ਅਦਾਲਤ ਦੀ ਸੁਣਵਾਈ ''ਚ ਗੈਰਹਾਜ਼ਰੀ ਤੋਂ ਨਾਖੁਸ਼ ਅਦਾਲਤ ਨੇ ਇਮਰਾਨ ਖਾਨ ਨੂੰ ਦਿੱਤੀ ਜ਼ਮਾਨਤ ਰੱਦ ਕਰਨ ਦੀ ਚੇਤਾਵਨੀ
Wednesday, May 03, 2023 - 04:53 PM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਵੱਖ-ਵੱਖ ਅਦਾਲਤੀ ਸੁਣਵਾਈਆਂ ਤੋਂ ਲਗਾਤਾਰ ਗੈਰਹਾਜ਼ਰੀ 'ਤੇ ਨਾਖੁਸ਼ੀ ਜ਼ਾਹਰ ਕਰਦੇ ਹੋਏ ਉਨ੍ਹਾਂ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ ਨੂੰ ਰੱਦ ਕਰਨ ਦੀ ਚਿਤਾਵਨੀ ਦਿੱਤੀ ਹੈ। ਪਿਛਲੇ ਸਾਲ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਸੰਸਦ ਮੈਂਬਰ ਮੋਹਸਿਨ ਸ਼ਾਹਨਵਾਜ਼ ਰਾਂਝਾ ਵੱਲੋਂ ਦਾਇਰ ਕਤਲ ਦੀ ਕੋਸ਼ਿਸ਼ ਦੇ ਮਾਮਲੇ 'ਚ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਪਾਰਟੀ ਦੇ ਮੁਖੀ ਖਾਨ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਇਸਲਾਮਾਬਾਦ ਹਾਈ ਕੋਰਟ ਦੇ ਚੀਫ ਜਸਟਿਸ ਆਮਿਰ ਫਾਰੂਕ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਨੇ "ਅਦਾਲਤਾਂ ਦਾ ਮਜ਼ਾਕ" ਬਣਾਇਆ ਹੋਇਆ ਹੈ।
ਨਾਲ ਹੀ ਅਦਾਲਤ ਨੇ ਖਾਨ ਨੂੰ ਬੁੱਧਵਾਰ ਨੂੰ ਹੀ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਪ੍ਰੈਲ 'ਚ ਬੇਭਰੋਸਗੀ ਮਤੇ ਦੇ ਜ਼ਰੀਏ ਸੱਤਾ ਤੋਂ ਹਟਾਏ ਜਾਣ ਤੋਂ ਬਾਅਦ ਖਾਨ ਖ਼ਿਲਾਫ਼ 100 ਤੋਂ ਜ਼ਿਆਦਾ ਮਾਮਲੇ ਦਰਜ ਕੀਤੇ ਗਏ ਹਨ। ਹਾਲਾਂਕਿ ਅਜੇ ਤੱਕ ਉਨ੍ਹਾਂ ਨੂੰ ਕਿਸੇ ਵੀ ਮਾਮਲੇ 'ਚ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਕਈ ਮਾਮਲਿਆਂ ਵਿੱਚ ਖਾਨ (70) ਨੂੰ ਹਾਈ ਕੋਰਟ ਨੇ ਇਸ ਸ਼ਰਤ 'ਤੇ ਅਗਾਊਂ ਜ਼ਮਾਨਤ ਦਿੱਤੀ ਹੈ ਕਿ ਉਹ ਅਦਾਲਤੀ ਸੁਣਵਾਈਆਂ ਵਿੱਚ ਹਾਜ਼ਰ ਰਹਿਣਗੇ, ਜਿਸ ਲਈ ਖਾਨ ਨੇ ਸਹਿਮਤੀ ਜਤਾਈ ਸੀ। ਜਸਟਿਸ ਫਾਰੂਕ ਨੇ ਵੱਖ-ਵੱਖ ਮਾਮਲਿਆਂ 'ਚ ਸਾਬਕਾ ਪ੍ਰਧਾਨ ਮੰਤਰੀ ਖਾਨ ਦੇ ਲਗਾਤਾਰ ਗੈਰ-ਹਾਜ਼ਰੀ 'ਤੇ ਨਾਖੁਸ਼ੀ ਜ਼ਾਹਰ ਕਰਦੇ ਹੋਏ ਉਨ੍ਹਾਂ ਨੂੰ ਅੱਜ ਹੀ ਅਦਾਲਤ 'ਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਜੇਕਰ ਖਾਨ ਅੱਜ ਖੁਦ ਅਦਾਲਤ ਵਿੱਚ ਪੇਸ਼ ਨਹੀਂ ਹੁੰਦੇ ਹਨ ਤਾਂ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਰੱਦ ਕਰ ਦਿੱਤੀ ਜਾਵੇਗੀ।