''ਅੰਤਰਰਾਸ਼ਟਰੀ ਕਾਨੂੰਨ ਹੁਣ ਖ਼ਤਮ...'', ਈਰਾਨ-ਅਮਰੀਕਾ ਜੰਗ ''ਤੇ ਗਰਮ ਹੋ ਗਿਆ Russia

Sunday, Mar 08, 2026 - 08:01 PM (IST)

''ਅੰਤਰਰਾਸ਼ਟਰੀ ਕਾਨੂੰਨ ਹੁਣ ਖ਼ਤਮ...'', ਈਰਾਨ-ਅਮਰੀਕਾ ਜੰਗ ''ਤੇ ਗਰਮ ਹੋ ਗਿਆ Russia

ਮਾਸਕੋ : ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਦੇ ਵਿਚਕਾਰ ਰੂਸ ਨੇ ਇੱਕ ਬਹੁਤ ਵੱਡਾ ਬਿਆਨ ਜਾਰੀ ਕੀਤਾ ਹੈ। ਈਰਾਨ ਉੱਤੇ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਕੀਤੇ ਗਏ ਹਮਲਿਆਂ ਤੋਂ ਬਾਅਦ ਰੂਸ ਨੇ ਕਿਹਾ ਹੈ ਕਿ ਜਿਸ 'ਅੰਤਰਰਾਸ਼ਟਰੀ ਕਾਨੂੰਨ' ਦੀ ਦੁਨੀਆ ਗੱਲ ਕਰਦੀ ਹੈ, ਉਹ ਹੁਣ ਲਗਭਗ ਖ਼ਤਮ ਹੋ ਚੁੱਕਾ ਹੈ। ਇਸ ਵਿਗੜਦੇ ਮਾਹੌਲ ਨੂੰ ਦੇਖਦੇ ਹੋਏ ਰੂਸ ਨੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਉਸ ਪੁਰਾਣੇ ਪ੍ਰਸਤਾਵ ਨੂੰ ਮੁੜ ਦੁਹਰਾਇਆ ਹੈ, ਜਿਸ ਵਿੱਚ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੇ ਪੰਜ ਸਥਾਈ ਮੈਂਬਰਾਂ (P-5) ਦੀ ਬੈਠਕ ਬੁਲਾਉਣ ਦੀ ਗੱਲ ਕਹੀ ਗਈ ਸੀ।

ਸਿਰਫ਼ ਕਾਗਜ਼ਾਂ ਤੱਕ ਸੀਮਤ ਰਹਿ ਗਿਆ ਹੈ ਕਾਨੂੰਨ 
ਕ੍ਰੇਮਲਿਨ ਦੇ ਬੁਲਾਰੇ ਦਿਮਿਤਰੀ ਪੇਸਕੋਵ ਨੇ ਰੂਸੀ ਸਰਕਾਰੀ ਟੀਵੀ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਅੱਜ ਦੇ ਦੌਰ ਵਿੱਚ ਅੰਤਰਰਾਸ਼ਟਰੀ ਕਾਨੂੰਨ ਸਿਰਫ਼ ਕਿਤਾਬਾਂ ਜਾਂ ਕਾਗਜ਼ਾਂ (De Jure) ਵਿੱਚ ਹੀ ਰਹਿ ਗਿਆ ਹੈ, ਜਦਕਿ ਜ਼ਮੀਨੀ ਹਕੀਕਤ (De Facto) ਵਿੱਚ ਇਸ ਦਾ ਕੋਈ ਵਜੂਦ ਨਹੀਂ ਬਚਿਆ। ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਕਾਨੂੰਨ ਦਾ ਕੋਈ ਵਜੂਦ ਹੀ ਨਹੀਂ ਰਿਹਾ, ਤਾਂ ਕਿਸੇ ਨੂੰ ਇਸ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਕਿਵੇਂ ਕਿਹਾ ਜਾ ਸਕਦਾ ਹੈ?

