ਮਨਿਸਟਰੀਅਲ ਕਾਮਿਆਂ ਨੇ ਹੱਥਾਂ ''ਚ ਕਾਲੀਆਂ ਝੰਡੀਆਂ ਫੜ ਕੇ ਕੀਤੀ ਗੇਟ ਰੈਲੀ

05/09/2018 3:33:13 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਸੁਖਪਾਲ ਢਿੱਲੋਂ)— ਪੰਜਾਬ ਰਾਜ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਸੂਬਾ ਬਾਡੀ ਵੱਲੋਂ ਵਿੱਢੇ ਗਏ ਸੰਘਰਸ਼ ਤਹਿਤ ਜ਼ਿਲਾ ਪ੍ਰਧਾਨ ਕਰਮਜੀਤ ਸ਼ਰਮਾ ਅਤੇ ਜਨਰਲ ਸਕੱਤਰ ਵਰਿੰਦਰ ਢੋਸੀਵਾਲ ਦੀ ਅਗਵਾਈ ਹੇਠ ਜ਼ਿਲੇ ਦੇ ਸਮੂਹ ਕਰਮਚਾਰੀਆਂ ਵੱਲੋਂ ਕਾਲੀਆਂ ਝੰਡੀਆਂ ਨਾਲ ਗੇਟ ਰੈਲੀ ਕੀਤੀ। ਇਸੇ ਦੌਰਾਨ ਕਾਮਿਆਂ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲਾ ਪ੍ਰਧਾਨ ਕਰਮਜੀਤ ਸ਼ਰਮਾ ਨੇ ਕਿਹਾ ਕਿ ਮਨਿਸਟਰੀਅਲ ਕਰਮਚਾਰੀਆਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਜਿਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ, ਮੁਲਾਜ਼ਮਾਂ ਦੇ ਲੰਬਿਤ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨਾ, ਮੁਲਾਜ਼ਮ ਵਰਗ ਤੇ 200 ਰੁਪਏ ਪ੍ਰਤੀ ਮਹੀਨਾ ਲਗਾਇਆ ਗਿਆ ਜਜ਼ੀਆ ਟੈਕਸ ਵਾਪਸ ਲਿਆ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, 15-1-15 ਦੇ ਪੱਤਰ ਵਿੱਚ ਸੋਧ ਕਰਕੇ ਪ੍ਰੋਬੇਸ਼ਨ ਪੀਰੀਅਡ 1 ਸਾਲ ਦਾ ਕੀਤਾ ਜਾਵੇ ਅਤੇ ਖਾਲੀ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ ਆਦਿ ਸਬੰਧੀ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਨੂੰ ਬਿਲਕੁਲ ਵੀ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਜਥੇਬੰਦੀ ਦੇ ਜਨਰਲ ਸਕੱਤਰ ਵਰਿੰਦਰ ਢੋਸੀਵਾਲ ਨੇ ਕਿਹਾ ਕਿ ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਅੜੀਅਲ ਰਵੱਈਏ ਨੂੰ ਕਦੇ ਵੀ ਸਵੀਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਆਮ ਜਨਤਾ ਤੱਕ ਪਹੁੰਚਾਉਂਦੇ ਹਨ ਪਰ ਇਨ੍ਹਾਂ ਸਰਕਾਰੀ ਮੁਲਾਜ਼ਮਾਂ ਨੂੰ ਸਰਕਾਰ ਕੋਈ ਲਾਭ ਦੇਣ ਦੀ ਬਜਾਏ ਮੁਗਲ ਸਾਮਰਾਜਾਂ ਦੇ ਸਮਿਆਂ ਦੀ ਤਰ੍ਹਾਂ ਜਜ਼ੀਆ ਟੈਕਸ ਆਦਿ ਲਗਾ ਕੇ ਆਪਣਾ ਮੁਲਾਜ਼ਮ ਵਿਰੋਧੀ ਚਿਹਰਾ ਜ਼ਾਹਿਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਜਿਮਨੀ ਚੋਣਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀ.ਪੀ.ਐਫ. ਯੂਨੀਅਨ ਦੇ ਜ਼ਿਲਾ ਪ੍ਰਧਾਨ ਗੁਰਮੇਲ ਸਿੰਘ ਨੇ ਕਿਹਾ ਕਿ ਪੀ.ਐਸ.ਐਮ.ਐਸ.ਯੂ. ਦੀ ਸੂਬਾ ਬਾਡੀ ਵੱਲੋਂ ਵਿੱਢੇ ਗਏ ਸੰਘਰਸ਼ ਤਹਿਤ ਅੱਜ 10 ਮਈ 2018 ਨੂੰ ਵੀ ਮੁਲਾਜ਼ਮਾਂ ਵੱਲੋਂ ਵਿਸ਼ਾਲ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਸੂਬਾ ਕਮੇਟੀ ਵੱਲੋਂ ਜੋ ਵੀ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ ਉਸ ਤੇ ਸਮੂਹ ਮੁਲਾਜ਼ਮਾਂ ਵੱਲੋਂ ਪੂਰਾ ਅਮਲ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਫ਼ਤਰ ਡਿਪਟੀ ਕਮਿਸ਼ਨਰ ਤੋਂ ਨਛੱਤਰ ਸਿੰਘ ਮਧੀਰ, ਹਰਜਿੰਦਰ ਸਿੰਘ ਸਿੱਧੂ, ਭੁਪਿੰਦਰ ਸਿੰਘ, ਜਗਤਾਰ ਸਿੰਘ, ਰਾਜੀਵ ਕੁਮਾਰ, ਬਲਜੀਤ ਕੌਰ, ਗੁਰਦੀਪ ਕੌਰ, ਸਿੰਚਾਈ ਵਿਭਾਗ ਤੋਂ ਜਸਵੰਤ ਸਿੰਘ, ਕਮਲਜੀਤ ਸਿੰਘ, ਬੀ.ਐਂਡ.ਆਰ. ਤੋਂ ਬਲਜਿੰਦਰ ਸਿੰਘ ਅਤੇ ਹਰਜਿੰਦਰ ਸਿੰਘ, ਰੋਡਵੇਜ਼ ਤੋਂ ਸੰਜੀਵ ਕੁਮਾਰ, ਨਰੇਸ਼ ਕੁਮਾਰ, ਸਿਹਤ ਵਿਭਾਗ ਤੋਂ ਮਨਦੀਪ ਸਿੰਘ ਭੰਡਾਰੀ, ਖੇਤੀਬਾੜੀ ਵਿਭਾਗ ਤੋਂ ਚਰਨਜੀਤ ਕੌਰ, ਰਮਨਦੀਪ ਕੌਰ, ਦੀਪਕ ਗਰਗ ਅਤੇ ਬਲਜਿੰਦਰ ਸਿੰਘ, ਸਿੱਖਿਆ ਵਿਭਾਗ ਤੋਂ ਅਮਰਦੀਪ ਸਿੰਘ, ਗੁਰਸ਼ਰਨ ਸਿੰਘ, ਜਨ ਸਿਹਤ ਵਿਭਾਗ ਤੋਂ ਖੁਸ਼ਹਾਲ ਸਿੰਘ, ਸਮਾਜਿਕ ਸੁਰੱਖਿਆ ਵਿਭਾਗ ਤੋਂ ਬਲਜਿੰਦਰ ਸਿੰਘ ਅਤੇ ਯਾਦਵਿੰਦਰ ਸਿੰਘ ਆਦਿ ਵੱਡੀ ਗਿਣਤੀ ਵਿੱਚ ਕਰਮਚਾਰੀ ਸ਼ਾਮਲ ਹੋਏ।
 


Related News