ਕੈਪਟਨ ਸਾਹਿਬ ਦੀ ਅਗਵਾਈ ਹੇਠ ਸੂਬਾ ਤਰੱਕੀ ਵੱਲ ਵੱਧ ਰਿਹਾ : ਚੀਮਾ

01/21/2019 11:35:02 AM

ਕਪੂਰਥਲਾ (ਧੀਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਹੇਠ ਪੰਜਾਬ ਤਰੱਕੀ ਵੱਲ ਵੱਧ ਰਿਹਾ ਹੈ ਤੇ ਸਾਰੇ ਕਾਂਗਰਸ ਵਿਧਾਇਕ ਕੈਪਟਨ ਸਾਹਿਬ ਦੀ ਅਗਵਾਈ ਹੇਠ ਕੰਮ ਕਰ ਰਹੇ ਹਨ ਤੇ ਅੱਗੇ ਵੀ ਕਰਦੇ ਰਹਿਣਗੇ। ਇਹ ਸ਼ਬਦ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਚੰਡੀਗਡ਼੍ਹ ਵਿਖੇ ਵੱਖ-ਵੱਖ ਖੇਤਰਾਂ ’ਚ ਵਿਧਾਇਕਾਂ ਦੀ ਮੀਟਿੰਗ ਤੋਂ ਬਾਅਦ ਅੱਜ ਹਲਕੇ ’ਚ ਵਾਪਸ ਪਰਤਣ ਮੌਕੇ ਕਹੇ। ਉਨ੍ਹ੍ਹਾਂ ਕਿਹਾ ਕਿ ਕੈਪਟਨ ਸਾਹਿਬ ਦੀ ਅਗਵਾਈ ’ਚ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਵਚਨਬੱਧ ਹੈ ਤੇ ਸਰਕਾਰ ਆਪਣੇ ਕਾਰਜਕਾਲ ’ਚ ਸਾਰੇ ਵਾਅਦੇ ਪੂਰੇ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੱਡੀ ਪਹਿਲ ਕਦਮੀ ਕਰਦਿਆਂ ਕਈ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਉੱਥੇ ਇਨ੍ਹਾਂ ਸਕੀਮਾਂ ਨੂੰ ਪਿੰਡ-ਪਿੰਡ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਪਹਿਲਾਂ ਵੀ ਆਪਣੇ ਚੋਣ ਵਾਅਦੇ ਅਨੁਸਾਰ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਸਨ ਤੇ ਹੁਣ ਵੀ 22 ਜਨਵਰੀ ਨੂੰ ਸਥਾਨ ਇੰਪਰੀਅਲ ਕੈਂਸਲ ਵਿਖੇ ਕਰਜ਼ਾ ਮੁਆਫੀ ਸਮਾਗਮ ਦੌਰਾਨ 735 ਲਾਭਪਾਤਰੀਆਂ ਦੇ 6,77,75,989 ਰੁਪਏ ਕਰਜ਼ਾ ਮੁਆਫੀ ਸਰਟੀਫਿਕੇਟ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਤੱਕ ਕਿਸੇ ਵੀ ਸਰਕਾਰ ਵਲੋਂ ਪਹਿਲਾਂ ਇੰਨੀ ਵੱਡੀ ਗਿਣਤੀ ’ਚ ਕਿਸਾਨਾਂ ਦੇ ਕਰਜ਼ੇ ਮੁਆਫ ਨਹੀ ਕੀਤੇ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤਾਂ ਹਾਲੇ ਬੇਅਦਬੀ ਕਾਂਡ ’ਚ ਆਪਣੇ ਭਾਰ ਹੇਠਾਂ ਦਬਿਆ ਹੋਇਆ ਨਹੀ ਨਿਕਲ ਰਿਹਾ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਨੂੰ ਨਕਾਰ ਕੇ ਉਸ ਨੂੰ ਹਾਸ਼ੀਏ ’ਤੇ ਪਹੁੰਚਾ ਦਿੱਤਾ ਹੈ। ਨਸ਼ੇ ਦੇ ਖਾਤਮੇ ਸਬੰਧੀ ਤੇ ਵਿਧਾਇਕ ਕੁਲਬੀਰ ਜੀਰਾ ਵੱਲੋਂ ਉਠਾਏ ਮੁੱਦੇ ’ਤੇ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦੀ ਲਾਹਨਤ ਦਾ ਸਫਾਇਆ ਕਰਨ ਲਈ ਵੱਡੇ ਯਤਨ ਕੀਤੇ ਗਏ ਹਨ ਤੇ ਇਸ ਲਾਹਨਤ ਨੂੰ ਜਡ਼੍ਹੋਂ ਪੁੱਟਣ ਲਈ ਲੋਕਾਂ ਦੇ ਸਹਿਯੋਗ ਤੇ ਸ਼ਮੂਲੀਅਤ ਨੂੰ ਹੋਰ ਵੀ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਕੁਲਬੀਰ ਜੀਰਾ ਦੀ ਮੁੱਖ ਮੰਤਰੀ ਕੈਪਟਨ ਸਾਹਿਬ ਤੇ ਕਾਂਗਰਸ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖਡ਼ ਨਾਲ ਮੁਲਾਕਾਤ ਹੋ ਚੁੱਕੀ ਹੈ ਤੇ ਇਹ ਮਾਮਲਾ ਹੁਣ ਹਾਈਕਮਾਨ ਦੇ ਕੋਲ ਹੈ ਜਿਸ ਨੂੰ ਜਲਦੀ ਸੁਲਝਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ’ਚ ਵਿਸ਼ੇਸ਼ ਟਾਸਕ ਫੋਰਸ ਦੀ ਸਥਾਪਨਾ ਸਵੈ ਇਛੁੱਕ ਡੈਪੋ ਬਣਾਉਣਾ, ਨਸ਼ਿਆਂ ਬਾਰੇ ਬੱਚਿਆਂ ਨੂੰ ਜਾਗਰੂਕ ਕਰਨਾ ਤੇ ਨਸ਼ਾ ਛੁਡਾਓ ਕੇਂਦਰ ਖੋਲ੍ਹੇ ਹਨ। ਚੀਮਾ ਨੇ ਕਿਹਾ ਕਿ ਨਸ਼ਾ ਰੋਕੂ ਮਹਿੰਮ ’ਚ ਲੋਕਾਂ ਦਾ ਵੀ ਭਰਪੂਰ ਸਹਿਯੋਗ ਮਿਲ ਰਿਹਾ ਹੈ ਤੇ । ਇਸ ਮੌਕੇ ਦਫਤਰ ਇੰਚਾਰਜ ਸਤਿੰਦਰ ਸਿੰਘ ਚੀਮਾ, ਰਵਿੰਦਰ ਰਵੀ ਪੀ. ਏ., ਬਲਜਿੰਦਰ ਸਿੰਘ ਪੀ. ਏ. ਆਦਿ ਹਾਜ਼ਰ ਸਨ।