ਲਿਫਟਿੰਗ ਦਾ ਕੰਮ 15 ਜੂਨ ਤਕ ਹਰ ਹਾਲਤ ''ਚ ਮੁਕੰਮਲ ਕਰ ਲਿਆ ਜਾਵੇਗਾ : ਗਰਗ

05/04/2018 10:35:42 AM

ਕਪੂਰਥਲਾ (ਗੁਰਵਿੰਦਰ ਕੌਰ)—ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆ ਕੇ ਮੰਡੀਆਂ ਨੂੰ ਪਹਿਲ ਦੇ ਆਧਾਰ 'ਤੇ ਖਾਲੀ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਇਹ ਕੰਮ 15 ਜੂਨ ਤਕ ਹਰ ਹਾਲਤ ਵਿਚ ਮੁਕੰਮਲ ਕਰ ਲਿਆ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਵਿਭਾਗ ਪੰਜਾਬ ਦੇ ਵਿਸ਼ੇਸ਼ ਸਕੱਤਰ ਵਿਕਾਸ ਗਰਗ ਨੇ ਅੱਜ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਪੂਰਥਲਾ ਜ਼ਿਲੇ ਵਿਚ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦੇ ਹੋਏ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਪੂਰੀ ਰਣਨੀਤੀ ਤਹਿਤ ਕਣਕ ਦੀ ਸਟੋਰੇਜ ਦੇ ਬਦਲਵੇਂ ਪ੍ਰਬੰਧ ਕਰਨ ਤਾਂ ਜੋ ਜਿਨਸ ਨੂੰ ਕਿਸੇ ਵੀ ਨੁਕਸਾਨ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਵਿਸ਼ੇਸ਼ ਸਕੱਤਰ ਗਰਗ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ, ਲਿਫਟਿੰਗ, ਬਾਰਦਾਨੇ ਅਤੇ ਅਦਾਇਗੀ ਆਦਿ ਦੀ ਮੌਜੂਦਾ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਨਾਲ-ਨਾਲ ਉਨ੍ਹਾਂ ਅਧਿਕਾਰੀਆਂ ਨੂੰ ਖ਼ਰੀਦ ਦੌਰਾਨ ਆ ਰਹੀਆਂ ਦਿੱਕਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਡੀ. ਸੀ. ਮੁਹੰਮਦ ਤਇਅਬ ਨੇ ਦਸਿਆ ਕਿ ਜ਼ਿਲੇ ਵਿਚ ਪਿਛਲੇ ਸਾਲ ਦੀ ਕੁਲ ਖ਼ਰੀਦ 3,44,219 ਮੀਟ੍ਰਿਕ ਟਨ ਦੇ ਮੁਕਾਬਲੇ ਬੀਤੀ ਸ਼ਾਮ ਤਕ 3,62,778 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ ਅਤੇ ਹਾਲੇ ਵੀ ਨਿਰਵਿਘਨ ਖ਼ਰੀਦ ਜਾਰੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਦੀ 89 ਫੀਸਦੀ ਅਦਾਇਗੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਡੀ. ਐੱਫ. ਐੱਸ. ਸੀ. ਪਿੰਦਰ ਸਿੰਘ, ਜ਼ਿਲਾ ਮੰਡੀ ਅਫ਼ਸਰ ਜਸਪਾਲ ਸਿੰਘ, ਐੱਸ. ਐੱਸ. ਰੰਧਾਵਾ, ਹਰਜੀਤ ਸਿੰਘ, ਕੁਲਵਿੰਦਰ ਸਿੰਘ, ਜਸਕੰਵਲ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।