ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰਾਂ ਵਲੋਂ ਲੋਕ ਭਲਾਈ ਸਕੀਮਾਂ ਨੂੰ ਹਰੇਕ ਲੋੜਵੰਦ ਤੱਕ ਪਹੁੰਚਾਉਣ ਦੇ ਹੁਕਮ

06/23/2023 1:56:10 PM

ਕਪੂਰਥਲਾ : ਅੱਜ ਇੱਥੇ “ਦਿਸ਼ਾ” ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਰਾਜ ਮੰਤਰੀ,ਉਦਯੋਗ ਤੇ ਕਾਮਰਸ ਸ਼੍ਰੀ ਸ਼ੋਮ ਪ੍ਰਕਾਸ਼, ਮੈਂਬਰ ਲੋਕ ਸਭਾ ਜਸਬੀਰ ਸਿੰਘ ਡਿੰਪਾ, ਮੈਂਬਰ ਰਾਜ ਸਭਾ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਵਲੋਂ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨਾ ਯਕੀਨੀ ਬਣਾਉਣ ਲਈ ਕਿਹਾ ਅਤੇ ਵਿਕਾਸ ਕੰਮਾਂ ਨੂੰ ਸਮਾਂ ਬੱਧ ਤਰੀਕੇ ਨਾਲ ਮੁਕੰਮਲ ਕਰਨ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦੇ ਵੀ ਨਿਰਦੇਸ਼ ਦਿੱਤੇ। 

ਇਹ ਵੀ ਪੜ੍ਹੋ : ਕੇਂਦਰ ਨੇ ਦਿਖਾਈਆਂ ਅੱਖਾਂ ਤਾਂ ਪੰਜਾਬ ਸਰਕਾਰ ਨੇ ਫੜਿਆ ਕਰਨਾਟਕ ਦਾ ਹੱਥ, ਲਿਆ ਵੱਡਾ ਫ਼ੈਸਲਾ

ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਬੈਠਕ ਦੌਰਾਨ ਕੇਂਦਰੀ ਮੰਤਰੀ ਅਤੇ ਐਮ.ਪੀਜ਼ ਵਲੋਂ ਸਬੰਧਿਤ ਵਿਭਾਗਾਂ ਦੇ ਮੁਖੀਆਂ ਨੂੰ ਚੱਲ ਰਹੇ ਵਿਕਾਸ ਕੰਮਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੇ ਜੀਵਨ ਪੱਧਰ ਵਿਚ ਹੋਰ ਸੁਧਾਰ ਲਿਆਉਣ ਦੇ ਮਕਸਦ ਨਾਲ ਨਵੇਂ ਵਿਕਾਸ ਕੰਮਾਂ ਸਬੰਧੀ ਐਸਟੀਮੇਟ ਬਣਾ ਕੇ ਭੇਜੇ ਜਾਣ।

ਮੀਟਿੰਗ ਦੌਰਾਨ ਲੋਕ ਭਲਾਈ ਯੋਜਨਾਵਾਂ ਜਿਵੇਂ ਕਿ ਪੀ. ਐੱਮ. ਆਵਾਸ ਯੋਜਨਾ, ਕੌਮੀ ਸਿਹਤ ਮਿਸ਼ਨ,ਜਲ ਜੀਵਨ ਮਿਸ਼ਨ,ਹਰ ਘਰ ਜਲ ਤਹਿਤ ਟੈਪ ਵਾਟਰ ਕੁਨੈਕਸ਼ਨ,ਸਵੱਛ ਭਾਰਤ ਮਿਸ਼ਨ,ਪ੍ਰਧਾਨ ਮੰਤਰੀ ਗ੍ਰਾਮੀਨ ਸੜਕ ਯੋਜਨਾ ਤਹਿਤ ਸੜਕਾਂ ਦੇ ਨਿਰਮਾਣ,ਨੈਸ਼ਨਲ ਪਰਿਵਾਰ ਭਲਾਈ ਸਕੀਮ,ਬੇਟੀ ਬਚਾਓ ਬੇਟੀ ਪੜਾਓ,ਮਨਰੇਗਾ ਤੇ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਸਬੰਧੀ ਸੰਖੇਪ ਵਿਚ ਵਿਚਾਰ-ਵਟਾਂਦਰੇ ਕੀਤੇ ਗਏ। 

ਇਹ ਵੀ ਪੜ੍ਹੋ :  ਸ੍ਰੀ ਦਰਬਾਰ ਸਾਹਿਬ ਨੇੜੇ ਫੋਟੋਗ੍ਰਾਫਰਾਂ ਦੀ ਗੁੰਡਾਗਰਦੀ, ਸਿੱਖ ਨੌਜਵਾਨ ਦੀ ਕੁੱਟਮਾਰ ਕਰ ਤੋੜੀ ਬਾਂਹ

