ਸੀ. ਪੀ. ਐਮ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

05/10/2018 4:18:06 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਸੀ. ਪੀ. ਐਮ ਤਹਿਸੀਲ ਕਮੇਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ 'ਤੇ ਠੱਲ ਪਾਉਣ, ਜੀ. ਐੱਸ. ਟੀ. ਦੇ ਘੇਰੇ ਵਿਚ ਲਿਆਉਣ, ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ, ਮਨਰੇਗਾ ਦਾ ਘੇਰਾ ਵਧਾਉਣ, ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਮਨਵਾਉਣ ਅਤੇ ਵੱਧ ਰਹੀ ਮਹਿੰਗਾਈ 'ਤੇ ਠੱਲ ਪਾਉਣ ਆਦਿ ਮੰਗਾਂ ਨੂੰ ਲੈ ਕੇ ਅੱਜ ਡੀ. ਸੀ. ਦਫ਼ਤਰ ਅੱਗੇ ਅਰਥੀ ਫੂਕ ਮੁਜ਼ਾਹਰਾ ਕਰਕੇ ਪ੍ਰਧਾਨ ਮੰਤਰੀ ਦੇ ਨਾਮ ਏ. ਡੀ. ਸੀ. ਰਾਜਪਾਲ ਸਿੰਘ ਨੂੰ ਮੰਗ ਪੱਤਰ ਸੌਂਪਿਆ।
ਇਸ ਤੋਂ ਪਹਿਲਾਂ ਮੁਜ਼ਾਹਰਾ ਕਰ ਰਹੇ ਲੋਕਾਂ ਨੂੰ ਸੰਬੋਧਨ ਕਰਦਿਆਂ ਤਹਿਸੀਲ ਕਮੇਟੀ ਦੇ ਸਕੱਤਰ ਕਾਮਰੇਡ ਹਰੀਰਾਮ ਚੱਕ ਸ਼ੇਰੇਵਾਲਾ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲਾ ਪ੍ਰਧਾਨ ਧਰਮਪਾਲ ਅਤੇ ਹੋਰਾਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਹੋਂਦ ਵਿਚ ਆਉਣ ਤੋਂ ਬਾਅਦ ਦੇਸ਼ ਵਿਚ ਜਿੱਥੇ ਘੱਟ ਗਿਣਤੀਆਂ ਵਿਚ ਅਸੁਰੱਖਿਆ ਦੀ ਭਾਵਨਾ ਪਾਈ ਜਾ ਰਹੀ ਹੈ, ਉੱਥੇ ਹੀ ਇਸ ਸਰਕਾਰ ਦੇ ਬਣਦਿਆਂ ਹੀ ਮਹਿੰਗਾਈ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਭਾਵੇਂ ਜੀ.ਐਸ.ਟੀ ਲਾਗੂ ਕਰ ਦਿੱਤੀ ਗਈ ਹੈ ਪਰ ਡੀਜ਼ਲ ਅਤੇ ਪੈਟਰੋਲੀਅਮ ਪਦਾਰਥਾਂ ਨੂੰ ਇਸ ਦੇ ਘੇਰੇ ਵਿਚੋਂ ਬਾਹਰ ਰੱਖ ਕੇ ਅਡਾਨੀ, ਅੰਬਾਨੀ ਅਤੇ ਰਿਲਾਇੰਸ ਕੰਪਨੀਆਂ ਨੂੰ ਲੁੱਟ ਕਰਨ ਦੀ ਖੁੱਲ੍ਹੀ ਛੋਟ ਦਿੱਤੀ ਹੋਈ ਹੈ, ਜਿਸ ਕਾਰਨ ਜਿਸ ਕਾਰਨ ਨਿੱਤ ਦਿਨ ਪੈਟਰੋਲੀਅਮ ਪਦਾਰਥਾਂ ਦੇ ਰੇਟਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮਹਿੰਗਾਈ ਦਿਨ-ਬਦਿਨ ਵੱਧ ਰਹੀ ਹੈ। 
ਉਨ੍ਹਾਂ ਮੰਗ ਕੀਤੀ ਕਿ ਇਸ ਨੂੰ ਜੀ. ਐੱਸ. ਟੀ. ਦੇ ਘੇਰੇ ਵਿਚ ਲਿਆਂਦਾ ਜਾਵੇ, ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਤੇ ਸਰਕਾਰ ਖ਼ੁਦ ਕੰਟਰੋਲ ਕਰੇ, ਕਿਸਾਨਾਂ ਦੀ ਹਾਲਤ ਸੁਧਾਰਨ ਲਈ ਉਨ੍ਹਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ, ਕਿਸਾਨਾਂ ਦੀ ਹਾਲਤ ਸੁਧਾਰਨ ਲਈ ਸੁਆਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਖੇਤ ਮਜ਼ਦੂਰਾਂ ਦੀ ਹਾਲਤ ਸੁਧਾਰਨ ਲਈ ਮਨਰੇਗਾ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਕੇ ਇਸਦਾ ਘੇਰਾ ਵਿਸ਼ਾਲ ਕੀਤਾ ਜਾਵੇ ਅਤੇ ਫਿਰਕਾਪ੍ਰਸਤੀ 'ਤੇ ਠੱਲ ਪਾਈ ਜਾਵੇ। ਇਸ ਮੌਕੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।