ਇੰਗਲੈਂਡ ਦੇ ਸਿੱਖ MP ਤਨਮਨਜੀਤ ਢੇਸੀ ਨੇ ਮੂਸੇਵਾਲਾ ਦੀ ਮੌਤ 'ਤੇ ਪ੍ਰਗਟਾਇਆ ਦੁੱਖ
Monday, May 30, 2022 - 03:34 PM (IST)
ਲੰਡਨ (ਬਿਊਰੋ): ਦੁਨੀਆ ਭਰ ਵਿਚ ਵੱਸਦੇ ਭਾਰਤੀ ਭਾਈਚਾਰੇ ਦੇ ਲੋਕਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।ਹੁਣ ਇੰਗਲੈਂਡ ਵਿਚ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਵੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਢੇਸੀ ਨੇ ਆਪਣੇ ਟਵੀਟ ਵਿਚ ਲਿਖਿਆ ਕਿ ਸੱਭਿਆਚਾਰਕ ਪ੍ਰਤੀਕ ਸਿੱਧੂ ਮੂਸੇਵਾਲਾ ਦੇ ਦੁਖਦਾਈ ਕਤਲ ਬਾਰੇ ਸੁਣ ਕੇ ਹੈਰਾਨ ਅਤੇ ਦੁਖੀ ਹਾਂ। ਮੂਸੇਵਾਲਾ ਨੇ ਵਿਸ਼ਵਵਿਆਪੀ ਪੰਜਾਬੀ ਭਾਈਚਾਰੇ ਵਿਚ ਬਹੁਤ ਸਾਰੇ ਲੋਕਾਂ ਦੇ ਜੀਵਨ 'ਤੇ ਬਹੁਤ ਵੱਡਾ ਪ੍ਰਭਾਵ ਪਾਇਆ ਸੀ। ਉਸ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਪਰਮਾਤਮਾ ਉਸ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ।
ਪੜ੍ਹੋ ਇਹ ਅਹਿਮ ਖ਼ਬਰ - ਸਰੀ 'ਚ ਮੂਸੇਵਾਲੇ ਨੂੰ ਇਨਸਾਫ਼ ਦਿਵਾਉਣ ਲਈ ਨੌਜਵਾਨ ਉੱਤਰੇ ਸੜਕਾਂ 'ਤੇ (ਤਸਵੀਰਾਂ)
ਇੱਥੇ ਦੱਸ ਦਈਏ ਕਿ ਮਸ਼ਹੂਰ ਪੰਜਾਬੀ ਗਾਇਕ ਤੋਂ ਸਿਆਸਤਦਾਨ ਬਣੇ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਐਤਵਾਰ 29 ਮਈ ਦੀ ਸ਼ਾਮ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਅਣਪਛਾਤੇ ਬੰਦੂਕਧਾਰੀਆਂ ਨੇ ਕਤਲ ਕਰ ਦਿੱਤਾ। ਮੂਸੇਵਾਲਾ ਦੇ ਕਤਲ ਤੋਂ ਇਕ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਈ ਸੀ। ਪੰਜਾਬ ਪੁਲਸ ਨੇ ਦਾਅਵਾ ਕੀਤਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਉਨ੍ਹਾਂ ਦੇ ਸਾਥੀ ਇਸ ਕਤਲ ਵਿਚ ਸ਼ਾਮਲ ਹਨ। ਸਿੱਧੂ ਮੂਸੇਵਾਲਾ ਉਹਨਾਂ 424 ਲੋਕਾਂ ’ਚ ਸ਼ਾਮਲ ਸਨ, ਜਿਨ੍ਹਾਂ ਦੀ ਸੁਰੱਖਿਆ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਵਾਪਸ ਲੈ ਲਈ ਸੀ। ਮੂਸੇਵਾਲਾ ਨੇ ਹਾਲ ਹੀ ’ਚ ਕਾਂਗਰਸ ਦੀ ਟਿਕਟ ’ਤੇ ਮਾਨਸਾ ਤੋਂ ਵਿਧਾਨ ਸਭਾ ਚੋਣ ਲੜੀ ਸੀ। ਹਾਲਾਂਕਿ ਉਹ ਆਮ ਆਦਮੀ ਪਾਰਟੀ (ਆਪ) ਦੇ ਵਿਜੇ ਸਿੰਗਲਾ ਤੋਂ ਹਾਰ ਗਏ ਸਨ। ਪੁਲਸ ਸੂਤਰਾਂ ਅਨੁਸਾਰ ਕੈਨੇਡਾ ਵਿਚ ਰਹਿ ਰਹੇ ਗੈਂਗਸਟਰ ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।