਦੇ ਖੁਫੀਆ ਮੰਤਰਾਲੇ, ਰੱਖਿਆ ਮੰਤਰਾਲੇ, ਅਤੇ ਪਰਮਾਣੂ ਊਰਜਾ ਸੰਗਠਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇੱਥੋਂ ਤੱਕ ਕਿ ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਖਾਮੇਨੇਈ ਦੇ ਦਫ਼ਤਰ 'ਤੇ ਵੀ ਹਮਲਾ ਹੋਣ ਦੀ ਖ਼ਬਰ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕਿਸੇ ਸੁਰੱਖਿਅਤ ਥਾਂ 'ਤੇ ਸ਼ਿਫਟ ਕਰ ਦਿੱਤਾ ਗਿਆ ਹੈ।
ਈਰਾਨ ਦਾ ਵੱਡਾ ਪਲਟਵਾਰ
ਇਜ਼ਰਾਈਲੀ ਹਮਲਿਆਂ ਦੇ ਜਵਾਬ 'ਚ ਈਰਾਨ ਨੇ ਵੀ ਭਾਰੀ ਜਵਾਬੀ ਕਾਰਵਾਈ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਰਾਨ ਨੇ ਇਜ਼ਰਾਈਲ 'ਤੇ ਲਗਭਗ 400 ਮਿਜ਼ਾਈਲਾਂ ਦਾਗੀਆਂ ਹਨ। ਇਰਾਨ ਨੇ ਸਿਰਫ਼ ਇਜ਼ਰਾਈਲ ਨੂੰ ਹੀ ਨਹੀਂ, ਸਗੋਂ ਕੁਵੈਤ, ਕਤਰ, ਬਹਿਰੀਨ ਅਤੇ ਸਊਦੀ ਅਰਬ ਵਿੱਚ ਮੌਜੂਦ ਅਮਰੀਕੀ ਫੌਜੀ ਟਿਕਾਣਿਆਂ ਨੂੰ ਵੀ ਨਿਸ਼ਾਨਾ ਬਣਾਇਆ ਹੈ। ਇਸ ਤੋਂ ਇਲਾਵਾ UAE ਦੇ ਪ੍ਰਮੁੱਖ ਸ਼ਹਿਰ ਦੁਬਈ 'ਤੇ ਵੀ ਹਮਲਾ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ।
ਟਰੰਪ ਦਾ ਬਿਆਨ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਹਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਕਾਰਵਾਈ ਦਾ ਮੁੱਖ ਮਕਸਦ ਅਮਰੀਕਾ ਅਤੇ ਉਸ ਦੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਫੌਜ ਈਰਾਨ ਦੇ ਮਿਜ਼ਾਈਲ ਪ੍ਰੋਗਰਾਮ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਹਮਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਦੋਵਾਂ ਦੇਸ਼ਾਂ ਵਿਚਾਲੇ ਪਰਮਾਣੂ ਹਥਿਆਰਾਂ ਨੂੰ ਲੈ ਕੇ ਗੱਲਬਾਤ ਚੱਲ ਰਹੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
