ਕੈਨੇਡੀਅਨ PM ਟਰੂਡੋ ਨੇ ਭਾਰਤ ''ਤੇ ਡਿਪਲੋਮੈਟਾਂ ਅਤੇ ਸੰਗਠਿਤ ਅਪਰਾਧ ਦੀ ਵਰਤੋਂ ਕਰਨ ਦਾ ਲਗਾਇਆ ਦੋਸ਼
Tuesday, Oct 15, 2024 - 01:10 PM (IST)
ਵਾਸ਼ਿੰਗਟਨ (ਭਾਸ਼ਾ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਆਪਣੇ ਡਿਪਲੋਮੈਟਾਂ ਅਤੇ ਸੰਗਠਿਤ ਅਪਰਾਧ ਦੀ ਵਰਤੋਂ ਕਰਕੇ ਉਸਦੇ ਨਾਗਰਿਕਾਂ 'ਤੇ ਹਮਲਾ ਕਰਨ ਅਤੇ ਉਨ੍ਹਾਂ ਨੂੰ ਆਪਣੀ ਹੀ ਧਰਤੀ 'ਤੇ ਅਸੁਰੱਖਿਅਤ ਮਹਿਸੂਸ ਕਰਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਇਸ ਨੂੰ ਭਾਰਤ ਦੀ 'ਬਹੁਤ ਵੱਡੀ ਗਲਤੀ' ਕਰਾਰ ਦਿੱਤਾ ਹੈ। ਟਰੂਡੋ ਨੇ ਸੋਮਵਾਰ ਨੂੰ ਇਹ ਟਿੱਪਣੀਆਂ ਕੀਤੀਆਂ। ਇਸੇ ਦਿਨ, ਭਾਰਤ ਨੇ 6 ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢ ਦਿੱਤਾ ਅਤੇ ਕੈਨੇਡਾ ਤੋਂ ਆਪਣੇ ਹਾਈ ਕਮਿਸ਼ਨਰ ਅਤੇ "ਨਿਸ਼ਾਨਾ ਬਣਾਏ ਜਾ ਰਹੇ" ਹੋਰ ਡਿਪਲੋਮੈਟਾਂ ਅਤੇ ਅਧਿਕਾਰੀਆਂ ਨੂੰ ਵਾਪਸ ਸੱਦਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ: ਮੈਡੀਕਲ ਰਿਕਾਰਡ ਜਾਰੀ; ਅਮਰੀਕੀ ਰਾਸ਼ਟਰਪਤੀ ਬਣਨ ਲਈ ਫਿੱਟ ਕਮਲਾ ਹੈਰਿਸ, ਟਰੰਪ ਨੂੰ ਕੀਤਾ ਚੈਲੰਜ
ਭਾਰਤ ਨੇ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਨਾਲ ਭਾਰਤੀ ਡਿਪਲੋਮੈਟਾਂ ਨੂੰ ਜੋੜਨ ਦੇ ਕੈਨੇਡਾ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰਦੇ ਹੋਏ ਇਹ ਕਾਰਵਾਈ ਕੀਤੀ ਹੈ। ਕੈਨੇਡਾ ਨੇ ਵੀ 6 ਭਾਰਤੀ ਡਿਪਲੋਮੈਟਾਂ ਨੂੰ ਕੱਢਣ ਦਾ ਐਲਾਨ ਕੀਤਾ ਹੈ। ਭਾਰਤ ਨੇ ਪਿਛਲੇ ਸਾਲ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਕੈਨੇਡਾ ਦੇ ਦੋਸ਼ਾਂ ਨੂੰ ਸਖ਼ਤੀ ਨਾਲ ਰੱਦ ਕੀਤਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ ‘ਸੰਭਵ’ ਸ਼ਮੂਲੀਅਤ ਬਾਰੇ ਪਿਛਲੇ ਸਾਲ ਸਤੰਬਰ ਵਿੱਚ ਲਾਏ ਗਏ ਦੋਸ਼ਾਂ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸਬੰਧ ਤਣਾਅਪੂਰਨ ਚੱਲ ਰਹੇ ਹਨ।
ਇਹ ਵੀ ਪੜ੍ਹੋ: ਵੱਖਵਾਦੀ ਪੰਨੂ ਮਾਮਲਾ: ਭਾਰਤੀ ਜਾਂਚ ਕਮੇਟੀ ਅੱਜ ਜਾਵੇਗੀ ਅਮਰੀਕਾ
