ਬਕਾਇਆ ਕੇਸਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ : ਡੀ. ਸੀ.

05/26/2018 12:29:15 PM

ਕਪੂਰਥਲਾ (ਗੁਰਵਿੰਦਰ ਕੌਰ, ਮਲਹੋਤਰਾ)— ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਕੰਮ ਲਈ ਕੋਈ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ ਹੈ ਅਤੇ ਬਕਾਇਆ ਪਏ ਕੇਸਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ ਅਤੇ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ 'ਚ ਤੇਜ਼ੀ ਲਿਆਂਦੀ ਜਾਵੇ। ਇਹ ਹਦਾਇਤਾਂ ਡੀ. ਸੀ. ਮੁਹੰਮਦ ਤਇਅਬ ਨੇ ਯੋਜਨਾ ਭਵਨ ਵਿਖੇ ਆਯੋਜਿਤ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਜਾਰੀ ਕੀਤੀਆਂ। 
ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਬਕਾਇਆ ਕੋਰਟ ਕੇਸਾਂ ਦੀ ਰਿਪੋਰਟ ਤਿਆਰ ਕਰਕੇ ਆਪਸੀ ਤਾਲਮੇਲ ਨਾਲ ਇਨ੍ਹਾਂ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਨੇ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਤੇ ਝਗੜੇ ਵਾਲੇ ਇੰਤਕਾਲਾਂ, ਜਮ੍ਹਾਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰੇ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਉਨ੍ਹਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ। ਇਸ ਦੌਰਾਨ ਉਨ੍ਹਾਂ ਜ਼ਮੀਨੀ ਰਿਕਾਰਡ ਦੇ ਕੰਪਿਊਟਰੀਕਰਨ, ਕਰਜ਼ ਮੁਆਫ਼ੀ ਯੋਜਨਾ, ਸ਼ਾਮਲਾਟ ਜ਼ਮੀਨਾਂ ਤੇ ਸੇਵਾ ਕੇਂਦਰਾਂ ਦੇ ਕੰਮਕਾਜ਼ ਦੀ ਸਮੀਖਿਆ ਕੀਤੀ ਤੇ ਅਧਿਕਾਰੀਆਂ ਨੂੰ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਫਗਵਾੜਾ ਬਬੀਤਾ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐੱਸ. ਡੀ. ਐੱਮ. ਮੇਜਰ ਡਾ. ਸੁਮਿਤ ਮੁੱਧ, ਜਿਓਤੀ ਬਾਲਾ ਮੱਟੂ ਅਤੇ ਡਾ. ਚਾਰੂਮਿਤਾ ਤੋਂ ਇਲਾਵਾ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।