ਇਟਲੀ ਦੇ ਸਮੁੰਦਰੀ ਕੰਢਿਆਂ 'ਤੇ ਗੂੰਜੇ 'ਜੋ ਬੋਲੇ ਸੋ ਨਿਹਾਲ' ਦੇ ਜੈਕਾਰੇ (ਤਸਵੀਰਾਂ)

Tuesday, May 03, 2022 - 01:49 PM (IST)

ਇਟਲੀ ਦੇ ਸਮੁੰਦਰੀ ਕੰਢਿਆਂ 'ਤੇ ਗੂੰਜੇ 'ਜੋ ਬੋਲੇ ਸੋ ਨਿਹਾਲ' ਦੇ ਜੈਕਾਰੇ (ਤਸਵੀਰਾਂ)

ਮਿਲਾਨ/ਇਟਲੀ (ਸਾਬੀ ਚੀਨੀਆ, ਦਲਬੀਰ ਕੈਂਥ) ਖ਼ਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਤਹਿਤ ਇਟਲੀ ਦੇ ਸਮੁੰਦਰੀ ਕੰਡੇ 'ਤੇ ਵੱਸਿਆ ਸ਼ਹਿਰ ਲਵੀਨੀਓ 'ਜੋ ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਗੂੰਜ ਉਠਿਆ। ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਤੇ ਕੇਸਰੀ ਨਿਸ਼ਾਨ ਸਾਹਿਬ ਜੀ ਦੀ ਅਗਵਾਈ ਹੇਠ ਨਗਰ ਕੀਰਤਨ ਖ਼ਾਲਸਾਈ ਸ਼ਾਨੋ ਸ਼ੌਕਤ ਤੇ ਜਾਹੋ ਜਲਾਲ ਨਾਲ ਸਜਾਇਆ ਗਿਆ।

PunjabKesari

ਇਸ ਮੌਕੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਵੇਖਿਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਗਏ ਸਨ।ਰਸਤੇ ਵਿੱਚ ਜਗ੍ਹਾ ਜਗ੍ਹਾ 'ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਸੰਗਤਾਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰੇ ਲਗਾਏ ਗਏ। ਗੁਰਦੁਆਰਾ ਸਾਹਿਬ ਤੋਂ ਹੁੰਦਿਆਂ ਹੋਇਆ ਨਗਰ ਕੀਰਤਨ ਸ਼ਹਿਰ ਦੀਆਂ ਵੱਖ ਵੱਖ ਗਲੀਆਂ ਤੋਂ ਲੰਘਦਾ ਹੋਇਆ ਲਵੀਨੀਓ ਰੇਲਵੇ ਸਟੇਸ਼ਨ ਦੀ ਪਾਰਕਿੰਗ ਪਿਆਸਾ ਵਿਖੇ ਪਹੁੰਚ ਕੇ ਪੜਾਅ ਕੀਤਾ ਗਿਆ।

PunjabKesari

ਪੜ੍ਹੋ ਇਹ ਅਹਿਮ ਖ਼ਬਰ- ਵਿਵੀਅਨ ਲੋਬੋ ਨੇ ਪੰਜਾਬੀ ਭਾਈਚਾਰੇ ਨੂੰ ਫੈਡਰਲ ਚੋਣਾਂ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਕੀਤੀ ਅਪੀਲ

ਉਪਰੰਤ ਸਤਨਾਮ ਸਿੰਘ ਸਰਹਾਲੀ, ਭਾਈ ਦਵਿੰਦਰਜੀਤ ਸਿੰਘ ਪੋਰਦੇਨੋਨੇ ਅਤੇ ਭਾਈ ਰਣਜੀਤ ਸਿੰਘ ਦੇ ਕਵੀਸ਼ਰੀ ਜਥੇ ਵਲੋਂ ਸਮੂਹ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ ਗੱਤਕਾ ਅਕੈਡਮੀ ਬਰੇਸ਼ੀਆ ਵਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਦਸਤਾਰ ਲਹਿਰ ਇਟਲੀ ਵਲੋਂ ਦਸਤਾਰ ਅਤੇ ਦੁਮਾਲਾ ਸਾਹਿਬ ਸਜਾਉਣ ਦੀਆਂ ਸੇਵਾਵਾਂ ਨਿਭਾਈਆਂ ਗਈਆਂ। ਇਸ ਨਗਰ ਕੀਰਤਨ ਵਿੱਚ ਗੱਡੀ 'ਤੇ ਲੱਗੇ ਮੋਟਰ ਨਾਲ ਚੱਲਣ ਵਾਲੇ ਖੰਡਾ ਸਾਹਿਬ ਸੰਗਤਾਂ ਲਈ ਖਿੱਚ ਦਾ ਕੇਂਦਰ ਬਣਿਆ ਰਿਹਾ।ਇਸ ਮੌਕੇ ਇਲਾਕੇ ਦੇ ਵੱਖ ਵੱਖ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵੱਖ ਵੱਖ ਪ੍ਰਕਾਰ ਦੇ ਲੰਗਰਾਂ ਦੇ ਸਟਾਲ ਲਗਾਏ ਗਏ ਸਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ।ਨਗਰ ਕੀਰਤਨ ਦੀ ਸਮਾਪਤੀ ਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ। 
 


author

Vandana

Content Editor

Related News