ਲੋਕਾਂ ''ਚ ਜਾਗਰੂਕਤਾ ਹਿੱਤ ਬਾਲ ਮਜ਼ਦੂਰੀ ਖਿਲਾਫ ਮੁਹਿੰਮ ਚਲਾਉਣਾ ਪ੍ਰਸ਼ੰਸਾਯੋਗ : ਆਸ਼ੂ

05/13/2018 4:24:43 PM

ਲੁਧਿਆਣਾ (ਵਿੱਕੀ) - ਨਵਚੇਤਨਾ ਬਾਲ ਭਲਾਈ ਕਮੇਟੀ ਦੇ ਇਕ ਵਫਦ ਨੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਇਕ ਵਿਸ਼ੇਸ਼ ਮੁਲਾਕਾਤ ਕਰਦੇ ਹੋਏ ਉਨ੍ਹਾਂ ਨਾਲ ਬਾਲ ਮਜ਼ਦੂਰੀ ਤੇ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਹ ਮੁਲਾਕਾਤ ਸੰਸਥਾ ਦੇ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਤੇ ਸੀਨੀਅਰ ਸਿਟੀਜ਼ਨ ਸੰਸਥਾ ਦੇ ਚੇਅਰਮੈਨ ਡਾ. ਸੁਰਜੀਤ ਸਿੰਘ ਦੀ ਅਗਵਾਈ 'ਚ ਹੋਈ। ਇਸ ਮੌਕੇ ਉਨ੍ਹਾਂ ਨੇ ਪਿਛਲੇ ਲੰਬੇ ਸਮੇਂ ਤੋਂ ਆਰਥਿਕ ਤੌਰ 'ਤੇ ਲੋੜਵੰਦ ਵਿਦਿਆਰਥੀਆਂ ਦੀ ਸਿੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਮਾਜ ਵਿਚ ਫੈਲੀ ਬਾਲ ਮਜ਼ਦੂਰੀ, ਦਾਜ ਪ੍ਰਥਾ ਅਤੇ ਭਰੂਣ ਹੱਤਿਆ ਵਰਗੀਆਂ ਬੁਰਾਈਆਂ ਨੂੰ ਜੜ੍ਹੋਂ ਮਿਟਾਉਣ ਦਾ ਵਿਚਾਰ ਕੀਤਾ।
ਇਸ ਮੌਕੇ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ 8 ਜੂਨ ਨੂੰ ਸਥਾਨਕ ਗੁਰੂ ਨਾਨਕ ਭਵਨ ਵਿਚ ਰਾਜ ਪੱਧਰੀ ਸੈਮੀਨਾਰ ਅਤੇ ਪੇਂਟਿੰਗ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਸ ਪੇਂਟਿੰਗ ਮੁਕਾਬਲੇ 'ਚ ਵੱਡੀ ਗਿਣਤੀ ਵਿਚ ਸਕੂਲੀ ਬੱਚੇ, ਕਾਲਜ ਵਿਦਿਆਰਥੀ ਅਤੇ ਪ੍ਰੋਫੈਸ਼ਨਲ ਕਲਾਕਾਰ ਹਿੱਸਾ ਲੈਣਗੇ। ਇਨ੍ਹਾਂ ਕਲਾਕਾਰਾਂ ਵੱਲੋਂ ਬਣਾਈਆਂ ਪੇਂਟਿੰਗਜ਼ ਦੀ ਨੁਮਾਇਸ਼ ਲਾਈ ਜਾਵੇਗੀ ਅਤੇ ਸਮਾਜ ਨੂੰ ਬੁਰਾਈਆਂ ਵਿਰੁੱਧ ਜਾਗਰੂਕ ਕੀਤਾ ਜਾਵੇਗਾ। ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਨਵ ਚੇਤਨਾ ਸੰਸਥਾ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਅਤੇ ਬਾਲ ਮਜ਼ਦੂਰੀ ਦੇ ਨਾਲ -ਨਾਲ ਹੋਰਨਾਂ ਬੁਰਾਈਆਂ ਖਿਲਾਫ ਵੀ ਜਲਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ। 
ਵਰਣਨਯੋਗ ਹੈ ਕਿ ਸੰਸਥਾ ਵੱਲੋਂ 8 ਜੂਨ ਨੂੰ ਕਰਵਾਏ ਜਾਣ ਵਾਲੇ ਸੈਮੀਨਾਰ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਕਰਨਗੇ। ਇਸ ਮੌਕੇ ਸੀਨੀਅਰ ਸਿਟੀਜ਼ਨ ਵਿੰਗ ਦੇ ਪ੍ਰਧਾਨ ਪਰਮਜੀਤ ਸਿੰਘ ਪਨੇਸਰ, ਪ੍ਰਿੰਸੀਪਲ ਜਗਦੀਸ਼ ਸਿੰਘ, ਪ੍ਰਿੰਸੀਪਲ ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ।


Related News