ਲੁਧਿਆਣਾ : ਜ਼ਿਲਾ ਪ੍ਰਸ਼ਾਸਨ ਦੀ ਕਿਸਾਨਾਂ ਨੂੰ ਚਿਤਾਵਨੀ

05/16/2018 11:15:24 AM

ਲੁਧਿਆਣਾ (ਸਲੂਜਾ) : ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਨੇ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਵੱਲੋਂ ਪ੍ਰਾਪਤ ਹੋਏ ਪੱਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਾਉਣਾ ਜਿਥੇ ਕਾਨੂੰਨ ਦੀ ਉਲੰਘਣਾ ਹੈ, ਉਥੇ ਇਸ ਨਾਲ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ ਅਤੇ ਨਾਲ ਲੱਗਦੇ ਖੇਤਾਂ ਦੀ ਫਸਲ ਨੂੰ ਵੀ ਅੱਗ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਜ਼ਿਲੇ 'ਚ ਕਣਕ ਦੀ ਕਟਾਈ ਤੋਂ ਬਾਅਦ ਜੋ ਵੀ ਕਿਸਾਨ, ਜ਼ਿਮੀਂਦਾਰ ਜਾਂ ਕਾਸ਼ਤਕਾਰ ਕਣਕ ਦੇ ਨਾੜ ਨੂੰ ਅੱਗ ਲਾਉਂਦੇ ਹੋਏ ਫੜ੍ਹਿਆ ਗਿਆ ਤਾਂ ਉਸ ਖਿਲਾਫ ਪਰਚਾ ਦਰਜ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਇਹ ਵੀ ਸਪੱਸ਼ਟ ਕੀਤਾ ਕਿ ਉਲੰਘਣਾ ਕਰਨ ਵਾਲੇ ਕਿਸਾਨ ਲਈ ਕੈਦ ਅਤੇ ਭਾਰੀ ਜ਼ੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।