ਕੈਨੇਡੀਅਨ ਜਨਤਕ ਪ੍ਰਸਾਰਕ ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਸੀਬੀਸੀ) ਦੀ ਰਿਪੋਰਟ ਮੁਤਾਬਕ, ਦੇਸ਼ ਦੀ ਰਾਸ਼ਟਰੀ ਪੁਲਸ ਫੋਰਸ, ਰਾਇਲ ਕੈਨੇਡੀਅਨ ਮਾਉਂਟਿਡ ਪੁਲਸ (ਆਰ.ਸੀ.ਐੱਮ.ਪੀ.) ਦੇ ਮੁਖੀ ਨੇ ਭਾਰਤ ਦੇ ਸੰਦਰਭ ਵਿੱਚ ਹੈਰਾਨ ਕਰਨ ਵਾਲੇ ਦੋਸ਼ ਲਗਾਏ ਕਿ ਭਾਰਤ ਸਰਕਾਰ ਦੇ ਏਜੰਟ ਕੈਨੇਡਾ ਵਿੱਚ ਕਤਲਾਂ ਸਮੇਤ "ਵਿਆਪਕ ਹਿੰਸਾ" ਭੂਮਿਕਾ ਨਿਭਾਅ ਰਹੇ ਹਨ ਅਤੇ ਚਿਤਾਵਨੀ ਦਿੱਤੀ ਸੀ ਕਿ ਇਸ ਨਾਲ ਦੇਸ਼ ਦੀ ਜਨਤਕ ਸੁਰੱਖਿਆ ਨੂੰ ਗੰਭੀਰ ਖ਼ਤਰਾ ਹੈ। ਇਸ ਤੋਂ ਥੋੜ੍ਹੀ ਦੇਰ ਬਾਅਦ ਟਰੂਡੋ ਨੇ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਟਰੂਡੋ ਨੇ ਦੋਸ਼ ਲਾਇਆ, "ਮੇਰਾ ਮੰਨਣਾ ਹੈ ਕਿ ਭਾਰਤ ਨੇ ਆਪਣੇ ਡਿਪਲੋਮੈਟਾਂ ਅਤੇ ਸੰਗਠਿਤ ਅਪਰਾਧ ਦੀ ਵਰਤੋਂ ਕਰਕੇ ਕੈਨੇਡਾ ਦੇ ਲੋਕਾਂ 'ਤੇ ਹਮਲਾ ਕਰਨ, ਉਨ੍ਹਾਂ ਨੂੰ ਆਪਣੇ ਘਰਾਂ ਵਿਚ ਅਸੁਰੱਖਿਅਤ ਮਹਿਸੂਸ ਕਰਾਉਣ ਅਤੇ ਇਸ ਤੋਂ ਵੀ ਵੱਧ ਕੇ ਹਿੰਸਾ ਅਤੇ ਇੱਥੋਂ ਤੱਕ ਕਿ ਕਤਲ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਦਾ ਰਸਤਾ ਚੁਣ ਕੇ ਇਕ ਬਹੁਤ ਵੱਡੀ ਗਲਤੀ ਕੀਤੀ ਹੈ। ਇਹ ਅਸਵੀਕਾਰਨਯੋਗ ਹੈ।''
ਇਹ ਵੀ ਪੜ੍ਹੋ: ਸਹਿਯੋਗੀ ਦੇਸ਼ਾਂ ਨਾਲ ਸਾਂਝੀ ਕੀਤੀ ਗਈ ਕੈਨੇਡੀਅਨ ਨਾਗਰਿਕ ਦੇ ਕਤਲ ਸਬੰਧੀ ਜਾਣਕਾਰੀ : ਟਰੂਡੋ
ਟਰੂਡੋ ਨੇ ਇਹ ਵੀ ਕਿਹਾ ਕਿ ਸ਼ੁਰੂਆਤ ਤੋਂ ਅਸੀਂ ਆਪਣੇ ਭਾਈਵਾਲਾਂ, ਖਾਸ ਤੌਰ 'ਤੇ ਅਮਰੀਕਾ ਨਾਲ ਮਿਲ ਕੇ ਕੰਮ ਕਰ ਰਹੇ ਹਾਂ, ਜਿੱਥੇ ਗੈਰ-ਨਿਆਇਕ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਭਾਰਤ ਦਾ ਅਜਿਹਾ ਵਤੀਰਾ ਸਾਹਮਣੇ ਆਇਆ ਸੀ। ਅਸੀਂ ਆਪਣੇ ਸਹਿਯੋਗੀਆਂ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖਾਂਗੇ ਅਤੇ ਕਾਨੂੰਨ ਦੇ ਸ਼ਾਸਨ ਲਈ ਇਕਜੁੱਟ ਰਹਾਂਗੇ। ਅਮਰੀਕੀ ਵਿਦੇਸ਼ ਵਿਭਾਗ ਨੇ ਆਪਣੇ 2 ਕਰੀਬੀ ਸਹਿਯੋਗੀਆਂ ਅਤੇ ਭਾਈਵਾਲਾਂ ਵਿਚਾਲੇ ਕੂਟਨੀਤਕ ਸੰਕਟ 'ਤੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ।
