ਗੈਰਕਾਨੂੰਨੀ ਪ੍ਰਵਾਸੀਆਂ ਨੂੰ ਵੱਡੇ ਪੱਧਰ ’ਤੇ ਡਿਪੋਰਟ ਕਰੇਗੀ ਟਰੂਡੋ ਸਰਕਾਰ

Thursday, Nov 14, 2024 - 06:05 PM (IST)

ਗੈਰਕਾਨੂੰਨੀ ਪ੍ਰਵਾਸੀਆਂ ਨੂੰ ਵੱਡੇ ਪੱਧਰ ’ਤੇ ਡਿਪੋਰਟ ਕਰੇਗੀ ਟਰੂਡੋ ਸਰਕਾਰ

ਵੈਨਕੂਵਰ: ਕੈਨੇਡਾ ਪ੍ਰਵਾਸੀਆਂ 'ਤੇ ਦਿਨੋ-ਦਿਨ ਸਖ਼ਤੀ ਵਧਾਉਂਦਾ ਜਾ ਰਿਹਾ ਹੈ। ਹਾਲ ਹੀ ਵਿਚ ਕੈਨੇਡਾ ਵਿਚ ਗੈਰਕਾਨੂੰਨੀ ਤੌਰ ’ਤੇ ਮੌਜੂਦ ਪ੍ਰਵਾਸੀਆਂ ਵਿਰੁੱਧ ਸਖ਼ਤੀ ਵਰਤਣ ਦੇ ਸੰਕੇਤ ਦਿੰਦਿਆਂ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਸਸਤੇ ਮਜ਼ਦੂਰਾਂ ਦੀ ਉਪਲਬਧਤਾ ਵਾਲਾ ਦੌਰ ਬੀਤੇ ਦੀ ਗੱਲ ਹੋ ਚੁੱਕਾ ਹੈ ਅਤੇ ਹੁਣ ਕੈਨੇਡੀਅਨ ਰੁਜ਼ਗਾਰਦਾਤਾਵਾਂ ਨੂੰ ਉਚੀਆਂ ਉਜਰਤ ਦਰਾਂ ’ਤੇ ਕਾਮੇ ਰੱਖਣੇ ਹੋਣਗੇ। ਮਾਰਕ ਮਿਲਰ ਦਾ ਕਹਿਣਾ ਸੀ ਕਿ ਟੈਂਪਰੇਰੀ ਵੀਜ਼ਾ ’ਤੇ ਆਏ ਪਰ ਸਮੇਂ ਸਿਰ ਵਾਪਸੀ ਨਾ ਕਰਨ ਵਾਲਿਆਂ ਨੂੰ ਆਉਂਦੇ ਕੁਝ ਮਹੀਨਿਆਂ ਦੌਰਾਨ ਵੱਡੀ ਗਿਣਤੀ ਵਿਚ ਡਿਪੋਰਟ ਕੀਤਾ ਜਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਡਿਪੋਰਟ ਕੀਤੇ ਜਾਣ ਵਾਲੇ ਪ੍ਰਵਾਸੀਆਂ ਵਿਚੋਂ ਜ਼ਿਆਦਾਤਰ ਉਹ ਲੋਕ ਹੋ ਸਕਦੇ ਹਨ ਜਿਨ੍ਹਾਂ ਨੂੰ ਪਿਛਲੇ ਅੱਠ ਸਾਲ ਦੌਰਾਨ ਦੇਸ਼ ਛੱਡਣ ਦੇ ਹੁਕਮ ਦਿਤੇ ਗਏ ਪਰ ਉਨ੍ਹਾਂ ਨੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਫਸਰਾਂ ਦੀਆਂ ਅੱਖਾਂ ਵਿਚ ਘਟਾ ਪਾਉਂਦਿਆਂ ਆਪਣਾ ਟਿਕਾਣਾ ਹੀ ਬਦਲ ਲਿਆ। 

