ਬ੍ਰਿਸਬੇਨ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ 641ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

02/28/2018 3:23:58 PM

ਬ੍ਰਿਸਬੇਨ, (ਸੁਰਿੰਦਰਪਾਲ ਸਿੰਘ ਖੁਰਦ)— ਬ੍ਰਿਸਬੇਨ ਵਿਖੇ ਗੁਰਦੁਆਰਾ ਸਿੰਘ ਸਭਾ ਟੈਗਮ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਭਰਪੂਰ ਸਹਿਯੋਗ ਸਦਕਾ ਸ੍ਰੀ ਗੁਰੂ ਰਵਿਦਾਸ ਜੀ ਦਾ 641ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅੰਮ੍ਰਿਤਮਈ ਬਾਣੀ ਦੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਇਸ 'ਚ ਭਾਈ ਲਖਵੀਰ ਸਿੰਘ ਦਮਦਮੀ ਟਕਸਾਲ ਵਾਲਿਆਂ ਵੱਲੋਂ ਕਥਾ-ਵਿਚਾਰਾਂ ਅਤੇ ਭਾਈ ਅਮਰਜੀਤ ਸਿੰਘ ਨਾਗਰਾ, ਭਾਈ ਹਰਬੰਸ ਸਿੰਘ ਤੇ ਭਾਈ ਜਗਤਾਰ ਸਿੰਘ ਦੇ ਰਾਗੀ ਜੱਥੇ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਗੁਰੂ ਜੀ ਦੇ ਜੀਵਨ ਫਲਸਫੇ 'ਤੇ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। 

ਇਸ ਮੌਕੇ ਆਸਟ੍ਰੇਲੀਆ ਦੇ ਉੱਘੇ ਚਿੰਤਕ ਤੇ ਸਮਾਜ ਸੇਵੀ ਦਲਬੀਰ ਸਿੰਘ ਹਲਵਾਰਵੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਨੇ ਜਿੱਥੇ ਕਰਮ-ਕਾਂਡ, ਜਾਤ-ਪਾਤ, ਊਚ-ਨੀਚ ਦਾ ਖੰਡਨ ਕੀਤਾ ਹੈ, ਉੱਥੇ ਪ੍ਰਮਾਤਮਾ ਦਾ ਨਾਮ ਸਿਮਰਨ ਕਰਨ, ਹੱਥੀਂ ਸੱਚੀ-ਸੁੱਚੀ ਕਿਰਤ, ਮਾਨਵਤਾ ਦਾ ਭਲਾ, ਆਪਸੀ ਪਿਆਰ, ਸਾਂਝੀਵਾਲਤਾ ਅਤੇ ਸਮਾਜਿਕ ਬਰਾਬਰਤਾ, ਜਾਤ-ਪਾਤ ਦੇ ਖਾਤਮੇ ਦਾ ਸੰਦੇਸ਼ ਵੀ ਦਿੱਤਾ ਹੈ। ਗੁਰੂ ਘਰ ਦੇ ਸੇਵਾਦਾਰ ਭਾਈ ਰਣਦੀਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ਤੋਂ ਸੇਧ ਲੈ ਕੇ ਸਾਨੂੰ ਪ੍ਰਮਾਤਮਾ ਦੇ ਨਾਮ ਦੀ ਸੱਚੀ ਸਿਫ਼ਤ ਸਲਾਹ ਕਰਦਿਆਂ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ। ਇਸ ਮੌਕੇ 'ਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।


Related News