ਇਮਰਾਨ ਖਾਨ ਦੇ ਹਜ਼ਾਰਾਂ ਸਮਰਥਕਾਂ ਨੇ ਉਨ੍ਹਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੱਢੀ ਰੈਲੀ
Tuesday, Aug 06, 2024 - 02:47 PM (IST)
ਪੇਸ਼ਾਵਰ (ਏਜੰਸੀ): ਪਾਕਿਸਤਾਨ ਦੀ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਹਜ਼ਾਰਾਂ ਸਮਰਥਕਾਂ ਨੇ ਸੋਮਵਾਰ ਨੂੰ ਉਨ੍ਹਾਂ ਦੀ ਗ੍ਰਿਫਤਾਰੀ ਦਾ ਇਕ ਸਾਲ ਪੂਰਾ ਹੋਣ 'ਤੇ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਦੇਸ਼ ਦੇ ਸੰਵੇਦਨਸ਼ੀਲ ਉੱਤਰ-ਪੱਛਮੀ ਖੇਤਰ ਵਿਚ ਇਕ ਰੈਲੀ ਕੱਢੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਰੈਲੀ ਨੂੰ ਇਮਰਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਸਰਕਾਰ 'ਤੇ ਸਾਬਕਾ ਪ੍ਰਧਾਨ ਮੰਤਰੀ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕਰਨ ਲਈ ਦਬਾਅ ਬਣਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।
ਇਹ ਰੈਲੀ ਖੈਬਰ-ਪਖਤੂਨਖਵਾ ਸੂਬੇ ਦੇ ਸਵਾਬੀ ਸ਼ਹਿਰ 'ਚ ਕੱਢੀ ਗਈ, ਜਿੱਥੇ ਇਮਰਾਨ ਦੀ ਪਾਰਟੀ ਦਾ ਰਾਜ ਹੈ। ਸਵਾਬੀ 'ਚ ਇਮਰਾਨ ਦੇ 10,000 ਤੋਂ ਵੱਧ ਸਮਰਥਕ ਪਾਰਟੀ ਦੇ ਝੰਡੇ ਲਹਿਰਾਉਂਦੇ ਹੋਏ ਅਤੇ ਸਾਬਕਾ ਪ੍ਰਧਾਨ ਮੰਤਰੀ ਦੇ ਸਮਰਥਨ 'ਚ ਨਾਅਰੇਬਾਜ਼ੀ ਕਰਦੇ ਦੇਖੇ ਗਏ। ਪਾਰਟੀ ਦੇ ਚੋਟੀ ਦੇ ਨੇਤਾਵਾਂ ਨੇ ਆਪਣੇ ਭਾਸ਼ਣ ਵਿਚ ਪ੍ਰਦਰਸ਼ਨਕਾਰੀਆਂ ਨੂੰ ਕਿਹਾ ਕਿ ਇਮਰਾਨ ਜਲਦੀ ਹੀ ਉਨ੍ਹਾਂ ਵਿਚ ਸ਼ਾਮਲ ਹੋਣਗੇ। 2022 ਤੋਂ ਬਾਅਦ ਦੇਸ਼ ਵਿੱਚ ਇਹ ਸਭ ਤੋਂ ਵੱਡਾ ਪ੍ਰਦਰਸ਼ਨ ਹੈ, ਜਦੋਂ ਇਮਰਾਨ ਨੂੰ ਸੰਸਦ ਵਿੱਚ ਬੇਭਰੋਸਗੀ ਮਤੇ ਰਾਹੀਂ ਸੱਤਾ ਤੋਂ ਲਾਂਭੇ ਕੀਤਾ ਗਿਆ ਸੀ।
ਪੜ੍ਹੋ ਇਹ ਅਹਿਮ ਖ਼ਬਰ-ਸ਼ੇਖ ਹਸੀਨਾ ਨੇ ਗੁਆਈ ਸੱਤਾ, ਜਾਣੋ ਬੰਗਲਾਦੇਸ਼ 'ਚ ਤਖ਼ਤਾਪਲਟ ਦੇ ਵੱਡੇ ਕਾਰਨ
ਖੈਬਰ-ਪਖਤੂਨਖਵਾ ਸੂਬੇ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਨੇ ਪ੍ਰਦਰਸ਼ਨਕਾਰੀਆਂ ਨੂੰ ਆਉਣ ਵਾਲੇ ਹਫ਼ਤਿਆਂ ਵਿੱਚ ਇਸਲਾਮਾਬਾਦ ਵੱਲ ਮਾਰਚ ਕਰਨ ਲਈ ਤਿਆਰ ਰਹਿਣ ਲਈ ਕਿਹਾ, ਕਿਉਂਕਿ ਪੀ.ਟੀ.ਆਈ ਇਸ ਮਹੀਨੇ ਦੇ ਅਖੀਰ ਵਿੱਚ ਜਾਂ ਅਗਲੇ ਮਹੀਨੇ ਦੇ ਸ਼ੁਰੂ ਵਿੱਚ ਰਾਜਧਾਨੀ ਵਿੱਚ ਇੱਕ ਵੱਡਾ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾ ਰਹੀ ਹੈ। ਗੰਡਾਪੁਰ ਨੇ ਕਿਹਾ ਕਿ ਜੇਕਰ ਪਾਰਟੀ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਰੈਲੀ ਕਰਨ ਦੀ ਇਜਾਜ਼ਤ ਨਾ ਦਿੱਤੀ ਗਈ ਤਾਂ ਉਹ ਹਰ ਪਾਬੰਦੀ ਨੂੰ ਟਾਲ ਦੇਵੇਗੀ। ਇਸਲਾਮਾਬਾਦ ਦੀ ਇਕ ਅਦਾਲਤ ਨੇ ਇਮਰਾਨ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਉਸ ਨੂੰ 5 ਅਗਸਤ, 2023 ਨੂੰ ਗ੍ਰਿਫ਼਼ਤਾਰ ਕਰ ਲਿਆ ਗਿਆ ਸੀ। ਹਾਲ ਹੀ ਦੇ ਮਹੀਨਿਆਂ ਵਿੱਚ ਇਮਰਾਨ ਖ਼ਿਲਾਫ਼ ਸਾਰੇ ਮਾਮਲਿਆਂ ਵਿੱਚ ਸਜ਼ਾਵਾਂ ਨੂੰ ਮੁਅੱਤਲ ਜਾਂ ਉਲਟਾ ਦਿੱਤਾ ਗਿਆ ਹੈ। ਹਾਲਾਂਕਿ, ਉਹ ਅਜੇ ਵੀ ਜੇਲ੍ਹ ਵਿੱਚ ਹੈ ਕਿਉਂਕਿ ਉਸਦੇ ਖ਼ਿਲਾਫ਼ ਕੁਝ ਮਾਮਲਿਆਂ ਦੀ ਸੁਣਵਾਈ ਪੈਂਡਿੰਗ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।