Trump ਦਾ 32 ਲੱਖ ਵਿਦੇਸ਼ੀਆਂ ਲਈ ਨਵਾਂ ਐਲਾਨ

Friday, Mar 14, 2025 - 01:26 PM (IST)

Trump ਦਾ 32 ਲੱਖ ਵਿਦੇਸ਼ੀਆਂ ਲਈ ਨਵਾਂ ਐਲਾਨ

ਵਾਸ਼ਿੰਗਟਨ/ਟੋਰਾਂਟੋ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲ ਹੀ ਵਿਚ ਵਿਦੇਸ਼ੀਆਂ 'ਤੇ ਇਕ ਨਵਾਂ ਨਿਯਮ ਲਾਗੂ ਕੀਤਾ ਹੈ।ਪਹਿਲਾਂ ਤੋਂ ਹੀ ਹਜ਼ਾਰਾਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦਾ ਸਿਲਸਿਲਾ ਜਾਰੀ ਹੈ। ਨਵੇਂ ਨਿਯਮ ਵਿਚ ਕੈਨੇਡੀਅਨ ਵਿਜ਼ਟਰਜ਼ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਅਮਰੀਕਾ ਦੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਜਾਰੀ ਨਵੀਆਂ ਹਦਾਇਤਾਂ ਮੁਤਾਬਕ 30 ਦਿਨ ਤੋਂ ਵੱਧ ਸਮਾਂ ਅਮਰੀਕਾ ਰਹਿਣ ਦੇ ਇੱਛੁਕ ਕੈਨੇਡੀਅਨਜ਼ ਨੂੰ ਆਪਣੀਆਂ ਉਂਗਲਾਂ ਦੇ ਨਿਸ਼ਾਨ ਦਿੰਦਿਆਂ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ। ਨਵੇਂ ਨਿਯਮ 11 ਅਪ੍ਰੈਲ ਤੋਂ ਲਾਗੂ ਹੋਣਗੇ ਅਤੇ 9 ਲੱਖ ਤੋਂ ਵੱਧ ਕੈਨੇਡੀਅਨਜ਼ ਪ੍ਰਭਾਵਿਤ ਹੋ ਸਕਦੇ ਹਨ ਜਿਨ੍ਹਾਂ ਵਿਚੋਂ ਜ਼ਿਆਦਾਤਰ ਸਰਦੀਆਂ ਦਾ ਸਮਾਂ ਲੰਘਾਉਣ ਅਮਰੀਕਾ ਦੇ ਫਲੋਰੀਡਾ, ਟੈਕਸਸ ਅਤੇ ਸਾਊਥ ਕੈਰੋਲਾਈਨਾ ਰਾਜਾਂ ਵੱਲ ਜਾਂਦੇ ਹਨ।

22 ਲੱਖ ਤੋਂ 32 ਲੱਖ ਵਿਦੇਸ਼ੀ ਨਾਗਰਿਕ ਹੋਣਗੇ ਪ੍ਰਭਾਵਿਤ

ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਉਰਿਟੀ ਦਾ ਮੰਨਣਾ ਹੈ ਕਿ ਵਿਜ਼ਟਰਜ਼ ਲਈ ਨਵੇਂ ਰਜਿਸਟ੍ਰੇਸ਼ਨ ਰੂਲਜ਼ ਨਾਲ 22 ਲੱਖ ਤੋਂ 32 ਲੱਖ ਵਿਦੇਸ਼ੀ ਨਾਗਰਿਕ ਪ੍ਰਭਾਵਤ ਹੋਣਗੇ। ਇੱਥੇ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਪਹਿਲਾਂ ਗੈਰਕਾਨੂੰਨੀ ਪ੍ਰਵਾਸੀਆਂ ਲਈ ਵੀ ਉਂਗਲਾਂ ਦੇ ਨਿਸ਼ਾਨ ਦਰਜ ਕਰਵਾਉਣਾ ਲਾਜ਼ਮੀ ਕੀਤਾ ਜਾ ਚੁੱਕਾ ਹੈ ਅਤੇ ਅਜਿਹਾ ਨਾ ਕਰਨ ਵਾਲਿਆਂ ਨੂੰ ਜੇਲ੍ਹ ਭੇਜਣ ਦੀ ਧਮਕੀ ਦਿੱਤੀ ਗਈ ਹੈ। ਦਰਅਸਲ ਰਾਸ਼ਟਰਪਤੀ ਡੋਨਾਲਡ ਟਰੰਪ ਲੱਖਾਂ ਦੀ ਗਿਣਤੀ ਵਿਚ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਚਾਹੁੰਦੇ ਹਨ ਪਰ ਆਈ.ਸੀ.ਈ. ਦੇ ਛਾਪਿਆਂ ਨਾਲ ਐਨਾ ਵੱਡਾ ਅੰਕੜਾ ਹਾਸਲ ਕਰਨਾ ਬੇਹੱਦ ਮੁਸ਼ਕਲ ਮਹਿਸੂਸ ਹੋ ਰਿਹਾ ਹੈ। 