PunjabKesari

ਸਸਤੀ ਲੇਬਰ ਭੁੱਲ ਜਾਣ ਕੈਨੇਡਾ ਵਾਲੇ 

ਇੱਥੇ ਦੱਸਣਾ ਬਣਦਾ ਹੈ ਕਿ ਕੈਨੇਡਾ ਸਰਕਾਰ ਵੱਲੋਂ ਮੁਲਕ ਵਿਚ ਨਵੇਂ ਸੱਦੇ ਜਾਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਵਿਚ 21 ਫ਼ੀਸਦੀ ਕਟੌਤੀ ਕੀਤੀ ਜਾ ਰਹੀ ਹੈ ਅਤੇ ਟੈਂਪਰੇਰੀ ਰੈਜ਼ੀਡੈਂਟਸ ਦਾ ਦਾਖਲਾ ਵੀ ਵੱਡੇ ਪੱਧਰ ’ਤੇ ਘਟਾਇਆ ਜਾ ਰਿਹਾ ਹੈ। ਗ੍ਰੇਟਰ ਵੈਨਕੂਵਰ ਬੋਰਡ ਆਫ਼ ਟਰੇਡ ਵੱਲੋਂ ਕਰਵਾਏ ਸਮਾਗਮ ਵਿਚ ਪੁੱਜੇ ਇਮੀਗ੍ਰੇਸ਼ਨ ਮੰਤਰੀ ਨੇ ਅੱਗੇ ਕਿਹਾ ਕਿ ਰੁਜ਼ਗਾਰਦਾਤਾਵਾਂ ਅਤੇ ਕਾਮਿਆਂ ਦਰਮਿਆਨ ਸਭ ਤੋਂ ਮਾੜੇ ਸਬੰਧ ਦੇਖਣੇ ਹੋਣ ਤਾਂ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਸ਼੍ਰੇਣੀ ਵਿਚ ਦੇਖੇ ਜਾ ਸਕਦੇ ਹਨ ਜਿਥੇ ਕਿਰਤੀਆਂ ਦਾ ਵੱਡੇ ਪੱਧਰ ’ਤੇ ਸ਼ੋਸ਼ਣ ਕੀਤਾ ਜਾਂਦਾ ਹੈ। ਖੇਤੀ ਸੈਕਟਰ ਅਤੇ ਫੂਡ ਪ੍ਰੋਸੈਸਿੰਗ ਵਿਚ ਤਾਂ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਬਣਦਾ ਮਿਹਨਤਾਨਾ ਵੀ ਨਹੀਂ ਮਿਲਦਾ ਪਰ ਫੈਡਰਲ ਸਰਕਾਰ ਵੱਲੋਂ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਅਥਾਹ ਆਮਦ ’ਤੇ ਰੋਕ ਲਾ ਦਿਤੀ ਗਈ ਹੈ ਅਤੇ ਹੁਣ ਸਸਤੇ ਵਿਦੇਸ਼ੀ ਮਜ਼ਦੂਰ ਮਿਲਣ ਵਾਲਾ ਦੌਰ ਲੰਘ ਚੁੱਕਾ ਹੈ। ਮਾਰਕ ਮਿਲਰ ਨੇ ਦੱਸਿਆ ਕਿ ਨਵੇਂ ਵਰ੍ਹੇ ਵਿਚ ਦਾਖਲ ਹੁੰਦਿਆਂ ਹਾਲਾਤ ਹੋਰ ਬਿਹਤਰ ਹੋਣਗੇ ਅਤੇ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਗਿਣਤੀ ਹੋਰ ਘਟ ਜਾਵੇਗੀ। ਉਨ੍ਹਾਂ ਦਲੀਲ ਦਿਤੀ ਕਿ ਕੈਨੇਡਾ ਵਿਚ ਮੌਜੂਦ ਕਿਰਤੀਆਂ ਨੂੰ ਪੀ.ਆਰ. ਦੇਣ ਵੱਲ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ ਅਤੇ ਵਿਦੇਸ਼ਾਂ ਤੋਂ ਕਿਰਤੀ ਸੱਦਣ ਦਾ ਰੁਝਾਨ ਘਟਾਇਆ ਗਿਆ ਹੈ।

ਪੜ੍ਹੋ ਇਹ ਅਹਿਮ ਖ਼ਬਰ- Canada 'ਚ ਅਰਸ਼ ਡੱਲਾ 'ਤੇ ਸਖ਼ਤ ਕਾਰਵਾਈ, ਸਬੂਤਾਂ ਨਾਲ ਛੇੜਛਾੜ ਸਮੇਤ 11 ਕੇਸ ਦਰਜ

ਵਿਜ਼ਟਰ ਵੀਜ਼ਾ ਵਾਲਿਆਂ ਵਿਰੁੱਧ ਹੋਵੇਗੀ ਸਭ ਤੋਂ ਵੱਧ ਸਖ਼ਤੀ 

ਟੈਂਪਰੇਰੀ ਵੀਜ਼ਾ ’ਤੇ ਆਏ ਲੋਕਾਂ ਦਾ ਜ਼ਿਕਰ ਕਰਦਿਆਂ ਇਮੀਗ੍ਰੇਸ਼ਨ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਲੋਕ ਵੀਜ਼ਾ ਮਿਆਦ ਲੰਘਣ ਤੋਂ ਬਾਅਦ ਵੀ ਵਾਪਸੀ ਨਹੀਂ ਕਰਦੇ ਅਤੇ ਇਸ ਤਰੀਕੇ ਨਾਲ ਉਹ ਕਾਨੂੰਨ ਤੋੜ ਰਹੇ ਹੁੰਦੇ ਹਨ। ਦੱਸ ਦੇਈਏ ਕਿ ਗਲੋਬਲ ਨਿਊਜ਼ ਵੱਲੋਂ ਪ੍ਰਕਾਸ਼ਤ ਇਕ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਕਿ ਅਪਰਾਧਕ ਸਰਗਰਮੀਆਂ ਵਿਚ ਸ਼ਾਮਲ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੇ ਹੁਕਮ ਤਾਂ ਜਾਰੀ ਹੋਏ ਪਰ 2018 ਤੱਕ 1,200 ਲੋਕ ਕੈਨੇਡਾ ਵਿਚ ਹੀ ਮੌਜੂਦ ਸਨ। ਉਧਰ ਅਮਰੀਕਾ ਚੋਣਾਂ ਵਿਚ ਡੋਨਾਲਡ ਟਰੰਪ ਦੀ ਜਿੱਤ ਮਗਰੋਂ ਪੈਦਾ ਹੋਏ ਹਾਲਾਤ ਬਾਰੇ ਮਾਰਕ ਮਿਲਰ ਨੇ ਕਿਹਾ ਕਿ ਉਹ ਟੌਮ ਹੋਮੈਨ ਨਾਲ ਸਿੱਧੀ ਗੱਲਬਾਤ ਕਰਨਾ ਚਾਹੁਣਗੇ। ਬਿਨਾਂ ਸ਼ੱਕ ਗੱਲਬਾਤ ਰਾਹ ਸੁਖਾਲਾ ਨਹੀਂ ਹੋਵੇਗਾ ਪਰ ਕੈਨੇਡਾ ਉਮੀਦ ਕਰਦਾ ਹੈ ਕਿ ਨਵੀਂ ਅਮਰੀਕੀ ਸਰਕਾਰ ਸੇਫ ਥਰਡ ਕੰਟਰੀ ਐਗਰੀਮੈਂਟ ਦੀ ਪਾਲਣਾ ਯਕੀਨੀ ਬਣਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News