ਕੈਨੇਡਾ : ਯੂਨੀਵਰਸਿਟੀ ਆਫ ਓਟਾਵਾ ''ਚ ਕੋਰੋਨਾ ਦੀ ਦਸਤਕ
Thursday, Sep 17, 2020 - 03:53 PM (IST)
ਓਟਾਵਾ- ਕੈਨੇਡਾ ਦੀ ਯੂਨੀਵਰਸਿਟੀ ਆਫ ਓਟਾਵਾ ਨੇ ਦੱਸਿਆ ਕਿ ਉਨ੍ਹਾਂ ਦਾ ਇਕ ਕਰਮਚਾਰੀ ਕੋਰੋਨਾ ਪੀੜਤ ਪਾਇਆ ਗਿਆ ਹੈ। ਇਸ ਕਾਰਨ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਨੂੰ ਇਕਾਂਤਵਾਸ ਹੋਣ ਦੀ ਸਲਾਹ ਦਿੱਤੀ ਗਈ ਹੈ। ਯੂਨੀਵਰਸਿਟੀ ਵਲੋਂ ਜਾਰੀ ਬਿਆਨ ਵਿਚ ਦੱਸਿਆ ਗਿਆ ਹੈ ਕਿ ਬੁੱਧਵਾਰ ਸਵੇਰੇ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ਹੈ। ਇਹ ਕਰਮਚਾਰੀ ਤਾਬਰੇਟ ਹਾਲ ਵਿਚ ਪਿਛਲੇ ਹਫਤੇ ਤੋਂ ਕੰਮ ਕਰ ਰਿਹਾ ਸੀ।
ਯੂਨੀਵਰਸਿਟੀ ਨੇ ਕਿਹਾ ਕਿ ਉਨ੍ਹਾਂ ਵਲੋਂ ਸੁਰੱਖਿਆ ਦੇ ਸਾਰੇ ਪ੍ਰਬੰਧ ਪੁਖਤਾ ਕੀਤੇ ਗਏ ਸਨ ਪਰ ਫਿਰ ਵੀ ਕੋਰੋਨਾ ਦਾ ਮਾਮਲਾ ਸਾਹਮਣੇ ਆਇਆ ਹੈ। ਯੂਨੀਵਰਸਿਟੀ ਵਲੋਂ ਸਫਾਈ ਆਦਿ ਲਈ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਹੋਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਪਾਜ਼ੀਟਿਵ ਕਰਮਚਾਰੀ ਨੂੰ ਸਿਹਤ ਮਾਹਿਰਾਂ ਦੀ ਨਿਗਰਾਨੀ ਵਿਚ ਰੱਖਿਆ ਗਿਆ ਹੈ। ਯੂਨੀਵਰਸਿਟੀ ਵਲੋਂ ਹਰੇਕ ਨੂੰ ਮਾਸਕ ਪਾਉਣ, ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਲੋਕਾਂ ਨੂੰ ਵਾਰ-ਵਾਰ ਹੱਥ ਧੋਣ ਤੇ ਸੁਰੱਖਿਅਤ ਰਹਿਣ ਲਈ ਕਿਹਾ ਗਿਆ ਹੈ।
ਯੂਨੀਵਰਸਿਟੀ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਰੋਨਾ ਦੇ ਹਲਕੇ ਜਿਹੇ ਵੀ ਲੱਛਣ ਦਿਖਾਈ ਦੇਣ ਤਾਂ ਉਹ ਡਾਕਟਰ ਨਾਲ ਸੰਪਰਕ ਕਰੇ।