ਚੋਣ ਆਬਜ਼ਰਵਰ, ਸੀ. ਪੀ. ਅਤੇ ਏ. ਡੀ. ਸੀ. ਵੱਲੋਂ ਗਿਣਤੀ ਕੇਂਦਰ ਦੇ ਪ੍ਰਬੰਧਾਂ ਦਾ ਜਾਇਜ਼ਾ

05/26/2018 6:16:04 PM

ਜਲੰਧਰ (ਅਮਿਤ)— ਸ਼ਾਹਕੋਟ ਜ਼ਿਮਨੀ ਚੋਣ ਲਈ ਜਨਰਲ ਚੋਣ ਆਬਜ਼ਰਵਰ ਰਵੀਕਾਂਤ ਜੈਨ, ਜਲੰਧਰ ਦੇ ਪੁਲਸ ਕਮਿਸ਼ਨਰ ਪ੍ਰਵੀਨ ਕੁਮਾਰ ਸਿਨ੍ਹਾ ਅਤੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੱਲੋਂ ਬੀਤੇ ਦਿਨ ਡਾਇਰੈਕਟਰ ਲੈਂਡ ਰਿਕਾਰਡ ਪੰਜਾਬ ਦੇ ਦਫਤਰ ਵਿਖੇ ਸਥਿਤ ਗਿਣਤੀ ਕੇਂਦਰ ਦਾ ਦੌਰਾ ਕਰਕੇ ਉਸ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਨ੍ਹਾਂ ਅਧਿਕਾਰੀਆਂ ਨੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ 31 ਮਈ ਨੂੰ ਸ਼ਾਹਕੋਟ ਜ਼ਿਮਨੀ ਚੋਣ ਲਈ ਵੋਟਾਂ ਦੀ ਹੋਣ ਵਾਲੀ ਗਿਣਤੀ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਦੱਸਿਆ ਗਿਆ ਕਿ ਸੀਮਾ ਸੁਰੱਖਿਆ ਬੱਲ ਦੀ ਇਕ ਕੰਪਨੀ ਗਿਣਤੀ ਦੇ ਦੌਰਾਨ ਤਾਇਨਾਤ ਕੀਤੀ ਜਾਵੇਗੀ ਤਾਂ ਜੋ ਇਹ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚਾੜ੍ਹੀ ਜਾ ਸਕੇ। 
ਇਸ ਮੌਕੇ ਇਹ ਵੀ ਫੈਸਲਾ ਲਿਆ ਗਿਆ ਕਿ ਗਿਣਤੀ ਦੌਰਾਨ ਗਿਣਤੀ ਕਰਨ ਵਾਲੇ ਸਟਾਫ, ਚੋਣ ਉਮੀਦਵਾਰ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਗਿਣਤੀ ਕੇਂਦਰਾਂ ਵਿਚ ਸਪੋਰਟਸ ਸਕੂਲ ਵਾਲੀ ਸਾਈਡ 'ਚ ਅੰਦਰ ਆਉਣ ਦਿੱਤਾ ਜਾਵੇਗਾ, ਜਦਕਿ ਮੀਡੀਆ ਅਤੇ ਅਧਿਕਾਰੀਆਂ ਲਈ ਕੰਪਲੈਕਸ ਦਾ ਦੂਜਾ ਗੇਟ ਖੋਲ੍ਹਿਆ ਜਾਵੇਗਾ।
ਇਸ ਮੌਕੇ ਇਹ ਵੀ ਫੈਸਲਾ ਲਿਆ ਗਿਆ ਕਿ ਪੱਤਰਕਾਰਾਂ ਦੀ ਸਹੂਲਤ ਲਈ ਗਿਣਤੀ ਕੇਂਦਰ 'ਚ ਇਕ ਅਤਿ-ਆਧੁਨਿਕ ਮੀਡੀਆ ਕੇਂਦਰ ਸਥਾਪਿਤ ਕੀਤਾ ਜਾਵੇਗਾ। ਇਸ ਮੌਕੇ ਇਹ ਵੀ ਦੱਸਿਆ ਗਿਆ ਕਿ ਗਿਣਤੀ ਲਈ 70 ਮੈਂਬਰੀ ਸਟਾਫ ਲਾਇਆ ਜਾਵੇਗਾ, ਜਿਨ੍ਹਾਂ ਨੂੰ 13 ਟੀਮਾਂ 'ਚ ਵੰਡ ਕੇ ਹਰ ਟੇਬਲ 'ਤੇ ਤਿੰਨ ਮੈਂਬਰ ਬਿਠਾਏ ਜਾਣਗੇ। ਇਸ ਮੌਕੇ ਜਨਰਲ ਚੋਣ ਆਬਜ਼ਰਵਰ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਸ਼ਾਂਤਮਈ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ 'ਚ ਕਿਸੇ ਵੀ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ। 
ਉਨ੍ਹਾਂ ਨੇ ਕਿਹਾ ਕਿ ਗਿਣਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਕੂਲ ਕਰਵਾਈ ਜਾਵੇਗੀ ਅਤੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਉਹ ਆਪਣੀ ਡਿਊਟੀ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ. ਸੀ. ਪੀ. ਗੁਰਮੀਤ ਸਿੰਘ, ਏ. ਡੀ. ਸੀ. ਪੀ. ਡੀ. ਸੂਡਰਵਿਜੀ, ਤਹਿਸੀਲਦਾਰ ਮਨਦੀਪ ਸਿੰਘ ਅਤੇ ਹੋਰ ਵੀ ਹਾਜ਼ਰ ਸਨ।


Related News