ਬਾਬਾ ਬੰਦਾ ਸਿੰਘ ਬਹਾਦਰ ਦਾ ਰਾਜ ਭਾਈਚਾਰਕ ਸਾਂਝ ਤੇ ਆਪਸੀ ਮਿਲਵਰਤਣ ਦੀ ਮਿਸਾਲ : ਸੁਖਬੀਰ

05/28/2018 9:21:32 AM

ਲੋਹਗੜ੍ਹ ਸਾਹਿਬ/ਫਤਿਹਗੜ੍ਹ ਸਾਹਿਬ, ਪਟਿਆਲਾ, ਅੰਮ੍ਰਿਤਸਰ (ਜਗਦੇਵ, ਜੋਸਨ, ਦੀਪਕ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਥਾਪਤ ਕੀਤੇ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਕਿਲਾ ਲੋਹਗੜ੍ਹ ਸਾਹਿਬ, ਯਮੁਨਾਨਗਰ (ਹਰਿਆਣਾ) ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਹਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਹਰਿਆਣਾ ਨਾਲ ਸਬੰਧਤ ਮੈਂਬਰਾਂ ਦੇ ਯਤਨਾਂ ਨਾਲ ਹੋਏ ਇਸ ਸਮਾਗਮ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਡੀ ਗਿਣਤੀ 'ਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਥਾਪਤ ਕੀਤਾ ਗਿਆ ਪਹਿਲਾ ਖ਼ਾਲਸਾ ਰਾਜ ਗੁਰੂ ਸਾਹਿਬਾਨ ਦੇ ਮਨੁੱਖਤਾ ਨੂੰ ਸਰੀਰਕ ਤੇ ਆਤਮਿਕ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਦਿੱਤੇ ਪਰਉਪਕਾਰੀ ਸਿਧਾਂਤਾਂ ਦਾ ਹੀ ਅਮਲ ਸੀ ਅਤੇ ਖ਼ਾਲਸਾ ਰਾਜ ਦੀ ਪਹਿਲੀ ਰਾਜਧਾਨੀ ਲੋਹਗੜ੍ਹ ਸਾਹਿਬ ਅੱਜ ਵੀ ਸਾਨੂੰ ਜਬਰ, ਜ਼ੁਲਮ ਤੇ ਬੇਇਨਸਾਫ਼ੀ ਖ਼ਿਲਾਫ਼ ਲੜਨ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਖ਼ਾਲਸਾ ਰਾਜ ਦੀ ਰਾਜਧਾਨੀ ਕਿਲਾ ਲੋਹਗੜ੍ਹ ਸਾਹਿਬ ਦਾ ਸਥਾਪਨਾ ਦਿਵਸ ਵਿਸ਼ਾਲ ਪੱਧਰ 'ਤੇ ਮਨਾਇਆ ਜਾਇਆ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਅਸਥਾਨ ਦੇ ਵਿਕਾਸ ਲਈ 10 ਏਕੜ ਜਗ੍ਹਾ ਵਿਚ ਗੁਰਦੁਆਰਾ ਸਾਹਿਬ ਦੇ ਨਿਰਮਾਣ ਦਾ ਕਾਰਜ ਚੱਲ ਰਿਹਾ ਹੈ ਅਤੇ ਜਲਦ ਹੀ ਚਾਰਦੀਵਾਰੀ ਦਾ ਕੰਮ ਵੀ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਹਗੜ੍ਹ ਸਾਹਿਬ ਦੇ ਵਿਕਾਸ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਹੋਰ ਜਗ੍ਹਾ ਵੀ ਖਰੀਦੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਰਾਜ ਦੀ ਪਹਿਲੀ ਰਾਜਧਾਨੀ ਦਾ ਸਥਾਪਨਾ ਦਿਵਸ ਮਨਾਉਣ ਦੇ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ, ਉਥੇ ਹੀ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦਾ ਰਾਜ ਆਪਣੇ ਆਪ ਵਿਚ ਇਕ ਮਿਸਾਲ ਸੀ ਕਿਉਂਕਿ ਉਨ੍ਹਾਂ ਵੱਲੋਂ ਸਥਾਪਤ ਕੀਤੇ ਖ਼ਾਲਸਾ ਰਾਜ ਵਿਚ ਸਭ ਦਾ ਸਤਿਕਾਰ, ਭਾਈਚਾਰਕ ਸਾਂਝ ਅਤੇ ਆਪਸੀ ਮਿਲਵਰਤਣ ਕਾਇਮ ਸੀ। ਉਨ੍ਹਾਂ ਕਿਹਾ ਕਿ ਖ਼ਾਲਸਾ ਰਾਜ ਦੀ ਪਹਿਲੀ ਰਾਜਧਾਨੀ ਲੋਹਗੜ੍ਹ ਸਾਹਿਬ ਦਾ ਸਥਾਪਨਾ ਦਿਵਸ ਮਨਾਉਣ ਦਾ ਮਕਸਦ ਸਾਨੂੰ ਆਪਣੇ ਇਤਿਹਾਸ ਤੋਂ ਸੇਧ ਲੈ ਕੇ ਸਮਾਜ ਅੰਦਰ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਲਈ ਲਾਮਬੰਦ ਹੋਣ ਲਈ ਪ੍ਰੇਰਿਤ ਕਰਨਾ ਹੈ।  ਬਾਦਲ ਨੇ ਕਿਹਾ ਕਿ ਕੁਝ ਲੋਕ ਸਿੱਖ ਕੌਮ ਨੂੰ ਪਾੜਨ ਦੇ ਯਤਨ ਵਿਚ ਹਨ, ਜਿਨ੍ਹਾਂ ਤੋਂ ਸੁਚੇਤ ਰਹਿਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਮੇਸ਼ਾ ਸਿੱਖ ਮਸਲਿਆਂ ਦੀ ਪੈਰਵਾਈ ਲਈ ਮੋਹਰੀ ਰੋਲ ਅਦਾ ਕੀਤਾ ਜਾਂਦਾ ਰਿਹਾ ਹੈ ਅਤੇ ਜਦੋਂ ਵੀ ਦੇਸ਼-ਵਿਦੇਸ਼ ਵਿਚ ਸਿੱਖਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਬਣੀ ਤਾਂ ਇਨ੍ਹਾਂ ਸੰਸਥਾਵਾਂ ਨੇ ਅੱਗੇ ਹੋ ਕੇ ਲੜਾਈ ਲੜੀ। ਉਨ੍ਹਾਂ ਇਸ ਮੌਕੇ ਹਰਿਆਣੇ ਦੇ ਸਿੱਖਾਂ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ ਅਤੇ ਹਰਿਆਣਾ ਸੂਬੇ ਅੰਦਰ ਸਿੱਖਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਜ਼ਾਦ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ। 
ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਪੰਜਾਬ ਸਿਕੰਦਰ ਸਿੰਘ ਮਲੂਕਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਕਾਇਮਪੁਰ, ਸ਼ਰਨਜੀਤ ਸਿੰਘ ਸੋਥਾ ਪ੍ਰਧਾਨ (ਹਰਿਆਣਾ) ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਨੂੰ ਭਾਈ ਲੌਂਗੋਵਾਲ, ਰਘੂਜੀਤ ਸਿੰਘ ਵਿਰਕ ਤੇ ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ ਨੇ ਸਨਮਾਨਤ ਕੀਤਾ।


Related News