ਕਾਂਗਰਸੀ ਉਮੀਦਵਾਰ ''ਤੇ ਜਾਨਲੇਵਾ ਹਮਲਾ, ਹੱਥ-ਪੈਰ ਤੋੜੇ
Tuesday, May 26, 2026 - 01:24 PM (IST)
ਲੁਧਿਆਣਾ (ਜ. ਬ.): ਪੰਜਾਬ ਵਿਚ ਜਾਰੀ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਵਿਚਾਲੇ ਰਾਏਕੋਟ ਵਿਚ ਮਾਹੌਲ ਤਣਾਅਪੂਰਨ ਹੋ ਗਿਆ ਹੈ। ਇੱਥੇ ਵਾਰਡ ਨੰਬਰ 4 ਤੋਂ ਕਾਂਗਰਸੀ ਉਮੀਦਵਾਰ ਜਗਦੇਵ ਸਿੰਘ ਜੱਗਾ 'ਤੇ ਜਾਨਲੇਵਾ ਹਮਲਾ ਹੋਇਆ ਹੈ।
ਇਸ ਹਮਲੇ ਵਿਚ ਜਗਦੇਵ ਸਿੰਘ ਗੰਭੀਰ ਜ਼ਖ਼ਮੀ ਹੋ ਗਏ, ਜਿਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ ਤੇ ਉੱਥੋਂ ਉਨ੍ਹਾਂ ਦੀ ਹਾਲਤ ਨੂੰ ਵੇਖਦਿਆਂ ਡੀ. ਐੱਮ. ਸੀ. ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ਕਾਰਨ ਉਨ੍ਹਾਂ ਦੇ ਹੱਥ-ਪੈਰ ਟੁੱਟ ਗਏ ਹਨ। ਫ਼ਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸੀ ਉਮੀਦਵਾਰ 'ਤੇ ਹੋਏ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਹਰ ਇਕ ਵਰਕਰ ਤੇ ਲੀਡਰ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ ਤੇ ਕਾਂਗਰਸ ਪਾਰਟੀ ਪੰਜਾਬ ਦੇ ਲਈ ਆਪਣੀ ਲੜਾਈ ਜਾਰੀ ਰੱਖੇਗੀ। ਉਨ੍ਹਾਂ ਨੇ ਜਗਦੇਵ ਸਿੰਘ 'ਤੇ ਹਮਲਾ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
