ਜਨੇਵਾ ''ਚ ਗੂੰਜਿਆ ਸਿੱਖਾਂ ਵਿਰੁੱਧ ਸਰਹੱਦੋਂ ਪਾਰ ਦਮਨ ਦਾ ਮੁੱਦਾ, ਵਰਲਡ ਸਿੱਖ ਪਾਰਲੀਮੈਂਟ ਨੇ UN ਅੱਗੇ ਚੁੱਕੇ ਅਹਿਮ ਸਵਾਲ

Thursday, Jun 25, 2026 - 01:53 AM (IST)

ਜਨੇਵਾ ''ਚ ਗੂੰਜਿਆ ਸਿੱਖਾਂ ਵਿਰੁੱਧ ਸਰਹੱਦੋਂ ਪਾਰ ਦਮਨ ਦਾ ਮੁੱਦਾ, ਵਰਲਡ ਸਿੱਖ ਪਾਰਲੀਮੈਂਟ ਨੇ UN ਅੱਗੇ ਚੁੱਕੇ ਅਹਿਮ ਸਵਾਲ

ਜਨੇਵਾ, ਸਵਿਟਜ਼ਰਲੈਂਡ (ਸਰਬਜੀਤ ਸਿੰਘ ਬਨੂੜ) : ਜੂਨ 1984 ਦੇ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਵਰਲਡ ਸਿੱਖ ਪਾਰਲੀਮੈਂਟ ਨੇ ਸੰਯੁਕਤ ਰਾਸ਼ਟਰ ਜਨੇਵਾ ਵਿਖੇ ਭਾਰਤ ਵੱਲੋਂ ਵਿਦੇਸ਼ਾਂ ਵਿੱਚ ਸਿੱਖਾਂ ਵਿਰੁੱਧ ਕਥਿਤ ਸਰਹੱਦੋਂ ਪਾਰ ਦਮਨ (ਟਰਾਂਸਨੈਸ਼ਨਲ ਰਿਪ੍ਰੈਸ਼ਨ) ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ। ਵਫ਼ਦ ਨੇ ਕਿਹਾ ਕਿ ਕੈਨੇਡਾ ਵਿੱਚ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ, ਯੂਨਾਈਟਿਡ ਕਿੰਗਡਮ ਵਿੱਚ ਭਾਈ ਅਵਤਾਰ ਸਿੰਘ ਖੰਡਾ ਦੀ ਮੌਤ ਅਤੇ ਵਿਦੇਸ਼ਾਂ ਵਿੱਚ ਸਿੱਖ ਕਾਰਕੁਨਾਂ, ਪੱਤਰਕਾਰਾਂ ਅਤੇ ਮਨੁੱਖੀ ਅਧਿਕਾਰ ਰੱਖਿਅਕਾਂ ਨੂੰ ਮਿਲ ਰਹੀਆਂ ਧਮਕੀਆਂ ਅੰਤਰਰਾਸ਼ਟਰੀ ਭਾਈਚਾਰੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ।

