ਸਲੋਹ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Tuesday, Nov 24, 2026 - 10:42 PM (IST)
ਲੰਡਨ/ਸਲੋਹ (ਸਰਬਜੀਤ ਸਿੰਘ ਬਨੂੜ) – ਇੰਗਲੈਂਡ ਦੇ ਸਲੋਹ ਸ਼ਹਿਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸਮੂਹ ਸਿੱਖ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗਿਆਨੀ ਇੰਦਰਜੀਤ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਪਰਮਜੀਤ ਸਿੰਘ ਬਰਨਾਲਾ, ਭਾਈ ਮੰਗਤਾ ਸਿੰਘ ਯੂ.ਕੇ. ਵਾਲਿਆਂ, ਭਾਈ ਬੂਟਾ ਸਿੰਘ, ਭਾਈ ਮਨਦੀਪ ਸਿੰਘ, ਭਾਈ ਸੁਲੱਖਣ ਸਿੰਘ ਅਤੇ ਭਾਈ ਗੁਰਦੀਪ ਸਿੰਘ ਸ਼ਾਨ ਨੇ ਰਸਭਿੰਨੇ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਨਾਨਕ ਦੇਵ ਜੀ ਦੇ ਮਹਾਨ ਸਿਧਾਂਤ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਸਟੇਜ ਦੀ ਸੇਵਾ ਸਰਦਾਰ ਹਰਬੰਸ ਸਿੰਘ ਵੱਲੋਂ ਨਿਭਾਈ ਗਈ, ਜਦਕਿ ਸਰਦਾਰ ਪਰਮਜੀਤ ਸਿੰਘ ਪੱਡਾ ਅਤੇ ਸਰਦਾਰ ਬਲਜਿੰਦਰ ਸਿੰਘ ਜੌਹਲ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਪਵਿੱਤਰ ਦਿਹਾੜੇ ਮੌਕੇ ਸੰਗਤਾਂ ਵੱਲੋਂ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਵੀ ਸ਼ਰਧਾ ਭਾਵਨਾ ਨਾਲ ਕੀਤੀ ਗਈ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
