ਅਫੀਮ ਅਤੇ ਚੂਰਾ ਪੋਸਤ ਦੀ ਸਪਲਾਈ ਕਰਨ ਜਾ ਰਹੇ ਦੋ ਨਸ਼ਾ ਤਸਕਰ ਕਾਬੂ

Friday, Feb 13, 2026 - 06:28 PM (IST)

ਅਫੀਮ ਅਤੇ ਚੂਰਾ ਪੋਸਤ ਦੀ ਸਪਲਾਈ ਕਰਨ ਜਾ ਰਹੇ ਦੋ ਨਸ਼ਾ ਤਸਕਰ ਕਾਬੂ

ਲੁਧਿਆਣਾ (ਗੌਤਮ) : ਅਫੀਮ ਅਤੇ ਚੂਰਾ ਪੋਸਤ ਦੀ ਸਪਲਾਈ ਕਰਨ ਲਈ ਜਾ ਰਹੇ ਦੋ ਨਸ਼ਾ ਤਸਕਰਾਂ ਨੂੰ ਥਾਣਾ ਸਦਰ ਦੀ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਕਾਬੂ ਕਰ ਲਿਆ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ 1 ਕਿੱਲੋ 500 ਗ੍ਰਾਮ ਅਫੀਮ ਅਤੇ 7 ਕਿੱਲੋ 600 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਨਸ਼ਾ ਤਸਕਰੀ ਕਰਨ ਦੇ ਦੋਸ਼ ਹੇਠ ਮਾਮਲੇ ਦਰਜ ਕੀਤੇ ਹਨ। ਸਬ-ਇੰਸਪੈਕਟਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਧਾਂਧਰਾ ਰੋਡ 'ਤੇ ਮੌਜੂਦ ਸੀ ਤਾਂ ਇਕ ਨੌਜਵਾਨ ਸ਼ੱਕੀ ਹਾਲਤ ਵਿਚ ਪੈਦਲ ਆਉਂਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ 'ਤੇ ਜਦੋਂ ਨੌਜਵਾਨ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਕੋਲੋਂ 1 ਕਿੱਲੋ 500 ਗ੍ਰਾਮ ਅਫੀਮ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਹੈਬੋਵਾਲ ਕਲਾਂ ਦੇ ਰਹਿਣ ਵਾਲੇ ਸਤਪ੍ਰੀਤ ਸਿੰਘ ਸੋਨੀ ਪੁੱਤਰ ਅਵਤਾਰ ਸਿੰਘ ਵਜੋਂ ਹੋਈ ਹੈ। ਸ਼ੁਰੂਆਤੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਨਸ਼ੇ ਦੀ ਖੇਪ ਸਪਲਾਈ ਕਰਨ ਜਾ ਰਿਹਾ ਸੀ। ਮੁਲਜ਼ਮ ਨੂੰ ਰਿਮਾਂਡ 'ਤੇ ਲੈ ਕੇ ਉਸ ਕੋਲੋਂ ਪੁੱਛਗਿੱਛ ਕਰਕੇ ਪਤਾ ਲਗਾਇਆ ਜਾ ਰਿਹਾ ਹੈ ਕਿ ਅਫੀਮ ਕਿੱਥੋਂ ਲੈ ਕੇ ਕਿੱਥੇ ਸਪਲਾਈ ਕਰਨ ਜਾ ਰਿਹਾ ਸੀ।

ਇਸੇ ਥਾਣੇ ਦੀ ਪੁਲਸ ਨੇ ਚੈਕਿੰਗ ਦੌਰਾਨ ਚੂਰਾ ਪੋਸਤ ਦੀ ਸਪਲਾਈ ਕਰਨ ਜਾ ਰਹੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ, ਪੁਲਸ ਨੇ ਮੁਲਜ਼ਮ ਕੋਲੋਂ 7 ਕਿਲੋ 600 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਪਿੰਡ ਸਾਹਿਜ਼ਾਦ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਵਿੱਕੀ ਵਜੋਂ ਕੀਤੀ ਹੈ। ਪੁਲਸ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸੂਆ ਰੋਡ 'ਤੇ ਚੈਕਿੰਗ ਕਰ ਰਹੀ ਸੀ ਤਾਂ ਉਕਤ ਮੁਲਜ਼ਮ ਕੱਚੇ ਰਸਤੇ ਤੋਂ ਪੈਦਲ ਆ ਰਿਹਾ ਸੀ, ਜੋ ਕਿ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਵਾਪਸ ਜਾਣ ਲੱਗਾ, ਤਾਂ ਸ਼ੱਕ ਹੋਣ 'ਤੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਕੋਲੋਂ ਚੂਰਾ ਪੋਸਤ ਬਰਾਮਦ ਹੋਇਆ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਗਿਆ ਹੈ।


author

Anmol Tagra

Content Editor

Related News