ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਤੁਰੰਤ ਪੁਲਸ ਨੂੰ ਦਿਓ: ACP ਭੁੱਲਰ

Tuesday, Sep 22, 2026 - 07:47 PM (IST)

ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਤੁਰੰਤ ਪੁਲਸ ਨੂੰ ਦਿਓ: ACP ਭੁੱਲਰ

ਲੁਧਿਆਣਾ (ਅਨਿਲ): ਪੁਲਸ ਕਮਿਸ਼ਨਰ ਆਈ.ਪੀ.ਐੱਸ. ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਤਹਿਤ ਮੰਗਲਵਾਰ ਨੂੰ ਏ.ਸੀ.ਪੀ. ਨਾਰਥ ਕੀਕਰ ਸਿੰਘ ਭੁੱਲਰ ਅਤੇ ਥਾਣਾ ਜੋਧੇਵਾਲ ਮੁਖੀ ਅਮਰਜੀਤ ਸਿੰਘ ਧੰਜੂ ਦੀ ਅਗਵਾਈ ਵਿਚ ਰਾਹੋਂ ਰੋਡ ਸਥਿਤ ਵਾਰਡ ਨੰਬਰ 6 ਦੇ ਅਧੀਨ ਆਉਂਦੇ ਮੁਹੱਲਾ ਵਿਸ਼ਨੂੰ ਨਗਰ ਵਿਚ ਇਲਾਕੇ ਦੇ ਲੋਕਾਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਪੁਲਸ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਹੋਏ ਨਸ਼ਿਆਂ ਖ਼ਿਲਾਫ਼ ਪੁਲਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ।

ਮੀਟਿੰਗ ਦੌਰਾਨ ਏ.ਸੀ.ਪੀ. ਨਾਰਥ ਕੀਕਰ ਸਿੰਘ ਭੁੱਲਰ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਵਿੱਚ ਆਮ ਲੋਕਾਂ ਦੀ ਭੂਮਿਕਾ ਵੀ ਅਹਿਮ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਨਸ਼ਾ ਵੇਚਣ ਜਾਂ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ, ਤਾਂ ਜੋ ਪੁਲਸ ਵੱਲੋਂ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇਲਾਕੇ ਵਿੱਚ ਨਸ਼ਿਆਂ ਦੇ ਕਾਰੋਬਾਰ 'ਤੇ ਨਜ਼ਰ ਰੱਖਣ ਲਈ ਪੁਲਿਸ ਅਤੇ ਲੋਕਾਂ ਵਿਚਕਾਰ ਬਿਹਤਰ ਤਾਲਮੇਲ ਜ਼ਰੂਰੀ ਹੈ।

ਏ.ਸੀ.ਪੀ. ਨਾਰਥ ਨੇ ਦੱਸਿਆ ਕਿ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਦੇ ਉਦੇਸ਼ ਨਾਲ ਪੁਲਸ ਵੱਲੋਂ ਵਿਲੇਜ ਡਿਫੈਂਸ ਕਮੇਟੀ ਅਤੇ ਵਾਰਡ ਡਿਫੈਂਸ ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕਮੇਟੀਆਂ ਵਿੱਚ ਇਲਾਕੇ ਦੇ ਜ਼ਿੰਮੇਵਾਰ ਲੋਕਾਂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਜਾਵੇਗਾ। ਕਮੇਟੀ ਦੇ ਮੈਂਬਰ ਆਪਣੇ-ਆਪਣੇ ਇਲਾਕਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਦੇ ਨਾਲ-ਨਾਲ ਸ਼ੱਕੀ ਗਤੀਵਿਧੀਆਂ ਸਬੰਧੀ ਪੁਲਿਸ ਨੂੰ ਜਾਣਕਾਰੀ ਦੇਣ ਵਿੱਚ ਸਹਿਯੋਗ ਕਰਨਗੇ।

ਥਾਣਾ ਜੋਧੇਵਾਲ ਮੁਖੀ ਅਮਰਜੀਤ ਸਿੰਘ ਧੰਜੂ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਸ ਨਾਲ ਮਿਲ ਕੇ ਨਸ਼ਿਆਂ ਖ਼ਿਲਾਫ਼ ਚਲਾਏ ਜਾ ਰਹੇ ਅਭਿਆਨ ਨੂੰ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਨਾਲ ਇਸ ਅਭਿਆਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਇਸ ਮੀਟਿੰਗ ਦੌਰਾਨ ਇਲਾਕੇ ਦੇ ਲੋਕਾਂ ਨੇ ਵੀ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਖ਼ਿਲਾਫ਼ ਚਲਾਏ ਜਾ ਰਹੇ ਅਭਿਆਨ ਵਿੱਚ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।


author

Anmol Tagra

Content Editor

Related News