ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਪਿੰਡਾਂ ਦੀ ਨੁਹਾਰ ਬਦਲਣ ਨਵੀਆਂ ਪੰਚਾਇਤਾਂ : ਅਰੋਡ਼ਾ

01/12/2019 5:16:07 PM

ਕਪੂਰਥਲਾ (ਮੱਲੀ/ਗੁਰਵਿੰਦਰ ਕੌਰ)-ਪੰਜਾਬ ਦੇ ਉਦਯੋਗ ਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋਡ਼ਾ ਨੇ ਅੱਜ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਵਿਸ਼ਾਲ ਜ਼ਿਲਾ ਪੱਧਰੀ ਸਮਾਗਮ ਦੌਰਾਨ ਜ਼ਿਲੇ ਵਿਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਪੰਚਾਂ-ਸਰਪੰਚਾਂ, ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਮੈਂਬਰਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣ ਦੇ ਨਾਲ-ਨਾਲ ਨਸ਼ਿਆਂ ਖਿਲਾਫ਼ ਸਹੁੰ ਵੀ ਚੁਕਾਈ। ਜ਼ਿਲੇ ਦੇ ਸਾਰੇ ਪੰਜ ਬਲਾਕਾਂ ਦੀਆਂ 546 ਪੰਚਾਇਤਾਂ ਦੇ ਪੰਚਾਂ-ਸਰਪੰਚਾਂ ਤੋਂ ਇਲਾਵਾ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਦੇ ਸਮੂਹ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋਡ਼ਾ ਨੇ ਸੱਦਾ ਦਿੱਤਾ ਕਿ ਚੁਣੇ ਹੋਏ ਨੁਮਾਇੰਦੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰ ਕੇ ਇਨ੍ਹਾਂ ਦੀ ਨੁਹਾਰ ਬਦਲਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਜਿਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਦੀ ਜ਼ਿੰਮੇਵਾਰੀ ਪੰਚਾਇਤਾਂ ਦੇ ਮੋਢਿਆਂ ’ਤੇ ਹੈ ਕਿਉਂਕਿ ਜੇਕਰ ਪਿੰਡ ਤਰੱਕੀ ਕਰਨਗੇ ਤਾਂ ਹੀ ਸੂਬਾ ਤਰੱਕੀ ਕਰੇਗਾ। ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਵਿਧਾਇਕ ਕਪੂਰਥਲਾ ਰਾਣਾ ਗੁਰਜੀਤ ਸਿੰਘ ਨੇ ਨਵੀਆਂ ਬਣੀਆਂ ਪੰਚਾਇਤਾਂ, ਸੰਮਤੀ ਤੇ ਜ਼ਿਲਾ ਪ੍ਰੀਸ਼ਦ ਮੈਂਬਰਾਂ ਨੂੰ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਸਿਰਜਣ ਪ੍ਰੋਗਰਾਮ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਜ਼ਿਲਾ ਪ੍ਰਸ਼ਾਸਨ ਨੂੰ ਵਧਾਈ ਦਿੰਦਿਆਂ ਚੁਣੇ ਗਏ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਦੀ ਬਿਹਤਰੀ ਲਈ ਜੀਅ-ਜਾਨ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਚੁਣੇ ਹੋਏ ਨੁਮਾਇੰਦਿਆਂ ਦਾ ਮਾਣ-ਸਤਿਕਾਰ ਮੁਡ਼ ਤੋਂ ਬਹਾਲ ਕੀਤਾ ਜਾਵੇਗਾ ਅਤੇ ਪ੍ਰਸ਼ਾਸਨ ਵਿਚ ਉਨ੍ਹਾਂ ਦੀ ਸੁਣਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਪੰਚਾਂ-ਸਰਪੰਚਾਂ ਨੂੰ ਅਪੀਲ ਕੀਤੀ ਉਹ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵਲੋਂ ਚਲਾਏ ਗਏ ਪ੍ਰੋਗਰਾਮ ‘ਡੈਪੋ’ ਤੇ ‘ਬਡੀ’ ਨੂੰ ਉਤਸ਼ਾਹਿਤ ਕਰਨ ਅਤੇ ਧਡ਼ੇਬੰਦੀ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰਨ। ਨਸ਼ਾ ਛੁਡਾਊ ਕੇਂਦਰ ਕਪੂਰਥਲਾ ਦੇ ਇੰਚ. ਡਾ. ਸੰਦੀਪ ਭੋਲਾ ਨੇ ਇਸ ਮੌਕੇ ਪੰਚਾਇਤਾਂ ਨੂੰ ਨਸ਼ਿਆਂ ਖਿਲਾਫ਼ ਸਰਕਾਰ ਵਲੋਂ ਵਿੱਢੀ ਮੁਹਿੰਮ ਵਿਚ ਵੱਧ-ਚਡ਼੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸਾਰਿਆਂ ਬਲਾਕਾਂ ਦੀਆਂ 10 ਪੰਚਾਇਤਾਂ ਨੂੰ ਪੌਦੇ ਵੰਡ ਕੇ ਪੌਦੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਸਟਾਲ ਲਾਏ ਗਏ। ਇਸ ਤੋਂ ਇਲਾਵਾ ‘ਡੈਪੋ’ ਲਈ ਵੱਡੀ ਪੱਧਰ ’ਤੇ ਰਜਿਸਟ੍ਰੇਸ਼ਨ ਵੀ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਨੇ ਆਪਣੇ ਸਵਾਗਤੀ ਭਾਸ਼ਣ ਵਿਚ ਮੁੱਖ ਮਹਿਮਾਨ ਤੇ ਹੋਰਨਾਂ ਸ਼ਖਸੀਅਤਾਂ ਨੂੰ ਜੀ ਆਇਆਂ ਕਿਹਾ ਤੇ ਨਵੀਆਂ ਪੰਚਾਇਤਾਂ, ਸੰਮਤੀ ਤੇ ਜ਼ਿਲਾ ਪ੍ਰੀਸ਼ਦ ਮੈਂਬਰਾਂ ਨੂੰ ਵਧਾਈ ਦਿੱਤੀ। ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਐੱਸ. ਐੱਸ. ਪੀ. ਕਪੂਰਥਲਾ ਸਤਿੰਦਰ ਸਿੰਘ, ਐੱਸ. ਡੀ. ਐੱਮ. ਕਪੂਰਥਲਾ ਡਾ. ਨਯਨ ਭੁੱਲਰ, ਡੀ. ਡੀ. ਪੀ. ਓ. ਇਕਬਾਲ ਜੀਤ ਸਿੰਘ, ਸਕੱਤਰ ਜ਼ਿਲਾ ਪ੍ਰੀਸ਼ਦ ਗੁਰਦਰਸ਼ਨ ਕੁੰਡਲ, ਐਕਸੀਅਨ ਪੰਚਾਇਤੀ ਰਾਜ ਸੰਦੀਪ ਸ਼੍ਰੀਧਰ, ਬੀ. ਡੀ. ਪੀ. ਓ. ਅਮਰਜੀਤ ਸਿੰਘ, ਪਰਗਟ ਸਿੰਘ ਸਿੱਧੂ, ਸਤੀਸ਼ ਕੁਮਾਰ, ਸੇਵਾ ਸਿੰਘ, ਹਰਬਲਾਸ, ਏ. ਪੀ. ਓ. ਸਤਨਾਮ ਸਿੰਘ, ਸਾਹਿਲ ਓਬਰਾਏ ਤੇ ਹੋਰ ਅਧਿਕਾਰੀ ਹਾਜ਼ਰ ਸਨ।