ਅਮਰੀਕਾ ਭਾਰਤ ਨਾਲ ਦੁਵੱਲੇ ਸਬੰਧਾਂ ਨੂੰ ਮਹੱਤਵ ਦਿੰਦਾ ਹੈ: ਵ੍ਹਾਈਟ ਹਾਊਸ
Wednesday, Jun 22, 2022 - 05:26 PM (IST)
ਵਾਸ਼ਿੰਗਟਨ (ਏਜੰਸੀ)- ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਭਾਰਤ ਰਣਨੀਤਕ ਤੌਰ 'ਤੇ ਮਹੱਤਵਪੂਰਨ ਇੰਡੋ-ਪੈਸੀਫਿਕ ਖੇਤਰ ਵਿਚ ਅਮਰੀਕਾ ਦਾ "ਬਹੁਤ ਮਹੱਤਵਪੂਰਨ" ਰਣਨੀਤਕ ਭਾਈਵਾਲ ਹੈ ਅਤੇ ਵਾਸ਼ਿੰਗਟਨ ਨਵੀਂ ਦਿੱਲੀ ਨਾਲ ਆਪਣੇ ਦੁਵੱਲੇ ਸਬੰਧਾਂ ਦੀ ਕਦਰ ਕਰਦਾ ਹੈ। ਅਮਰੀਕੀ ਰਾਸ਼ਟਰਪਤੀ ਦੇ ਦਫ਼ਤਰ ਨੇ ਇਹ ਵੀ ਕਿਹਾ ਕਿ ਰੂਸ ਨੂੰ ਲੈ ਕੇ ਹਰ ਦੇਸ਼ ਨੇ ਫੈਸਲਾ ਲੈਣਾ ਹੈ। ਰਣਨੀਤਕ ਸੰਚਾਰ 'ਤੇ ਵ੍ਹਾਈਟ ਹਾਊਸ ਸੁਰੱਖਿਆ ਪ੍ਰੀਸ਼ਦ ਦੇ ਕੋਆਰਡੀਨੇਟਰ ਜੌਨ ਕਿਰਬੀ ਨੇ ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਗੱਲ ਕਹੀ।
ਰੂਸ ਤੋਂ ਰਿਆਇਤੀ ਦਰਾਂ 'ਤੇ ਤੇਲ ਖ਼ਰੀਦਣ ਦੇ ਭਾਰਤ ਦੇ ਫ਼ੈਸਲੇ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ, 'ਅਸੀਂ ਭਾਰਤੀ ਨੇਤਾਵਾਂ ਨੂੰ ਉਨ੍ਹਾਂ ਦੀਆਂ ਆਰਥਿਕ ਨੀਤੀਆਂ ਬਾਰੇ ਗੱਲ ਕਰਨ ਦੇਵਾਂਗੇ। ਅਸੀਂ ਤੁਹਾਨੂੰ ਸਿਰਫ਼ ਇਹੀ ਦੱਸ ਸਕਦੇ ਹਾਂ ਕਿ ਅਸੀਂ ਭਾਰਤ ਦੇ ਨਾਲ ਇਸ ਦੁਵੱਲੇ ਸਬੰਧਾਂ ਦੀ ਕਦਰ ਕਰਦੇ ਹਾਂ। ਹਰ ਦੇਸ਼ ਨੂੰ ਆਪਣੇ ਲਈ ਫ਼ੈਸਲਾ ਕਰਨਾ ਪੈਂਦਾ ਹੈ।' ਯੂਕ੍ਰੇਨ 'ਤੇ ਰੂਸ ਦੇ ਹਮਲੇ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ, 'ਇਹ ਪ੍ਰਭੂਸੱਤਾ ਸੰਪੰਨ ਫ਼ੈਸਲਾ ਹੈ ਪਰ ਅਸੀਂ ਚਾਹੁੰਦੇ ਹਾਂ ਕਿ ਰੂਸ 'ਤੇ ਜਿੰਨਾ ਵੀ ਅੰਤਰਰਾਸ਼ਟਰੀ ਦਬਾਅ ਬਣਾਇਆ ਜਾ ਸਕਦਾ ਹੈ, ਉਹ ਬਣਾਇਆ ਜਾਣਾ ਚਾਹੀਦਾ ਹੈ। (ਵਲਾਦੀਮੀਰ) ਪੁਤਿਨ ਜੋ ਕਰ ਰਹੇ ਹਨ, ਉਸ ਦੀ ਕੀਮਤ ਉਨ੍ਹਾਂ ਨੂੰ ਚੁਕਾਉਣੀ ਚਾਹੀਦੀ ਹੈ।'
ਜ਼ਿਕਰਯੋਗ ਹੈ ਕਿ ਰੂਸ ਦੇ ਯੂਕ੍ਰੇਨ 'ਤੇ ਹਮਲੇ ਤੋਂ ਬਾਅਦ ਕਈ ਦੇਸ਼ਾਂ ਨੇ ਰੂਸ 'ਤੇ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਹਨ। ਕਿਰਬੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ "ਇੰਡੋ-ਪੈਸੀਫਿਕ ਖੇਤਰ ਵਿੱਚ ਇੱਕ ਮਹੱਤਵਪੂਰਨ ਰਣਨੀਤਕ ਭਾਈਵਾਲ ਹੈ, ਅਤੇ ਇਹ ਸਾਂਝੇਦਾਰੀ ਰੱਖਿਆ ਅਤੇ ਸੁਰੱਖਿਆ ਅਤੇ ਅਰਥ ਸ਼ਾਸਤਰ ਦੇ ਕਈ ਖੇਤਰਾਂ ਵਿੱਚ ਪ੍ਰਤੀਬਿੰਬਤ ਹੁੰਦੀ ਹੈ।" ਜ਼ਿਕਰਯੋਗ ਹੈ ਕਿ ਯੂਕ੍ਰੇਨ 'ਤੇ ਹਮਲੇ ਤੋਂ ਬਾਅਦ ਭਾਰਤ ਨੇ ਰੂਸ ਦੀ ਖੁੱਲ੍ਹ ਕੇ ਨਿੰਦਾ ਨਹੀਂ ਕੀਤੀ ਹੈ, ਹਾਲਾਂਕਿ ਉਸ ਨੇ ਲਗਾਤਾਰ ਕਿਹਾ ਹੈ ਕਿ ਸਮੱਸਿਆ ਦਾ ਹੱਲ ਗੱਲਬਾਤ ਰਾਹੀਂ ਲੱਭਿਆ ਜਾਣਾ ਚਾਹੀਦਾ ਹੈ। ਭਾਰਤ ਨੇ ਕਿਹਾ ਹੈ ਕਿ ਰੂਸ ਤੋਂ ਕੱਚਾ ਤੇਲ ਖ਼ਰੀਦਣ ਦਾ ਫੈਸਲਾ ਦੇਸ਼ ਦੀਆਂ ਈਂਧਨ ਜ਼ਰੂਰਤਾਂ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਗਿਆ ਹੈ।