ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾਇਆ

06/15/2017 3:13:49 PM

ਮਿਲਾਨ/ਇਟਲੀ (ਸਾਬੀ ਚੀਨੀਆ)— ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਂਦੇ ਹੋਏ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਚੜ੍ਹਦੀ ਕਲਾ ਸਪੋਰਟਸ ਕਲੱਬ ਵਲੋਂ ਵਿਸ਼ਾਲ ਸ਼ਹੀਦੀ ਸਮਾਗਮ ਕਰਵਾਇਆ ਗਿਆ, ਜਿਸ 'ਚ ਦੂਰੋਂ ਪੁੱਜੀਆਂ ਸੰਗਤਾਂ ਨੇ ਹਾਜ਼ਰੀਆਂ ਭਰਦੇ ਗੁਰੂ ਸਾਹਿਬ ਨੂੰ ਨਤਮਸਤਕ ਹੁੰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਭਾਈ ਜੀਵਨ ਸਿੰਘ ਦੇ ਜੱਥੇ ਵਲੋਂ ਸ਼ਬਦ ਕੀਰਤਨ ਰਾਹੀਂ ਹਾਜ਼ਰੀਆਂ ਭਰੀਆਂ ਗਈਆਂ ਜਦੋਂ ਕਿ ਨੌਜਵਾਨਾਂ ਵਲੋਂ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ। ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਭਾਈ ਸਾਹਿਬ ਨੇ ਆਖਿਆ ਕਿ ਗੁਰੂ ਅਰਜਨ ਸਾਹਿਬ ਦੀ ਸ਼ਹੀਦੀ ਨਾਲ ਸਿੱਖ ਕੌਮ ਅੰਦਰ ਸ਼ਹੀਦੀ ਜਜ਼ਬਾ ਜਾਗਿਆ ਤੇ ਅੱਜ ਵੀ ਗੁਰੂ ਪਿਆਰੇ ਲੋੜ ਪੈਣ 'ਤੇ ਸੀਸ ਦੇਣ ਤੋਂ ਪਿੱਛੇ ਨਹੀਂ ਰਹਿੰਦੇ। ਇਸ ਮੌਕੇ ਚੜ੍ਹਦੀ ਕਲਾ ਸਪੋਰਟਸ ਕਲੱਬ ਦੇ ਪ੍ਰਧਾਨ ਸ੍ਰੀ ਦਲਬੀਰ ਫੱਟੀ, ਸੁਖਜਿੰਦਰ ਸਿੰਘ ਕਾਲਰੂ, ਅਵਤਾਰ ਸਿੰਘ ਧਾਲੀਵਾਲ, ਅਵਤਾਰ ਸਿੰਘ ਚਾਹਲ, ਸੋਨੀ ਔਜਲਾ ਆਦਿ ਵੀ ਉਚੇਚੇ ਤੌਰ 'ਤੇ ਮੌਜੂਦ ਸਨ, ਜਿਨ੍ਹਾਂ ਵਲੋਂ ਸ਼ਹੀਦੀ ਸਮਾਗਮ ਕਰਵਾਉਣ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ।