ਪੰਜਾਬ ਦੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚੋਣ ਵਿਭਾਗ ਦੀ ਮੁੱਖ ਜ਼ਿੰਮੇਵਾਰੀ

Thursday, May 09, 2024 - 10:33 PM (IST)

ਪੰਜਾਬ ਦੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚੋਣ ਵਿਭਾਗ ਦੀ ਮੁੱਖ ਜ਼ਿੰਮੇਵਾਰੀ

ਜੈਤੋ (ਰਘੂਨੰਦਨ ਪਰਾਸ਼ਰ) - ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ 'ਚ ਆਜ਼ਾਦ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਸ ਕਪਤਾਨਾਂ (ਐਸ.ਐਸ.ਪੀਜ਼.) ਨੂੰ ਨਿਰਦੇਸ਼ ਦਿੱਤੇ ਹਨ। ਉਮੀਦਵਾਰਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ, ਸਾਰਿਆਂ ਲਈ ਇਕਸਾਰ ਮਾਹੌਲ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਮੁੱਖ ਚੋਣ ਅਫ਼ਸਰ ਨੇ ਜ਼ੋਰ ਦੇ ਕੇ ਕਿਹਾ ਕਿ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਜ਼ਿਲ੍ਹਾ ਚੋਣ ਵਿਭਾਗ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਭਾਰਤੀ ਚੋਣ ਕਮਿਸ਼ਨ ਇਸ ਮਾਮਲੇ ਨੂੰ ਲੈ ਕੇ ਬੇਹੱਦ ਗੰਭੀਰ ਹੈ।

ਸਾਰੇ ਸਬੰਧਤ ਅਧਿਕਾਰੀਆਂ ਨੂੰ ਜਾਰੀ ਪੱਤਰ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਚੋਣ ਪ੍ਰਚਾਰ ਵਿੱਚ ਵਿਘਨ ਪਾਉਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਵੱਖ-ਵੱਖ ਸ਼ਿਕਾਇਤਾਂ ਅਤੇ ਮੀਡੀਆ ਰਿਪੋਰਟਾਂ ਰਾਹੀਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਅੰਦੋਲਨਕਾਰੀ ਕਿਸਾਨਾਂ ਵੱਲੋਂ ਪ੍ਰਚਾਰ ਕਰਨ ਤੋਂ ਰੋਕਿਆ ਜਾ ਰਿਹਾ ਹੈ, ਜਿਸ ਕਾਰਨ ਉਹ ਸੂਬੇ ਦੇ ਨਾਗਰਿਕਾਂ ਨੂੰ ਆਪਣੇ ਚੋਣ ਮੈਨੀਫੈਸਟੋ ਤੋਂ ਜਾਣੂ ਨਹੀਂ ਕਰਵਾ ਪਾ ਰਹੇ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹਨ।

ਇਹ ਵੀ ਪੜ੍ਹੋ- 4 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਨਾ ਦਿਓ ਜ਼ੁਕਾਮ ਤੇ ਫਲੂ ਹੋਣ 'ਤੇ ਸੀਰਪ, ਸਰਕਾਰ ਨੇ ਲਗਾਈ ਪਾਬੰਦੀ

ਸਿਬਿਨ ਸੀ ਨੇ ਅੱਗੇ ਦੱਸਿਆ ਕਿ ਇਹ ਵੀ ਦੇਖਿਆ ਗਿਆ ਹੈ ਕਿ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸੀਆਰਪੀਸੀ ਦੀ ਧਾਰਾ 144 ਤਹਿਤ ਜਾਰੀ ਹੁਕਮਾਂ ਦੇ ਬਾਵਜੂਦ ਧਰਨਾਕਾਰੀ ਕਿਸਾਨ ਬਿਨਾਂ ਇਜਾਜ਼ਤ ਮੀਟਿੰਗਾਂ ਕਰਨ ਲਈ ਲਾਊਡ ਸਪੀਕਰਾਂ ਦੀ ਵਰਤੋਂ ਕਰ ਰਹੇ ਹਨ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦਾ ਹਵਾਲਾ ਦਿੰਦਿਆਂ ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ ਤਾਂ ਜੋ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਲਈ ਇਕਸਾਰ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ। ਸਿਬਿਨ ਸੀ ਨੇ ਦੁਹਰਾਇਆ ਕਿ ਇਹ ਜ਼ਿਲ੍ਹਿਆਂ ਵਿੱਚ ਤਾਇਨਾਤ ਸਮੂਹ ਚੋਣ ਮਸ਼ੀਨਰੀ ਦਾ ਫਰਜ਼ ਹੈ ਕਿ ਉਹ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਿਬਿਨ ਸੀ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਹਦਾਇਤਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਚੋਣ ਪ੍ਰਚਾਰ ਵਿੱਚ ਵਿਘਨ ਪਾਉਣ ਦੀ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਇਸ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਭਾਰਤ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ ਕਿ ਅੱਜ ਕਿਸਾਨਾਂ ਦਾ ਇੱਕ ਵਫ਼ਦ ਪੰਜਾਬ ਦੇ ਮੁੱਖ ਚੋਣ ਅਫ਼ਸਰ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਮਿਲਿਆ। ਮੀਟਿੰਗ ਦੌਰਾਨ ਸਿਬਿਨ ਸੀ ਨੇ ਕਿਸਾਨ ਸਮੂਹਾਂ ਨੂੰ ਅਮਨ-ਕਾਨੂੰਨ ਬਣਾਈ ਰੱਖਣ ਅਤੇ ਸੂਬੇ ਭਰ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਵਿੱਚ ਵਿਘਨ ਨਾ ਪਾਉਣ ਦੀ ਅਪੀਲ ਕੀਤੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


author

Inder Prajapati

Content Editor

Related News