ਟਰੰਪ ਸਰਕਾਰ ਵੱਲੋਂ ਹੁਣ ਤੱਕ ਡਿਪੋਰਟ ਕੀਤੇ ਜ਼ਿਆਦਾਤਰ ਪ੍ਰਵਾਸੀ ਉਹ ਰਹੇ ਹਨ, ਜਿਨ੍ਹਾਂ ਨੂੰ ਬਾਰਡਰ ਪਾਰ ਕਰਦਿਆਂ ਕਾਬੂ ਕਰ ਕੇ ਇਮੀਗ੍ਰੇਸ਼ਨ ਡਿਟੈਨਸ਼ਨ ਸੈਂਟਰ ਲਿਜਾਇਆ ਗਿਆ। ਅਮਰੀਕਾ ਦੇ ਅੰਦਰੂਨੀ ਇਲਾਕਿਆਂ ਵਿਚੋਂ ਵੀ ਪ੍ਰਵਾਸੀ ਕਾਬੂ ਕੀਤੇ ਗਏ ਪਰ ਇਹ ਗਿਣਤੀ ਟਰੰਪ ਦੀ ਸੋਚ ਤੋਂ ਕਿਤੇ ਘੱਟ ਸਾਬਤ ਹੋਈ। ਟਰੰਪ ਸਰਕਾਰ ਦਾ ਕਹਿਣਾ ਹੈ ਕਿ ਗੈਰਕਾਨੂੰਨੀ ਪ੍ਰਵਾਸੀਆਂ ਨਾਲ ਸਬੰਧਤ ਰਜਿਸਟਰੀ ਵਿਚ ਆਨਲਾਈਨ ਜਾਣਕਾਰੀ ਦਰਜ ਕੀਤੀ ਜਾ ਸਕਦੀ ਹੈ ਅਤੇ ਜਿਹੜੇ ਪ੍ਰਵਾਸੀਆਂ ਵੱਲੋਂ ਹੁਣ ਤੱਕ ਅਜਿਹਾ ਨਹੀਂ ਕੀਤਾ ਗਿਆ, ਉਹ ਜਲਦ ਤੋਂ ਜਲਦ ਇਹ ਪ੍ਰਕਿਰਿਆ ਪੂਰੀ ਕਰ ਲੈਣ।

ਪੜ੍ਹੋ ਇਹ ਅਹਿਮ ਖ਼ਬਰ-Trump ਦੀ ਸੁਪਰੀਮ ਕੋਰਟ ਨੂੰ ਅਪੀਲ, ਅਮਰੀਕਾ 'ਚ ਜਨਮਜਾਤ ਨਾਗਰਿਕਤਾ 'ਤੇ ਲੱਗੇ ਰੋਕ 

