ਬੇਰੋਜ਼ਗਾਰ ਲਾਈਨਮੈਨ ਯੂਨੀਅਨ ਨੇ ਸੂਬਾ ਸਰਕਾਰ ਦੀ ਅਰਥੀ ਫੂਕੀ

Friday, Jun 01, 2018 - 01:30 AM (IST)

ਬੇਰੋਜ਼ਗਾਰ ਲਾਈਨਮੈਨ ਯੂਨੀਅਨ ਨੇ ਸੂਬਾ ਸਰਕਾਰ ਦੀ ਅਰਥੀ ਫੂਕੀ

ਪਠਾਨਕੋਟ, (ਸ਼ਾਰਦਾ)- ਬੇਰੋਜ਼ਗਾਰ ਲਾਈਨਮੈਨ ਯੂਨੀਅਨ ਨੇ ਅੱਜ ਮੰਗਾਂ ਨੂੰ ਲੈ ਕੇ ਜ਼ਿਲਾ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਖਿਲਾਫ਼ ਮੋਰਚਾ ਖੋਲ੍ਹਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਅਰਥੀ ਫੂਕ ਪ੍ਰਦਰਸ਼ਨ ਕੀਤਾ। ਬੇਰੋਜ਼ਗਾਰ ਲਾਈਨਮੈਨ ਸੀ. ਆਰ. ਏ.-267 ਦੇ ਤਹਿਤ ਹੋਈ ਲਾਈਨਮੈਨਾਂ ਦੀ ਭਰਤੀ ਨੂੰ ਪੂਰਾ ਕਰਨ ਅਤੇ 4 ਹਜ਼ਾਰ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਮੰਗ ਨੂੰ ਲੈ ਕੇ ਰੋਸ ਸੀ।  ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰਦੇ ਹੋਏ ਜ਼ਿਲਾ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 4 ਹਜ਼ਾਰ ਲਾਈਨਮੈਨਾਂ ਦਾ ਮਸਲਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ 2011 ਤੋਂ ਉਹ ਰੋਜ਼ਗਾਰ ਦੇ ਲਈ ਸੜਕਾਂ 'ਤੇ ਧੱਕੇ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ-ਭਾਜਪਾ ਅਤੇ ਹੁਣ ਕਾਂਗਰਸ ਸਰਕਾਰ ਬੇਰੋਜ਼ਗਾਰ ਲਾਈਨਮੈਨਾਂ ਦੇ ਨਾਲ ਧੱਕਾ ਕਰ ਰਹੀ ਹੈ। ਸੁਖਵਿੰਦਰ ਨੇ ਕਿਹਾ ਕਿ ਜਦੋਂ ਪਿਛਲੀ ਸਰਕਾਰ ਦੌਰਾਨ ਬੇਰੋਜ਼ਗਾਰ ਲਾਈਨਮੈਨ ਯੂਨੀਅਨ ਧਰਨੇ 'ਤੇ ਬੈਠੀ ਸੀ ਤਾਂ ਕਾਂਗਰਸੀ ਆਗੂ ਮਹਾਰਾਣੀ ਪਰਨੀਤ ਕੌਰ, ਬੀਬੀ ਰਜਿੰਦਰ ਕੌਰ ਭੱਠਲ, ਮੌਜੂਦਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਉਨ੍ਹਾਂ ਦੇ ਸੰਘਰਸ਼ ਵਿਚ ਸ਼ਾਮਲ ਹੋ ਕੇ ਕਾਂਗਰਸ ਸਰਕਾਰ ਆਉਣ 'ਤੇ ਇਸ ਮਸਲੇ ਨੂੰ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਸੱਤਾ ਵਿਚ ਆਉਣ ਤੋਂ ਬਾਅਦ ਕਾਂਗਰਸ ਸਰਕਾਰ ਵਾਅਦੇ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗ ਨੂੰ ਪੂਰਾ ਨਾ ਕੀਤਾ ਤਾਂ ਬਿਜਲੀ ਮੰਤਰੀ ਦੇ ਨਿਵਾਸ ਸਥਾਨ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਸੁਰੇਸ਼ ਕੁਮਾਰ, ਲੱਕੀ, ਜੁਗਿੰਦਰ ਪਾਲ, ਅਨਿਲ ਗੋਰਾ, ਰਾਜੇਸ਼, ਨਰਿੰਦਰ, ਅਸ਼ਵਨੀ, ਨਿਰਮਲ, ਰਮਨ, ਪੁਸ਼ਪ ਕਟਾਰੀਆ, ਸਤਨਾਮ, ਹਰਦੀਪ, ਦਿਲਾਵਰ ਤੇ ਅਨਿਲ ਦੱਤ ਹਾਜ਼ਰ ਸਨ। 


Related News