ਸੜਕ ਦੀ ਖਸਤਾ ਹਾਲਤ ਵਿਰੁੱਧ ਇਲਾਕਾ ਵਾਸੀਆਂ ਨੇ ਲਾਇਆ ਧਰਨਾ
Wednesday, May 13, 2026 - 11:57 AM (IST)
ਲੁਧਿਆਣਾ (ਅਨਿਲ): ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਮੇਹਰਬਾਨ ਚੁੰਗੀ ਤੋਂ ਲੈ ਕੇ ਪਿੰਡ ਮਾਂਗਟ ਤੱਕ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਅੱਜ ਇਲਾਕੇ ਦੇ ਲੋਕਾਂ ਵੱਲੋਂ ਸੜਕ ਦੇ ਉੱਪਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਕੋਆਰਡੀਨੇਟਰ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿਛਲੇ 4 ਸਾਲਾਂ ਤੋਂ ਪੰਜਾਬ ਸਰਕਾਰ ਵੱਲੋਂ ਇਸ ਸੜਕ ਦੇ ਨਿਰਮਾਣ ਦਾ ਕੰਮ ਰੋਕਿਆ ਹੋਇਆ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕ 'ਤੇ ਚਾਰ-ਚਾਰ ਫੁੱਟ ਦੇ ਟੋਏ ਪੈਣ ਕਾਰਨ ਆਏ ਦਿਨ ਕੋਈ ਨਾ ਕੋਈ ਹਾਦਸਾ ਇਸ ਸੜਕ 'ਤੇ ਵਾਪਰਦਾ ਹੀ ਰਹਿੰਦਾ ਹੈ, ਜਿਸ ਕਾਰਨ ਕਈ ਲੋਕਾਂ ਦੀਆਂ ਜਾਨਾਂ ਵੀ ਜਾ ਚੁੱਕੀਆਂ ਹਨ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਇਸ ਸੜਕ ਦਾ ਨਿਰਮਾਣ ਜਲਦੀ ਤੋਂ ਜਲਦੀ ਸ਼ੁਰੂ ਨਾ ਕਰਵਾਇਆ ਗਿਆ ਤਾਂ ਕਾਂਗਰਸ ਪਾਰਟੀ ਵੱਲੋਂ ਆਪਣਾ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਦੌਰਾਨ ਹਾਈਵੇਅ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