ਨਵੇਂ ਨਿਯਮ 11 ਅਪ੍ਰੈਲ ਤੋਂ ਹੋਣਗੇ ਲਾਗੂ 

ਰਜਿਸਟ੍ਰੇਸ਼ਨ ਕਰਨ ਵਾਲਿਆਂ ਨੂੰ ਸਬੰਧਤ ਦਸਤਾਵੇਜ਼ ਹਰ ਵੇਲੇ ਆਪਣੇ ਕੋਲ ਰੱਖਣ ਦਾ ਹੁਕਮ ਵੀ ਦਿੱਤਾ ਗਿਆ ਹੈ। ਇਮੀਗ੍ਰੇਸ਼ਨ ਮਾਹਰਾਂ ਨੇ ਕਿਹਾ ਕਿ ਟਰੰਪ ਸਰਕਾਰ ਪ੍ਰਵਾਸੀਆਂ ਨੂੰ ਡਰਾ ਕੇ ਵਾਪਸ ਭੇਜਣਾ ਚਾਹੁੰਦੀ ਹੈ। ਸਿਰਫ ਇਥੇ ਹੀ ਬੱਸ ਨਹੀਂ ਪਿਛਲੇ ਦਿਨੀਂ ਟਰੰਪ ਸਰਕਾਰ ਵੱਲੋਂ ਸੀ.ਬੀ.ਪੀ. ਹੋਮ ਐਪ ਨੂੰ ਨਵਾਂ ਰੂਪ ਦਿੰਦਿਆਂ ਸੈਲਫ ਡਿਪੋਰਟੇਸ਼ਨ ’ਤੇ ਜ਼ੋਰ ਦਿੱਤਾ ਗਿਆ। ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ ਨੇ ਕਿਹਾ ਕਿ ਕੌਮੀ ਪੱਧਰ ’ਤੇ ਇਸ਼ਤਿਹਾਰਬਾਜ਼ੀ ਅਤੇ ਮੋਬਾਈਲ ਐਪ ’ਤੇ 200 ਮਿਲੀਅਨ ਡਾਲਰ ਖਰਚ ਕੀਤੇ ਜਾ ਰਹੇ ਹਨ। ਖੁਦ ਅਮਰੀਕਾ ਛੱਡ ਕੇ ਜਾਣ ਵਾਲਿਆਂ ਨੂੰ ਭਵਿੱਖ ਵਿਚ ਕਾਨੂੰਨੀ ਤਰੀਕੇ ਨਾਲ ਵਾਪਸੀ ਦਾ ਮੌਕਾ ਦੇਣ ਦਾ ਲਾਰਾ ਵੀ ਲਾਇਆ ਜਾ ਰਿਹਾ ਹੈ। ਹੁਣ ਤੱਕ ਨਵੇਂ ਰੂਪ ਵਾਲੀ ਐਪ ਨਾਲ ਸਬੰਧਤ ਇਸ਼ਤਿਹਾਰ ਨਿਊ ਜਰਸੀ, ਨਿਊਯਾਰਕ, ਕੈਲੇਫੋਰਨੀਆ ਅਤੇ ਫਲੋਰੀਡਾ ਵਿਚ ਪ੍ਰਕਾਸ਼ਤ ਅਤੇ ਪ੍ਰਸਾਰਤ ਕੀਤੇ ਜਾ ਰਹੇ ਹਨ। ਐਪ ਦਾ ਇਕ ਕੌਮਾਂਤਰੀ ਰੂਪ ਵੀ ਤਿਆਰ ਕੀਤਾ ਗਿਆ ਹੈ ਜੋ ਵਿਦੇਸ਼ੀ ਨਾਗਰਿਕਾਂ ਨੂੰ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਆਉਣ ਤੋਂ ਸਖ਼ਤੀ ਨਾਲ ਵਰਜਦੀ ਹੈ। ਦੱਸ ਦੇਈਏ ਕਿ ਅਮਰੀਕਾ ਸਰਕਾਰ ਦੀ ਇਹ ਕਾਰਵਾਈ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਕੈਨੇਡੀਅਨ ਐਲੂਮੀਨਮ ਅਤੇ ਸਟੀਲ 'ਤੇ 25 ਫ਼ੀਸਦੀ ਟੈਰਿਫ ਲਾਗੂ ਹੋ ਚੁੱਕਾ ਹੈ ਅਤੇ ਕੈਨੇਡਾ ਵੱਲੋਂ ਵੀ ਅਮਰੀਕਾ ਤੋਂ ਆਉਣ ਵਾਲੀਆਂ 30 ਅਰਬ ਡਾਲਰ ਦੀਆਂ ਵਸਤਾਂ 'ਤੇ ਟੈਰਿਫ ਲਾਗੂ ਕਰ ਦਿੱਤਾ ਗਿਆ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News