ਸ਼੍ਰੀ ਗੁਰੂ ਨਾਨਕ ਦੇਵ ਜੀ ਚੈਰੀਟੇਬਲ ਟਰੱਸਟ ਇਟਲੀ ਦੇ ਸੇਵਾਦਾਰਾਂ ਵੱਲੋਂ ਪ੍ਰਕਾਸ਼ ਪੂਰਬ ਮੌਕੇ ਧਾਰਮਿਕ ਸਮਾਗਮਾਂ ਦਾ ਆਯੋਜਨ
Tuesday, Nov 11, 2025 - 11:59 AM (IST)
ਮਿਲਾਨ/ਇਟਲੀ (ਸਾਬੀ ਚੀਨੀਆ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਟਲੀ ਭਰ ਵਿੱਚ ਵੱਡੇ ਸਮਾਗਮ ਉਲੀਕੇ ਜਾ ਰਹੇ ਹਨ। ਇਸੇ ਤਰ੍ਹਾਂ ਇੱਥੋਂ ਦੇ ਗੁਰਦੁਆਰਾ ਸ਼੍ਰੀ ਸੁਖਮਨੀ ਸਾਹਿਬ ਜੀ ਸੁਜਾਰਾ ਵਿਖੇ ਵੀ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਕੇ ਸਮਾਗਮਾਂ ਦੀਆ ਰੌਣਕਾਂ ਨੂੰ ਵਧਾਇਆ।

ਸ਼੍ਰੀ ਗੁਰੂ ਨਾਨਕ ਦੇਵ ਜੀ ਚੈਰੀਟੇਬਲ ਟਰੱਸਟ ਇਟਲੀ ਦੇ ਸੇਵਾਦਾਰਾਂ ਵੱਲੋਂ ਸ੍ਰੀ ਆਖੰਡ ਪਾਠ ਸਾਹਿਬ ਦੀ ਸੇਵਾ ਨਿਭਾਈ ਗਈ ਤੇ ਸਜੇ ਦੀਵਾਨਾ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀ ਜੱਥੇ ਭਾਈ ਇੰਦਰਜੀਤ ਸਿੰਘ ਸਿਰਸਾ ਵਾਲਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸ਼੍ਰੀ ਗੁਰੁ ਨਾਨਕ ਦੇਵ ਜੀ ਚੈਰੀਟੇਬਲ ਟਰੱਸਟ ਇਟਲੀ ਦੇ ਸੇਵਾਦਾਰਾਂ ਵੱਲੋਂ ਸਮੁੱਚੀ ਸੰਗਤ ਨੂੰ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸਿਧਾਤਾਂ ਅਤੇ ਵਿਚਾਰਾਂ ਨੂੰ ਧਾਰਨ ਕਰਨ ਲਈ ਕਿਹਾ ਗਿਆ। ਪ੍ਰਬੰਧਕਾਂ ਵੱਲੋਂ ਆਈਆਂ ਸੰਗਤਾਂ ਨੂੰ ਜੀ ਆਇਆ ਆਖਿਆ ਗਿਆ ਅਤੇ ਟਰੱਸਟ ਦੇ ਮੈਂਬਰਾਂ ਦਾ ਸਿਰੋਪਾੳ ਨਾਲ ਸਨਮਾਨ ਕੀਤਾ ਗਿਆ। ਸੇਵਾਦਾਰਾਂ ਨੇ ਦੱਸਿਆ ਕਿ ਇਹ ਟਰੱਸਟ ਪਿਛਲੇ ਲੰਬੇ ਸਮੇਂ ਤੋਂ ਇਟਲੀ ਵੱਸਦੇ ਭਰਾਵਾਂ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ ਅਤੇ ਲੋੜਵੰਦਾਂ ਦੀ ਸੇਵਾ ਕਰ ਰਿਹਾ ਹੈ।