PunjabKesari

ਵਰਲਡ ਸਿੱਖ ਪਾਰਲੀਮੈਂਟ ਦੇ ਵਫ਼ਦ ਨੇ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਕਾਰਕੁਨਾਂ , ਕੂਟਨੀਤਿਕ ਪ੍ਰਤੀਨਿਧੀਆਂ ਅਤੇ ਅੰਤਰਰਾਸ਼ਟਰੀ ਮੀਡੀਆ ਨਾਲ ਹੋਈਆਂ ਮੁਲਾਕਾਤਾਂ ਦੌਰਾਨ ਕਿਹਾ ਕਿ ਵਿਦੇਸ਼ਾਂ ਵਿੱਚ ਸ਼ਾਂਤੀਪੂਰਨ ਢੰਗ ਨਾਲ ਸਿੱਖ ਹੱਕਾਂ ਅਤੇ ਖਾਲਿਸਤਾਨ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਵਾਲੇ ਵਿਅਕਤੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਦੋਸ਼ ਗੰਭੀਰ ਜਾਂਚ ਦੀ ਮੰਗ ਕਰਦੇ ਹਨ। ਵਫ਼ਦ ਨੇ ਦਲੀਲ ਦਿੱਤੀ ਕਿ ਅਜਿਹੇ ਮਾਮਲੇ ਨਾ ਸਿਰਫ਼ ਵਿਅਕਤੀਗਤ ਸੁਰੱਖਿਆ, ਸਗੋਂ ਪ੍ਰਗਟਾਵੇ ਦੀ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਨਾਲ ਵੀ ਜੁੜੇ ਹੋਏ ਹਨ। ਇਸ ਮੌਕੇ ਜੂਨ 1984 ਦੇ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਨੂੰ ਸਮਰਪਿਤ ਸੰਯੁਕਤ ਰਾਸ਼ਟਰ ਦੇ ਸਾਹਮਣੇ ਵਿਸ਼ੇਸ਼ ਯਾਦਗਾਰੀ ਪ੍ਰਦਰਸ਼ਨੀ ਵੀ ਲਗਾਈ ਗਈ। ਵਫ਼ਦ ਨੇ ਮਨੁੱਖੀ ਅਧਿਕਾਰ ਕਮਿਸ਼ਨਰ ਨੂੰ ਇੱਕ ਯਾਦ-ਪੱਤਰ ਸੌਂਪਦਿਆਂ 1984 ਤੋਂ ਬਾਅਦ ਪੰਜਾਬ ਵਿੱਚ ਹੋਈਆਂ ਕਥਿਤ ਜਬਰੀ ਗੁੰਮਸ਼ੁਦਗੀਆਂ, ਝੂਠੇ ਪੁਲਸ ਮੁਕਾਬਲਿਆਂ ਅਤੇ ਹੋਰ ਮਨੁੱਖੀ ਅਧਿਕਾਰ ਉਲੰਘਣਾਵਾਂ ਸਬੰਧੀ ਦਸਤਾਵੇਜ਼ ਵੀ ਪੇਸ਼ ਕੀਤੇ।

ਸੰਯੁਕਤ ਰਾਸ਼ਟਰ ਦੇ ਪ੍ਰਵਾਸੀਆਂ ਦੇ ਮਨੁੱਖੀ ਅਧਿਕਾਰਾਂ ਬਾਰੇ ਵਿਸ਼ੇਸ਼ ਰਿਪੋਰਟਰ ਸ੍ਰੀ ਗੇਹਾਦ ਮਾਦੀ ਨਾਲ ਹੋਈ ਮੁਲਾਕਾਤ ਦੌਰਾਨ ਵਫ਼ਦ ਨੇ 1984 ਦੀਆਂ ਘਟਨਾਵਾਂ ਨੂੰ ਸਿੱਖ ਨਸਲਕੁਸ਼ੀ ਵਜੋਂ ਅੰਤਰਰਾਸ਼ਟਰੀ ਮਾਨਤਾ ਦੇਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਸਿੱਖ ਕੌਮ ਦੇ ਸਵੈ-ਨਿਰਣੇ ਦੇ ਹੱਕ ਅਤੇ ਇਸ ਨਾਲ ਜੁੜੇ ਸ਼ਾਂਤੀਪੂਰਨ ਰਾਜਨੀਤਿਕ ਪ੍ਰਗਟਾਵੇ ਨੂੰ ਅੱਤਵਾਦ ਨਾਲ ਜੋੜਨ ਦੀਆਂ ਕੋਸ਼ਿਸ਼ਾਂ 'ਤੇ ਵੀ ਚਿੰਤਾ ਪ੍ਰਗਟ ਕੀਤੀ ਗਈ। ਵਫ਼ਦ ਨੇ ਸਿੱਖ ਕਾਰਕੁਨ ਗੁਰਪ੍ਰੀਤ ਸਿੰਘ ਰੀਹਲ ਦਾ ਮਾਮਲਾ ਵੀ ਸੰਯੁਕਤ ਰਾਸ਼ਟਰ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਂਦਿਆਂ ਕਿਹਾ ਕਿ ਇਹ ਮਾਮਲਾ ਮਨੁੱਖੀ ਅਧਿਕਾਰਾਂ, ਨਿਆਂਪੂਰਨ ਕਾਨੂੰਨੀ ਪ੍ਰਕਿਰਿਆ, ਪ੍ਰਗਟਾਵੇ ਦੀ ਆਜ਼ਾਦੀ ਅਤੇ ਮਨੁੱਖੀ ਅਧਿਕਾਰ ਰੱਖਿਅਕਾਂ ਦੀ ਸੁਰੱਖਿਆ ਨਾਲ ਜੁੜੇ ਅਹਿਮ ਸਵਾਲ ਖੜ੍ਹੇ ਕਰਦਾ ਹੈ।