ਇਸ ਤੋਂ ਇਲਾਵਾ “ਦਿਸ਼ਾ” ਕਮੇਟੀ ਵਲੋਂ ਪੀ. ਐੱਮ. ਆਵਾਸ ਯੋਜਨਾ ਤਹਿਤ 1922 ਯੋਗ ਲਾਭਪਾਤਰੀਆਂ ਨੂੰ 2.46 ਕਰੋੜ ਰੁਪਏ ਦੀ ਅਦਾਇਗੀ ਦੀ ਵੀ ਸਮੀਖਿਆ ਕੀਤੀ ਗਈ ਅਤੇ ਪੀ. ਐੱਮ. ਸਨਮਾਨ ਨਿੱਧੀ ਯੋਜਨਾ ਤਹਿਤ ਜ਼ਿਲ੍ਹੇ ਦੇ 28784 ਕਿਸਾਨਾਂ ਨੂੰ ਦਿੱਤੇ ਜਾ ਰਹੇ ਲਾਭਾਂ ਬਾਰੇ ਵੀ ਗੱਲਬਾਤ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਕਿਸਾਨਾਂ ਦੇ ਕੇ.ਵਾਈ.ਸੀ ਨੂੰ ਮੁਕੰਮਲ ਕਰਨ ਦੇ ਹੁਕਮ ਵੀ ਦਿੱਤੇ। ਉਨਾਂ ਜ਼ਿਲ੍ਹੇ ਵਿੱਚ ਭੂਮੀ ਸਿਹਤ ਸਬੰਧੀ 3750 ਕਾਰਡ ਬਣਾਉਣ ਬਾਰੇ ਵੀ ਜਾਣਕਾਰੀ ਦਿੱਤੀ । 

ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਖੇ ਜਨਾਨੀ ਦੀ ਵਾਇਰਲ ਵੀਡੀਓ ਨੇ ਪੁਲਸ ਨੂੰ ਪਾਈਆਂ ਭਾਜੜਾਂ, ਜਾਣੋ ਪੂਰਾ ਮਾਮਲਾ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਮੀਂਹ ਦੇ ਪਾਣੀ ਦੀ ਸੁਚੱਜੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਤਾਂ ਜੋ ਧਰਤੀ ਹੇਠ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਅੰਮ੍ਰਿਤ ਸਰੋਵਰ ਸਕੀਮ  ਨੂੰ ਨਿੱਜੀ ਦਿਲਚਸਪੀ ਦੇ ਨਾਲ ਲਾਗੂ ਕਰਨਾ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ  ਛੱਪੜਾਂ ਦੇ ਪਾਣੀ ਦੀ ਵੱਧ ਤੋਂ ਵੱਧ ਸਫ਼ਾਈ ਕਰਕੇ ਇਸ ਦੀ ਸਿੰਚਾਈ ਲਈ ਵਰਤੋਂ ਕੀਤੀ ਜਾ ਸਕੇ। 

ਇਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੇ “ਦਿਸ਼ਾ” ਕਮੇਟੀ ਦੇ ਚੇਅਰਪਰਸਨ ਅਤੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੇ ਲਾਗੂ ਕਰਨਾ ਯਕੀਨੀ ਬਣਾਇਆ ਜਾਵੇਗਾ ਅਤੇ ਵਿਕਾਸ ਕੰਮਾਂ ਦੀ ਗੁਣਵੱਤਾ ਅਤੇ ਪ੍ਰਾਜੈੱਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਧਰਤੀ ਹੇਠ ਪਾਣੀ ਨੂੰ ਬਚਾਉਣ ਦੇ ਲਈ ਅੰਮ੍ਰਿਤ ਸਰਵੋਰ ਸਕੀਮ ਤਹਿਤ ਜ਼ਿਲ੍ਹੇ ਵਿਚ 75 ਛੱਪੜ ਬਣਾਏ ਗਏ ਹਨ,ਜਿਨ੍ਹਾਂ ਦੀ ਵਰਤੋਂ ਸਿੰਚਾਈ ਦੇ ਲਈ ਕੀਤੀ ਜਾਂਦੀ ਹੈ। ਸਬੰਧਿਤ ਅਧਿਕਾਰੀਆਂ ਨੇ ਕਿਹਾ ਦੱਸਿਆ ਕਿ 37 ਛੱਪੜਾਂ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਸੀ,ਜਿਨ੍ਹਾਂ ਵਿਚੋਂ 21 ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ 15 ਦਿਨਾਂ ਦੇ ਅੰਦਰ-ਅੰਦਰ ਜਮਾਂ ਕਰਵਾਉਣ ਤਾਂ ਜੋ ਜ਼ਿਲ੍ਹੇ ਦੇ ਵਿਕਾਸ ਅਤੇ ਲੋਕ ਭਲਾਈ ਦੇ ਲਈ ਪ੍ਰਸ਼ਾਸਨ ਵਲੋਂ ਹੋਰ ਵਧੇਰੇ ਫੰਡਾਂ ਦੀ ਮੰਗ ਕੀਤੀ ਜਾ ਸਕੇ। 

Harnek Seechewal

This news is Content Editor Harnek Seechewal