ਗ੍ਰਿਜ਼ਲੀ ਭਾਲੂ ਮਾਰਨ ਦੇ ਮਾਮਲੇ ‘ਚ ਦੋ ਦੋਸ਼ੀਆਂ ਨੂੰ 3-3 ਹਜ਼ਾਰ ਡਾਲਰ ਜੁਰਮਾਨਾ
Friday, Feb 06, 2026 - 07:40 PM (IST)
ਵੈਨਕੂਵਰ, (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੇ ਟੈਕਸਾਡਾ ਆਈਲੈਂਡ ‘ਤੇ ਗ੍ਰਿਜ਼ਲੀ ਭਾਲੂ ਮਾਰੇ ਜਾਣ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੰਦਿਆਂ ਦੋਹਾਂ ‘ਤੇ 3-3 ਹਜ਼ਾਰ ਡਾਲਰ ਜੁਰਮਾਨਾ ਲਗਾਇਆ ਗਿਆ ਹੈ। ਦੋਸ਼ੀਆਂ ਦੀ ਪਛਾਣ ਕੋਡੀ ਬੀਵਨ ਅਤੇ ਸੇਨੇਕਾ ਐਂਥਨੀ ਵਜੋਂ ਹੋਈ ਹੈ।
ਜ਼ਿਕਰਯੋਗ ਹੈ ਕਿ ਜੁਲਾਈ 2025 ਵਿੱਚ ਗ੍ਰਿਜ਼ਲੀ ਭਾਲੂ ਦੇ ਮਾਰੇ ਜਾਣ ਤੋਂ ਬਾਅਦ ਦੋਸ਼ੀਆਂ ਵੱਲੋਂ ਇਸ ਘਟਨਾ ਦੀ ਸਮੇਂ ‘ਤੇ ਸੂਚਨਾ ਸੰਬੰਧਿਤ ਵਿਭਾਗ ਨੂੰ ਨਹੀਂ ਦਿੱਤੀ ਗਈ ਸੀ। ਇਸ ਕਾਰਨ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ।
ਬੀ.ਸੀ. ਕਨਜ਼ਰਵੇਸ਼ਨ ਅਫਸਰ ਸਰਵਿਸ ਵੱਲੋਂ ਦੱਸਿਆ ਗਿਆ ਹੈ ਕਿ ਜੰਗਲੀ ਜੀਵਾਂ ਨਾਲ ਜੁੜੀਆਂ ਅਜਿਹੀਆਂ ਘਟਨਾਵਾਂ ਦੀ ਤੁਰੰਤ ਰਿਪੋਰਟ ਕਰਨੀ ਕਾਨੂੰਨੀ ਤੌਰ ‘ਤੇ ਲਾਜ਼ਮੀ ਹੈ। ਅਜਿਹਾ ਨਾ ਕਰਨ ਨਾਲ ਜੰਗਲੀ ਜੀਵ ਸੰਰੱਖਣ ਦੇ ਨਿਯਮਾਂ ਦੀ ਉਲੰਘਣਾ ਮੰਨੀ ਜਾਂਦੀ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਗ੍ਰਿਜ਼ਲੀ ਭਾਲੂ ਬ੍ਰਿਟਿਸ਼ ਕੋਲੰਬੀਆ ਦੀ ਮਹੱਤਵਪੂਰਨ ਜੰਗਲੀ ਵਿਰਾਸਤ ਦਾ ਹਿੱਸਾ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਸਖ਼ਤ ਕਾਨੂੰਨ ਲਾਗੂ ਹਨ। ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਲਾਪਰਵਾਹੀ ਭਵਿੱਖ ਵਿੱਚ ਗੰਭੀਰ ਨਤੀਜੇ ਪੈਦਾ ਕਰ ਸਕਦੀ ਹੈ। ਸਥਾਨਕ ਭਾਈਚਾਰੇ ਵੱਲੋਂ ਵੀ ਇਸ ਮਾਮਲੇ ‘ਤੇ ਚਿੰਤਾ ਜ਼ਾਹਰ ਕਰਦਿਆਂ ਜੰਗਲੀ ਜੀਵਾਂ ਦੀ ਸੁਰੱਖਿਆ ਲਈ ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਜੰਗਲੀ ਜੀਵ ਸੰਬੰਧੀ ਘਟਨਾ ਵਾਪਰਦੀ ਹੈ ਤਾਂ ਤੁਰੰਤ ਸੰਬੰਧਿਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