PunjabKesari

ਇਸ ਤੋਂ ਇਲਾਵਾ ਵਫ਼ਦ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਰਾਜਸੀ ਸਿੱਖ ਕੈਦੀਆਂ (ਬੰਦੀ ਸਿੰਘਾਂ) ਦੀ ਰਿਹਾਈ ਦਾ ਮੁੱਦਾ ਵੀ ਉਠਾਇਆ। ਜਨੇਵਾ ਪ੍ਰੈਸ ਕਲੱਬ ਵਿੱਚ ਅੰਤਰਰਾਸ਼ਟਰੀ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਸਥਾ ਨੇ ਕਿਹਾ ਕਿ ਉਹ ਵਿਸ਼ੇਸ਼ ਸਲੂਕ ਨਹੀਂ, ਸਗੋਂ ਵਿਸ਼ਵਵਿਆਪੀ ਮਨੁੱਖੀ ਅਧਿਕਾਰਾਂ ਦੇ ਸਿਧਾਂਤਾਂ ਅਨੁਸਾਰ ਇਨਸਾਫ਼, ਆਜ਼ਾਦੀ ਅਤੇ ਸਨਮਾਨ ਦੀ ਮੰਗ ਕਰ ਰਹੀ ਹੈ। ਸੰਯੁਕਤ ਰਾਸ਼ਟਰ ਜਨੇਵਾ ਵਿਖੇ ਹੋਈ ਇਸ ਸ਼ਮੂਲੀਅਤ ਵਿੱਚ ਵਰਲਡ ਸਿੱਖ ਪਾਰਲੀਮੈਂਟ ਅਤੇ ਹੋਰ ਹਮਖਿਆਲੀ ਜਥੇਬੰਦੀਆਂ ਦੇ ਆਗੂਆਂ ਨੇ ਹਿੱਸਾ ਲਿਆ। 

ਵਫ਼ਦ ਵਿੱਚ ਭਾਈ ਹਿੰਮਤ ਸਿੰਘ (ਅਮਰੀਕਾ), ਭਾਈ ਪ੍ਰਭ ਸਿੰਘ (ਕੈਨੇਡਾ), ਭਾਈ ਜੋਗਾ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਅਮਰੀਕ ਸਿੰਘ ਸਹੋਤਾ (ਇੰਗਲੈਂਡ), ਭਾਈ ਪ੍ਰਿਤਪਾਲ ਸਿੰਘ (ਸਵਿਟਜ਼ਰਲੈਂਡ), ਭਾਈ ਸ਼ਿੰਗਾਰਾ ਸਿੰਘ, ਭਾਈ ਸਤਨਾਮ ਸਿੰਘ (ਫਰਾਂਸ), ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਗੁਰਪਾਲ ਸਿੰਘ, ਦਲ ਖਾਲਸਾ ਦੇ ਪ੍ਰਧਾਨ ਭਾਈ ਹਰਮੀਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਬਹਾਦਰ ਸਿੰਘ (ਜਰਮਨੀ) ਸ਼ਾਮਲ ਸਨ। ਵਫ਼ਦ ਨੇ ਸੰਯੁਕਤ ਰਾਸ਼ਟਰ ਦੇ ਵੱਖ-ਵੱਖ ਮਨੁੱਖੀ ਅਧਿਕਾਰ ਮਕੈਨਿਜ਼ਮਾਂ, ਕੂਟਨੀਤਿਕ ਪ੍ਰਤੀਨਿਧੀਆਂ ਅਤੇ ਅੰਤਰਰਾਸ਼ਟਰੀ ਮੀਡੀਆ ਨਾਲ ਮੁਲਾਕਾਤਾਂ ਕਰਕੇ ਸਿੱਖਾਂ ਨਾਲ ਸਬੰਧਤ ਮਨੁੱਖੀ ਅਧਿਕਾਰਾਂ ਦੇ ਮੁੱਦਿਆਂ ਨੂੰ ਵਿਸਥਾਰ ਨਾਲ ਉਠਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News