ਪੁਤਿਨ ਨੇ ਦਿੱਤਾ ਸੀ P-5 ਦੇਸ਼ਾਂ ਦੀ ਬੈਠਕ ਦਾ ਸੁਝਾਅ 
ਰੂਸ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਦੁਨੀਆ ਦੀਆਂ ਪੰਜ ਵੱਡੀਆਂ ਤਾਕਤਾਂ-ਰੂਸ, ਅਮਰੀਕਾ, ਚੀਨ, ਫਰਾਂਸ ਅਤੇ ਬ੍ਰਿਟੇਨ ਨੂੰ ਇੱਕ ਮੰਚ 'ਤੇ ਇਕੱਠੇ ਬੈਠਣਾ ਚਾਹੀਦਾ ਹੈ। ਪੇਸਕੋਵ ਅਨੁਸਾਰ, ਕੋਰੋਨਾ ਮਹਾਂਮਾਰੀ ਤੋਂ ਪਹਿਲਾਂ ਵੀ ਪੁਤਿਨ ਨੇ ਵਿਸ਼ਵ ਸੁਰੱਖਿਆ ਅਤੇ ਸਥਿਰਤਾ 'ਤੇ ਚਰਚਾ ਕਰਨ ਲਈ ਇਹ ਪ੍ਰਸਤਾਵ ਦਿੱਤਾ ਸੀ, ਜਿਸ 'ਤੇ ਹੁਣ ਗੌਰ ਕਰਨਾ ਬਹੁਤ ਜ਼ਰੂਰੀ ਹੋ ਗਿਆ ਹੈ।

ਵਿਸ਼ਵ ਲਈ ਆਰਥਿਕ ਅਤੇ ਸਿਆਸੀ ਸੰਕਟ ਦਾ ਖ਼ਤਰਾ 
ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਇਸ ਸਥਿਤੀ ਲਈ ਸਿੱਧੇ ਤੌਰ 'ਤੇ ਅਮਰੀਕਾ ਨੂੰ ਨਿਸ਼ਾਨੇ 'ਤੇ ਲਿਆ ਹੈ। ਰੂਸ ਨੇ ਚਿਤਾਵਨੀ ਦਿੱਤੀ ਹੈ ਕਿ ਈਰਾਨ 'ਤੇ ਹੋ ਰਹੇ ਹਮਲਿਆਂ ਕਾਰਨ ਸਥਿਤੀ ਹੱਥੋਂ ਨਿਕਲ ਰਹੀ ਹੈ, ਜਿਸ ਦੇ ਨਤੀਜੇ ਵਜੋਂ ਪੂਰੀ ਦੁਨੀਆ ਨੂੰ ਵੱਡੇ ਆਰਥਿਕ ਅਤੇ ਸਿਆਸੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਲਾਵਰੋਵ ਨੇ ਮੰਗ ਕੀਤੀ ਕਿ ਅਮਰੀਕਾ ਨੂੰ ਆਪਣੀਆਂ ਉਨ੍ਹਾਂ ਯੋਜਨਾਵਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ, ਜਿਨ੍ਹਾਂ ਕਾਰਨ ਅਜਿਹੇ ਹਾਲਾਤ ਬਣ ਰਹੇ ਹਨ।

ਰੂਸ ਦਾ ਮੰਨਣਾ ਹੈ ਕਿ ਹੁਣ ਉਹ ਸਮਾਂ ਆ ਗਿਆ ਹੈ ਜਦੋਂ ਸਾਨੂੰ ਇਹ ਪਰਿਭਾਸ਼ਿਤ ਕਰਨਾ ਹੋਵੇਗਾ ਕਿ ਅਸੀਂ ਕਿਸ ਤਰ੍ਹਾਂ ਦੀ ਦੁਨੀਆ ਵਿੱਚ ਰਹਿ ਰਹੇ ਹਾਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News