ਫਰਿਜ਼ਨੋ ’ਚ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Tuesday, Feb 07, 2023 - 03:46 AM (IST)

ਫਰਿਜ਼ਨੋ ’ਚ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਫਰਿਜ਼ਨੋ, (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ) : ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਫਰਿਜ਼ਨੋ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿੱਥੇ ਐਤਵਾਰ ਦੇ ਦੀਵਾਨ ’ਚ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਯਾਦ ਕਰਦਿਆਂ ਰੂਹਾਨੀ ਗੁਰਮਤਿ ਵਿਚਾਰਾਂ ਹੋਈਆਂ ਅਤੇ ਕੀਰਤਨ ਦੀਵਾਨ ਸਜੇ, ਉੱਥੇ ਹੀ ਇਨ੍ਹਾਂ ਦੀਵਾਨਾਂ ’ਚ ਗੁਰੂਘਰ ਦੇ ਕੀਰਤਨੀਏ ਡਾਕਟਰ ਸਰਬਜੀਤ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਹਾਜ਼ਰੀ ਭਰੀ।

PunjabKesari

ਇਸ ਸਮਾਗਮ ’ਚ ਕਥਾਵਾਚਕ ਭਾਈ ਮਲਕੀਤ ਸਿੰਘ ਕਰਨਾਲ ਨੇ ਗੁਰੂ ਸ਼ਬਦ ਦੀ ਕਥਾ ਰਾਹੀਂ ਸਾਂਝ ਪਾਈ। ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਉੱਘੇ ਸਮਾਜਸੇਵੀ ਸੁਖਬੀਰ ਸਿੰਘ ਭੰਡਾਲ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਨ ਲਈ ਦੁਨੀਆ ’ਚ ਸਮੇਂ-ਸਮੇਂ ’ਤੇ ਮਨੁੱਖਤਾ ਦੇ ਰਹਿਬਰਾਂ ਨੇ ਜਨਮ ਲਿਆ ਹੈ।

PunjabKesari

ਇਨ੍ਹਾਂ ’ਚ ਸ੍ਰੀ ਗੁਰੂ ਰਵਿਦਾਸ ਜੀ ਦਾ ਨਾਂ ਵੀ ਸ਼ਾਮਿਲ ਹੈ, ਜਿਨ੍ਹਾਂ ਨੇ ਉਸ ਵੇਲੇ ਫੈਲੀ ਊਚ-ਨੀਚ, ਜਾਤ-ਪਾਤ, ਕਰਮਕਾਂਡ, ਪਾਖੰਡਵਾਦ, ਧਾਰਮਿਕ ਕੱਟੜਤਾ ਆਦਿ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਗੁਰੂ ਰਵਿਦਾਸ ਜੀ ਨੇ ਜਾਤ-ਪਾਤ ਦਾ ਖੰਡਨ ਕਰਕੇ ਉੱਚ ਵਰਗ ਦੇ ਜਾਤੀ ਅਭਿਮਾਨ ਅਤੇ ਹੰਕਾਰ ਨੂੰ ਸੱਟ ਮਾਰੀ। ਆਪ ਸਮਾਜ ’ਚੋਂ ਸ਼ੋਸ਼ਣ, ਛੂਤ-ਛਾਤ, ਪਾਖੰਡਵਾਦ ਦਾ ਖਾਤਮਾ ਕਰਕੇ ਬਰਾਬਰਤਾ ਵਾਲਾ ਸਮਾਜ ਕਾਇਮ ਕਰਨਾ ਚਾਹੁੰਦੇ ਸਨ।

PunjabKesari

ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਜਨਮ ਉਤਸਵ ਮਨਾਉਣ ਦਾ ਅਸਲੀ ਮੰਤਵ ਪੂਰਾ ਕਰਨ ਲਈ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਨੂੰ ਅਪਣਾ ਕੇ ਸਮਾਜ ’ਚੋਂ ਪਾਖੰਡਵਾਦ ਨੂੰ ਦੂਰ ਕਰਕੇ ਦੁਨੀਆ ਵਿੱਚ ਬਰਾਬਰਤਾ ਵਾਲਾ ਸਮਾਜ ਉਸਾਰਨਾ ਹੈ ਤਾਂ ਜੋ ਉਨ੍ਹਾਂ ਵੱਲੋਂ ਦਰਸਾਇਆ ਬੇਗਮਪੁਰਾ ਦਾ ਸੁਫ਼ਨਾ ਪੂਰਾ ਹੋ ਸਕੇ।

PunjabKesari

ਸਟੇਜ ਸੰਚਾਲਨ ਦੀ ਸੇਵਾ ਭਾਈ ਗੁਰਪ੍ਰੀਤ ਸਿੰਘ ਮਾਨ ਨੇ ਨਿਭਾਈ। ਗੁਰੂ ਦੀ ਮਹਿਮਾ ਦੇ ਨਾਲ-ਨਾਲ ਐਤਵਾਰ ਦੇ ਇਸ ਵਿਸ਼ੇਸ਼ ਦੀਵਾਨ ’ਚ ਪ੍ਰਮੋਧ ਲੋਈ ਅਤੇ ਪਰਿਵਾਰ ਵੱਲੋਂ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਲੰਗਰ ਬਣਾਉਣ ਦੀ ਸੇਵਾ ਭਾਈ ਇਕਬਾਲ ਸਿੰਘ ਅਤੇ ਸਾਥੀਆਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਨਿਭਾਈ ਗਈ। ਇਸ ਮੌਕੇ ਪੰਜਾਬੀ ਕਲਚਰਲ ਐਸੋਸੀਏਸ਼ਨ ਦੇ ਮੈਂਬਰਾਂ ਨੇ ਦੱਸਿਆ ਕਿ ਪੀ.ਸੀ.ਏ. ਵੱਲੋਂ ਗੁਰੂਘਰ ਵਿਖੇ ਜੋੜੇ ਘਰ ਲਈ ਰੈਕ ਬਣਵਾ ਕੇ ਦਿੱਤੇ ਗਏ ਹਨ ਅਤੇ ਸੰਸਥਾ ਨੇ ਗੁਰਮਿਲਾਪ ਸੰਸਥਾ ਨੂੰ ਰਾਜਸਥਾਨ ਦੇ ਅਲਵਰ ’ਚ ਲੋੜਵੰਦ ਬੱਚਿਆਂ ਦੀ ਮਦਦ ਕਰਦਿਆਂ, ਸਿੱਖੀ ਸਿੱਖਿਆ ਗੁਰ ਵਿਚਾਰ ਅਕੈਡਮੀ ਦੇ 30 ਵਿਦਿਆਰਥੀਆਂ ਨੂੰ ਗੋਦ ਲੈ ਕੇ ਉਨ੍ਹਾਂ ਦੀ ਪੜ੍ਹਾਈ ਦਾ ਖ਼ਰਚਾ ਵੀ ਚੁੱਕਿਆ ਹੈ।
 


author

Manoj

Content Editor

Related News