ਅਵਤਾਰ ਹੈਨਰੀ ਵੱਲੋਂ ਭਾਜਪਾ ਨੂੰ ਝਟਕਾ, OBC ਮੋਰਚਾ ਦੇ ਸੂਬਾਈ ਮੀਤ ਪ੍ਰਧਾਨ ਪ੍ਰਤਾਪ ਸਿੰਘ ਕਾਂਗਰਸ ’ਚ ਸ਼ਾਮਲ
Monday, Apr 17, 2023 - 01:07 AM (IST)

ਜਲੰਧਰ (ਸੋਨੂੰ, ਚੋਪੜਾ)-ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੂਬਾਈ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਹੈਨਰੀ ਨੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ, ਜਦੋਂ ਭਾਜਪਾ ਪੰਜਾਬ ਦੇ ਓ. ਬੀ. ਸੀ. ਮੋਰਚਾ ਦੇ ਮੀਤ ਪ੍ਰਧਾਨ ਪ੍ਰਤਾਪ ਸਿੰਘ ਨੂੰ ਉਨ੍ਹਾਂ ਦੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਲ ਕਰਵਾਇਆ। ਜ਼ਿਕਰਯੋਗ ਹੈ ਕਿ ਕਰਤਾਰਪੁਰ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੂੰ ਵੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦੇ 5 ਦਿਨਾਂ ਬਾਅਦ ਦੁਬਾਰਾ ਕਾਂਗਰਸ ’ਚ ਸ਼ਾਮਲ ਕਰਵਾਉਣ ਵਿਚ ਅਵਤਾਰ ਹੈਨਰੀ ਨੇ ਵੱਡੀ ਭੂਮਿਕਾ ਨਿਭਾਈ ਸੀ।
ਇਹ ਖ਼ਬਰ ਵੀ ਪੜ੍ਹੋ : ਨੌਜਵਾਨ ਡਾਕਟਰ ਨੇ ਭਿਆਨਕ ਸੜਕ ਹਾਦਸੇ ’ਚ ਤੋੜਿਆ ਦਮ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਹੈਨਰੀ ਨੇ ਕਾਂਗਰਸ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਜ਼ਿਮਨੀ ਚੋਣ ਦਾ ਬਿਗੁਲ ਵਜਾ ਦਿੱਤਾ ਗਿਆ ਹੈ ਅਤੇ ਹਰ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕ ਜ਼ਿਮਨੀ ਚੋਣ ਵਿਚ ‘ਆਪ’ ਦੇ ਝੂਠੇ ਵਾਅਦਿਆਂ ਦਾ ਬਦਲਾ ਲੈਣ ਲਈ ਪੂਰੀ ਤਰ੍ਹਾਂ ਤਿਆਰ ਹਨ। ਹੈਨਰੀ ਨੇ ਦਾਅਵਾ ਕੀਤਾ ਕਿ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਜ਼ਿਮਨੀ ਚੋਣ ਵੱਡੇ ਫਰਕ ਨਾਲ ਜਿੱਤਣਗੇ ਅਤੇ ਉੱਤਰੀ ਹਲਕੇ ਵਿਚੋਂ ਉਨ੍ਹਾਂ ਦੀ ਲੀਡ ਸਭ ਤੋਂ ਵੱਧ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ : ਜਿਸ ਜ਼ਿਗਾਨਾ ਪਿਸਟਲ ਨਾਲ ਅਤੀਕ ਅਹਿਮਦ ਨੂੰ ਮਾਰਿਆ, ਉਸੇ ਨਾਲ ਸਿੱਧੂ ਮੂਸੇਵਾਲਾ ਦਾ ਕੀਤਾ ਸੀ ਕਤਲ
ਪ੍ਰਤਾਪ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਵਿਚ ਭਾਰਤ ਦੇ ਸੰਵਿਧਾਨ ਨੂੰ ਛਿੱਕੇ ਟੰਗ ਦਿੱਤਾ ਗਿਆ ਹੈ। ਪਹਿਲਾਂ ਨੌਜਵਾਨਾਂ ਤੋਂ ਰੋਜ਼ਗਾਰ ਖੋਹਣ ਦਾ ਕੰਮ ਕੀਤਾ ਜਾਂਦਾ ਸੀ, ਹੁਣ ਕੇਂਦਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਵਿਚ ਮਹਿੰਗਾਈ ਅਤੇ ਬੇਰੋਜ਼ਗਾਰੀ ਆਪਣੇ ਸਿਖਰ ’ਤੇ ਹੈ, ਜਿਸ ਕਾਰਨ ਦੁਖੀ ਲੋਕ ਹੁਣ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ।
ਇਸ ਮੌਕੇ ਕਾਂਗਰਸ ਵਿਚ ਸ਼ਾਮਲ ਹੋਏ ਨਸ਼ਵਿੰਦਰ ਸਿੰਘ, ਸਤਪਾਲ ਸਿੰਘ, ਮਨਮੋਹਨ ਸਿੰਘ, ਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਜਸਵੰਤ ਸਿੰਘ, ਸੁਖਵਿੰਦਰ ਸਿੰਘ, ਨਿਰਮਲ ਸਿੰਘ, ਜਸਪਾਲ ਸਿੰਘ, ਬਲਦੇਵ ਸਿੰਘ, ਲਖਬੀਰ ਸਿੰਘ, ਬਲਬੀਰ ਸਿੰਘ, ਕਰਨੈਲ ਸਿੰਘ, ਜਰਨੈਲ ਸਿੰਘ, ਦਿਲਪ੍ਰੀਤ ਸਿੰਘ, ਕਰਨਦੀਪ ਸਿੰਘ, ਪਿਆਰਾ ਸਿੰਘ, ਪ੍ਰੀਤਮ ਸਿੰਘ, ਜਸਪਾਲ ਸਿੰਘ ਤੋਂ ਇਲਾਵਾ ਕਾਂਗਰਸੀ ਆਗੂ ਪਰਮਜੀਤ ਸਿੰਘ ਪੰਮਾ, ਸਾਬਕਾ ਕੌਂਸਲਰ ਰਾਜਵਿੰਦਰ ਸਿੰਘ ਰਾਜਾ, ਰਤਨੇਸ਼ ਸੈਣੀ, ਅਸ਼ੋਕ ਬਹਿਲ, ਅਸ਼ਵਨੀ ਗੁਪਤਾ, ਸੁਮਿਤ ਬੇਰੀ, ਸੁਰਿੰਦਰ ਸ਼ਿੰਦਾ, ਹੈਪੀ ਸਾਗਰ, ਪ੍ਰਦੀਪ ਕੁਮਾਰ, ਬਾਵਾ ਵਰਮਾ, ਅਮਰਜੀਤ ਸਿੰਘ, ਡਾ. ਪੀ. ਕੇ. ਭਾਰਦਵਾਜ ਅਤੇ ਹੋਰ ਵੀ ਮੌਜੂਦ ਸਨ।