ਦਿੱਲੀ ''ਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰੇਗੀ ਸ਼੍ਰੋਮਣੀ ਕਮੇਟੀ

05/30/2018 6:18:50 AM

ਅੰਮ੍ਰਿਤਸਰ (ਦੀਪਕ/ ਅਣਜਾਨ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਦਿੱਲੀ 'ਚ ਸਥਿਤ ਸਿੱਖ ਮਿਸ਼ਨ ਦੀ ਇਮਾਰਤ ਦਾ ਨਵੀਨੀਕਰਨ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਮਿਸ਼ਨ ਦਿੱਲੀ ਰਾਹੀਂ ਧਰਮ ਪ੍ਰਚਾਰ ਦੇ ਕਾਰਜਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਧੀਆ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਇਥੇ ਗੁਰਮਤਿ ਸਾਹਿਤ ਕੇਂਦਰ ਵੀ ਖੋਲ੍ਹਿਆ ਜਾਵੇਗਾ।
ਉਨ੍ਹਾਂ ਸਿੱਖ ਮਿਸ਼ਨ ਲਈ ਜਗ੍ਹਾ ਦੇਣ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੋਵਾਂ ਕਮੇਟੀਆਂ ਵੱਲੋਂ ਸਾਂਝੇ ਉਪਰਾਲੇ ਨਾਲ ਦਿੱਲੀ ਖੇਤਰ ਵਿਚ ਵੀ ਧਰਮ ਪ੍ਰਚਾਰ ਦੀ ਵਿਸ਼ਾਲ ਲਹਿਰ ਸਿਰਜੀ ਜਾਵੇਗੀ, ਜਿਸ ਤਹਿਤ ਜਿਥੇ ਗੁਰੂ ਘਰਾਂ 'ਚ ਦੀਵਾਨ ਸਜਾਏ ਜਾਣਗੇ, ਉਥੇ ਹੀ ਨੌਜਵਾਨਾਂ ਤੇ ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਵਿਸ਼ੇਸ਼ ਪ੍ਰੋਗਰਾਮ ਵੀ ਉਲੀਕੇ ਜਾਣਗੇ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ ਅਤੇ ਦਿੱਲੀ ਕਮੇਟੀ ਦੇ ਤਾਲਮੇਲ ਨਾਲ ਧਰਮ ਪ੍ਰਚਾਰ ਕਾਰਜਾਂ ਨੂੰ ਨਵੇਂ ਅੰਜਾਮ ਦੇਣ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਸ਼੍ਰੋਮਣੀ ਕਮੇਟੀ ਨੂੰ ਧਰਮ ਪ੍ਰਚਾਰ ਕਾਰਜਾਂ ਲਈ ਹਰ ਤਰ੍ਹਾਂ ਦਾ ਸਹਿਯੋਗ ਕਰੇਗੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵੀ ਸੰਬੋਧਨ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮਨਜੀਤ ਸਿੰਘ ਜੀ. ਕੇ. ਤੇ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਅਹੁਦੇਦਾਰਾਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਅਵਤਾਰ ਸਿੰਘ ਹਿੱਤ, ਹਰਮੀਤ ਸਿੰਘ ਕਾਲਕਾ, ਗੁਰਮਿੰਦਰ ਸਿੰਘ ਮਠਾਰੂ, ਭੁਪਿੰਦਰ ਸਿੰਘ ਅਨੰਦ, ਡਾ. ਹਰਿੰਦਰਪਾਲ ਸਿੰਘ, ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਦਰਸ਼ਨ ਸਿੰਘ ਲੌਂਗੋਵਾਲ ਪੀ. ਏ., ਸੁਖਮਿੰਦਰ ਸਿੰਘ ਐਕਸੀਅਨ, ਜਤਿੰਦਰਪਾਲ ਸਿੰਘ ਐੱਸ. ਡੀ. ਓ., ਅਮਰਜੀਤ ਸਿੰਘ ਪੱਪੂ, ਸੁਰਿੰਦਰਪਾਲ ਸਿੰਘ ਸਮਾਣਾ ਇੰਚਾਰਜ ਸਿੱਖ ਮਿਸ਼ਨ ਆਦਿ ਮੌਜੂਦ ਸਨ।