ਅਮਰੀਕਾ ਨੇ ਸਾਊਦੀ ਅਰਬ ਗਏ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਚਿਤਾਵਨੀ

11/22/2017 10:58:28 AM

ਵਾਸ਼ਿੰਗਟਨ (ਭਾਸ਼ਾ)— ਅਮਰੀਕਾ ਨੇ ਸਾਊਦੀ ਅਰਬ ਦੀ ਯਾਤਰਾ ਕਰ ਰਹੇ ਆਪਣੇ ਨਾਗਰਿਕਾਂ ਨੁੰ ਗੁਆਂਢੀ ਦੇਸ਼ ਯਮਨ ਤੋਂ ਬੈਲਿਸਟਿਕ ਮਿਜ਼ਾਈਲ ਹਮਲਿਆਂ ਦੇ ਖਤਰੇ ਦੀ ਚਿਤਾਵਨੀ ਦਿੱਤੀ ਹੈ। ਅਮਰੀਕਾ ਦੀ ਇਹ ਚਿਤਾਵਨੀ ਸਾਊਦੀ ਅਰਬ ਦੀ ਰਾਜਧਾਨੀ ਰਿਆਦ ਵਿਚ ਅੰਤਰ ਰਾਸ਼ਟਰੀ ਹਵਾਈ ਅੱਡੇ ਨੇੜੇ ਇਸ ਹਫਤੇ ਦੀ ਸ਼ੁਰੂਆਤ ਵਿਚ ਹੁਤੀ ਬਾਗੀਆਂ ਦੇ ਮਿਜ਼ਾਈਲ ਹਮਲਿਆਂ ਮਗਰੋਂ ਆਈ ਹੈ। ਅਮਰੀਕਾ ਅਤੇ ਸਾਊਦੀ ਅਰਬ ਦੋਹਾਂ ਦਾ ਕਹਿਣਾ ਹੈ ਕਿ ਹੁਤੀ ਬਾਗੀਆਂ ਨੂੰ ਇਹ ਮਿਜ਼ਾਈਲ ਈਰਾਨ ਤੋਂ ਮਿਲੀ ਹੈ। ਹੁਤੀ ਸ਼ੀਆ ਬਾਗੀ ਹਨ, ਜਿਨ੍ਹਾਂ ਦਾ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਤੇ ਕਬਜ਼ਾ ਹੈ। ਯਾਤਰਾ ਸਲਾਹ ਵਿਚ ਕਿਹਾ ਗਿਆ ਹੈ ਕਿ ਬੀਤੇ ਸਾਲ ਯਮਨ ਤੋਂ ਕਈ ਪ੍ਰਮੁੱਖ ਸ਼ਹਿਰਾਂ ਵਿਚ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਦਾਗੀਆਂ ਗਈਆਂ ਸਨ। ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਸਾਊਦੀ ਵਿਚ ਕਿਤੇ ਵੀ ਬਿਨਾ ਕਿਸੇ ਚਿਤਾਵਨੀ ਦੇ ਅੱਤਵਾਦੀ ਹਮਲੇ ਹੋ ਸਕਦੇ ਹਨ। ਵਿਦੇਸ਼ ਮੰਤਰਾਲੇ ਨੇ ਇਹ ਵੀ ਕਿਹਾ ਕਿ ਅਮਰੀਕੀ ਸਰਕਾਰ ਆਪਣੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸਾਊਦੀ ਦੇ ਕਤੀਫ ਅਤੇ ਹੋਫੁਕ ਖੇਤਰਾਂ ਦੀ ਯਾਤਰਾ 'ਤੇ ਨਾ ਜਾਣ ਦੀ ਸਲਾਹ ਦਿੰਦੀ ਹੈ।