ਸ੍ਰੀ ਦਰਬਾਰ ਸਾਹਿਬ ਨੂੰ ਜਾਂਦੀ ਹੈਰੀਟੇਜ ਸਟਰੀਟ ਦੀ ਸਫਾਈ ਕਾਂਗਰਸ ਨੇ ਬੰਦ ਕਰਵਾਈ

06/04/2018 6:23:17 AM

ਬੇਗੋਵਾਲ  (ਰਜਿੰਦਰ, ਬੱਬਲਾ) - ਅਕਾਲੀ-ਭਾਜਪਾ ਸਰਕਾਰ ਨੇ ਧਾਰਮਿਕ ਅਸਥਾਨਾਂ ਦੀ ਸੁੰਦਰਤਾ ਵਧਾਉਣ ਵੱਲ ਧਿਆਨ ਦਿੱਤਾ ਪਰ ਕਾਂਗਰਸ ਨੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀ ਹੈਰੀਟੇਜ ਸਟਰੀਟ ਦੀ ਸਫਾਈ ਬੰਦ ਕਰਵਾ ਦਿੱਤੀ ਹੈ ਅਤੇ ਇਥੇ ਸਫਾਈ ਕਰਦੇ ਕਾਮਿਆਂ ਨੂੰ ਪਿਛਲੇ 6 ਮਹੀਨੇ ਤੋਂ ਤਨਖਾਹ ਵੀ ਨਹੀਂ ਦਿੱਤੀ ਗਈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੇ ਬਰਸੀ ਸਮਾਗਮ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਸੂਬੇ ਵਿਚ ਕੀਤੇ ਵਿਕਾਸ ਕਾਰਜਾਂ ਨੂੰ ਦੁਹਰਾਉਂਦਿਆਂ ਸੁਖਬੀਰ ਬਾਦਲ ਨੇ ਆਖਿਆ ਕਿ ਬਾਦਲ ਸਾਹਿਬ ਵੇਲੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਤਰਨਤਾਰਨ ਸਾਹਿਬ, ਭਗਵਾਨ ਵਾਲਮੀਕਿ ਮੰਦਰ ਤੇ ਗੁਰੂ ਰਵਿਦਾਸ ਜੀ ਦੇ ਅਸਥਾਨ ਸਮੇਤ ਅਨੇਕਾਂ ਥਾਵਾਂ 'ਤੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਗਏ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਗਰਮੀ-ਸਰਦੀ ਨਹੀਂ ਦੇਖੀ ਅਤੇ ਹਮੇਸ਼ਾ ਪੰਜਾਬ ਦੇ ਭਲੇ ਲਈ ਬਹੁਤ ਕੁਝ ਕੀਤਾ ਹੈ, ਜਦਕਿ ਦੂਜੇ ਪਾਸੇ ਗੁਟਕਾ ਸਾਹਿਬ 'ਤੇ ਹੱਥ ਰੱਖ ਕੇ ਝੂਠ ਬੋਲਣ ਵਾਲਿਆਂ ਨੇ ਪੰਜਾਬ ਲਈ ਕੁਝ ਨਹੀਂ ਕੀਤਾ। ਇਥੋਂ ਤਕ ਕਿ ਕਾਂਗਰਸ ਨੇ 12ਵੀਂ ਦੇ ਇਤਿਹਾਸ ਦੀ ਕਿਤਾਬ ਵਿਚੋਂ ਸਿੱਖ ਇਤਿਹਾਸ ਨੂੰ ਹਟਾ ਦਿੱਤਾ ਸੀ ਪਰ ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਮਾਮਲੇ ਦੀ ਪੈਰਵੀ ਕੀਤੀ ਗਈ ਤੇ ਸਰਕਾਰ ਨੂੰ ਘੇਰਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਦਮਪੁਰ, ਪਠਾਨਕੋਟ, ਬਠਿੰਡਾ, ਮੋਹਾਲੀ ਤੇ ਅੰਮ੍ਰਿਤਸਰ ਅੰਤਰ-ਰਾਸ਼ਟਰੀ ਏਅਰ ਪੋਰਟ ਅਕਾਲੀ ਦਲ ਦੀ ਦੇਣ ਹੈ। ਉਨ੍ਹਾਂ ਕਿਹਾ ਕਿ ਸਿੱਕਮ ਵਿਚ ਸਿੱਖ ਪਰਿਵਾਰਾਂ ਨੂੰ ਸਮੱਸਿਆ ਆਈ ਤਾਂ ਅਸੀਂ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੂੰ ਮਿਲ ਕੇ ਇਸ ਸਮੱਸਿਆ ਦਾ ਹੱਲ ਕਰਵਾਇਆ ਹੈ। ਇਸ ਤੋਂ ਪਹਿਲਾ ਸੁਖਬੀਰ ਨੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸੰਤਾਂ ਵਲੋਂ ਧਾਰਮਿਕ, ਵਿੱਦਿਅਕ ਅਤੇ ਸਮਾਜਿਕ ਖੇਤਰ ਵਿਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ।
 ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਤੇ ਅਸਥਾਨ ਦੀ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਰਸੀ ਸਮਾਗਮ ਦੌਰਾਨ ਪੁੱਜਣ 'ਤੇ ਧੰਨਵਾਦ ਕੀਤਾ ਅਤੇ ਸੰਤ ਬਾਬਾ ਪ੍ਰੇਮ ਸਿੰਘ ਜੀ ਦੀ ਜੀਵਨੀ ਬਾਰੇ ਵਿਸਥਾਰ ਪੂਰਵਕ ਜ਼ਿਕਰ ਕਰਦਿਆਂ ਕਿਹਾ ਕਿ ਸੰਤਾਂ ਨੇ ਲੋਕਾਂ ਦੇ ਰਹਿਣ-ਸਹਿਣ ਦੇ ਪੱਧਰ ਨੂੰ ਉੱਚਾ ਚੁੱਕਿਆ ਅਤੇ ਧਾਰਮਿਕ ਮਰਿਆਦਾ ਅਨੁਸਾਰ ਜੀਵਨ ਜਿਉਣਾ ਸਿਖਾਇਆ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਜ਼ਿਲਾ ਪ੍ਰੀਸ਼ਦ ਕਪੂਰਥਲਾ ਦੇ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ, ਭਾਈ ਜਸਬੀਰ ਸਿੰਘ, ਦੇਸ ਰਾਜ ਧੁੱਗਾ, ਭਗਵਾਨ ਸਿੰਘ ਜੌਹਲ, ਅਮਰੀਕ ਸਿੰਘ ਲਤੀਫਪੁਰ, ਲਖਵਿੰਦਰ ਸਿੰਘ ਲੱਖੀ, ਸੁਖਦੇਵ ਸਿੰਘ ਕਾਦੂਪੁਰ, ਜਰਨੈਲ ਸਿੰਘ ਡੋਗਰਾਂਵਾਲ, ਡਾਇਰੈਕਟਰ ਰਣਜੀਤ ਸਿੰਘ ਬਿੱਟੂ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਨਗਰ ਪੰਚਾਇਤ ਬੇਗੋਵਾਲ ਦੇ ਪ੍ਰਧਾਨ ਰਜਿੰਦਰ ਲਾਡੀ, ਵਾਈਸ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ, ਵਿਕਰਮਜੀਤ ਸਿੰਘ ਵਿੱਕੀ, ਕੌਂਸਲਰ ਦਲਜੀਤ ਸਿੰਘ ਖਾਲਸਾ, ਕੌਂਸਲਰ ਪਲਵਿੰਦਰ ਕੌਰ, ਕੌਂਸਲਰ ਦਲਜੀਤ ਕੌਰ ਰੋਜ਼ੀ, ਸੰਗਤ ਸਿੰਘ ਸੁਦਾਮਾ, ਜਸਵੀਰ ਸਿੰਘ ਭੁਲੱਥ, ਸੁਖਵੰਤ ਸਿੰਘ ਤੱਖਰ, ਹਰਪ੍ਰੀਤ ਸਿੰਘ ਟੀਟੂ, ਪ੍ਰੀਤਮ ਸਿੰਘ ਨੌਰੰਗਪੁਰ, ਨਰਿੰਦਰਜੀਤ ਸਿੰਘ ਗੁੱਲੂ ਆਦਿ ਹਾਜ਼ਰ ਸਨ।


Related News