ਇਹ ਵੀ ਪੜ੍ਹੋ: ਰਿਕਾਰਡ ਬਣਾਉਣ ਵਾਲੇ ਨੌਜਵਾਨ ਪਰਬਤਾਰੋਹੀ ਦਾ ਨੇਪਾਲ 'ਚ ਗਮਰਜੋਸ਼ੀ ਨਾਲ ਸਵਾਗਤ
ਉਨ੍ਹਾਂ ਕਿਹਾ, "ਜਿਵੇਂ ਕਿ RCMP ਕਮਿਸ਼ਨਰ ਨੇ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਕੋਲ ਸਪੱਸ਼ਟ ਸਬੂਤ ਹਨ ਕਿ ਭਾਰਤ ਸਰਕਾਰ ਦੇ ਏਜੰਟ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ ਅਤੇ ਅਜੇ ਵੀ ਇਸ ਵਿਚ ਸ਼ਾਮਲ ਹਨ। ਇਸ ਨਾਲ ਜਨਤਕ ਸੁਰੱਖਿਆ ਲਈ ਗੰਭੀਰ ਖਤਰਾ ਪੈਦਾ ਹੁੰਦਾ ਹੈ। ਇਨ੍ਹਾਂ ਵਿੱਚ ਗੁਪਤ ਖੁਫੀਆ ਜਾਣਕਾਰੀ ਇਕੱਠੀ ਕਰਨ ਦੀਆਂ ਤਕਨੀਕਾਂ, ਦੱਖਣੀ ਏਸ਼ੀਆਈ ਕੈਨੇਡੀਅਨਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਨਾਲ ਸਜ਼ਾਤਮਕ ਵਤੀਰਾ ਕਰਨਾ ਅਤੇ ਕਤਲ ਸਮੇਤ ਇੱਕ ਦਰਜਨ ਤੋਂ ਵੱਧ ਧਮਕੀ ਭਰੇ ਅਤੇ ਹਿੰਸਕ ਕਾਰਵਾਈਆਂ ਵਿੱਚ ਸ਼ਮੂਲੀਅਤ ਸ਼ਾਮਲ ਹੈ।'' ਟਰੂਡੋ ਨੇ ਦਾਅਵਾ ਕੀਤਾ ਕਿ ਆਰ.ਸੀ.ਐੱਮ.ਪੀ. ਅਤੇ ਰਾਸ਼ਟਰੀ ਸੁਰੱਖਿਆ ਅਧਿਕਾਰੀਆਂ ਨੇ ਇਸ ਮਾਮਲੇ ਵਿਚ ਭਾਰਤ ਨਾਲ ਮਿਲ ਕੰਮ ਕਰਨ ਦੀ ਕੋਸ਼ਿਸ਼ ਕੀਤੀ ਪਰ ਵਾਰ-ਵਾਰ ਇਨਕਾਰ ਕੀਤਾ ਗਿਆ। ਇਹੀ ਕਰਾਨ ਹੈ ਕਿ ਇਸ ਹਫਤੇ ਦੇ ਅੰਤ ਵਿੱਚ, ਕੈਨੇਡੀਅਨ ਅਧਿਕਾਰੀਆਂ ਨੇ ਇੱਕ ਅਸਾਧਾਰਨ ਕਦਮ ਚੁੱਕਿਆ। ਉਨ੍ਹਾਂ ਨੇ ਆਰ.ਸੀ.ਐੱਮ.ਪੀ. ਦੇ ਸਬੂਤ ਸਾਂਝੇ ਕਰਨ ਲਈ ਭਾਰਤੀ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ, ਜਿਸ ਤੋਂ ਇਹ ਸਿੱਟਾ ਕੱਢਿਆ ਗਿਆ ਕਿ ਭਾਰਤ ਸਰਕਾਰ ਦੇ 6 ਏਜੰਟ ਕਥਿਤ ਤੌਰ 'ਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਭਾਰਤ ਵੱਲੋਂ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ, ਉਸ ਨੇ ਸਹਿਯੋਗ ਨਾ ਕਰਨ ਦਾ ਫੈਸਲਾ ਕੀਤਾ ਹੈ। ਉਥੇ ਹੀ ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ ਅਤੇ ਕੈਨੇਡੀਅਨ ਡਿਪਲੋਮੈਟਾਂ ਨੂੰ 19 ਅਕਤੂਬਰ ਨੂੰ ਰਾਤ 11:59 ਵਜੇ ਜਾਂ ਇਸ ਤੋਂ ਪਹਿਲਾਂ ਦੇਸ਼ ਛੱਡਣ ਲਈ ਕਿਹਾ ਹੈ।
ਇਹ ਵੀ ਪੜ੍ਹੋ: ਇਮਰਾਨ ਖਾਨ ਦੀ ਪਾਰਟੀ ਦੇ ਕਰੀਬ 200 ਵਰਕਰ SCO ਸੰਮੇਲਨ ਤੋਂ ਪਹਿਲਾਂ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8