ਮੇਅਰ ਦੇ ਪਤੀ ਦੀਆਂ ਵਧੀਆਂ ਮੁਸ਼ਕਲਾਂ, ਮਹਿਲਾ ਕਮਿਸ਼ਨ ਨੇ ਕਮਿਸ਼ਨਰ ਨੂੰ ਦਿੱਤੇ ਜਾਂਚ ਦੇ ਆਦੇਸ਼

Friday, May 15, 2026 - 04:46 PM (IST)

ਮੇਅਰ ਦੇ ਪਤੀ ਦੀਆਂ ਵਧੀਆਂ ਮੁਸ਼ਕਲਾਂ, ਮਹਿਲਾ ਕਮਿਸ਼ਨ ਨੇ ਕਮਿਸ਼ਨਰ ਨੂੰ ਦਿੱਤੇ ਜਾਂਚ ਦੇ ਆਦੇਸ਼

ਲੁਧਿਆਣਾ (ਰਾਜ): ਇਕ ਸਕੂਲ ਦੀ ਮਹਿਲਾ ਪ੍ਰਿੰਸੀਪਲ ਨੂੰ ਅਸ਼ਲੀਲ ਮੈਸੇਜ ਭੇਜਣ ਦੇ ਇਲਜ਼ਾਮਾਂ ਵਿਚ ਘਿਰੇ ਮੇਅਰ ਦੇ ਪਤੀ ਦੇ ਖਿਲਾਫ ਹੁਣ ਰਾਜ ਮਹਿਲਾ ਕਮਿਸ਼ਨ ਨੇ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਲਿਖਤੀ ਨਿਰਦੇਸ਼ ਜਾਰੀ ਕਰਕੇ ਪੂਰੇ ਮਾਮਲੇ ਦੀ ਗਹਿਰੀ ਅਤੇ ਨਿਰਪੱਖ ਜਾਂਚ ਦੇ ਆਦੇਸ਼ ਦਿੱਤੇ ਹਨ।

PunjabKesari

20 ਦਿਨਾਂ ਦੇ ਅੰਦਰ ਮੰਗੀ ਸਟੇਟਸ ਰਿਪੋਰਟ 

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਪੁਲਸ ਕਮਿਸ਼ਨਰ ਨੂੰ ਸਪੱਸ਼ਟ ਕੀਤਾ ਹੈ ਕਿ ਇਸ ਹਾਈ-ਪ੍ਰੋਫਾਈਲ ਮਾਮਲੇ ਦੀ ਜਾਂਚ ਕਿਸੇ ਸੀਨੀਅਰ ਰੈਂਕ ਦੇ ਅਧਿਕਾਰੀ ਤੋਂ ਕਰਵਾਈ ਜਾਵੇ। ਕਮਿਸ਼ਨ ਨੇ ਪੁਲਸ ਨੂੰ 20 ਦਿਨਾਂ ਦਾ ਸਮਾਂ ਦਿੰਦੇ ਹੋਏ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਨਾਲ ਹੀ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਇਸ ਦੀ ਇਕ ਕਾਪੀ ਸ਼ਿਕਾਇਤਕਰਤਾ ਮਹਿਲਾ ਪ੍ਰਿੰਸੀਪਲ ਨੂੰ ਵੀ ਮੁਹੱਈਆ ਕਰਵਾਈ ਜਾਵੇ, ਤਾਂ ਜੋ ਪੂਰੀ ਪ੍ਰਕਿਰਿਆ ਵਿਚ ਪਾਰਦਰਸ਼ਤਾ ਬਣੀ ਰਹੇ।

ਹਰ ਐਂਗਲ ਤੋਂ ਹੋਵੇਗੀ ਜਾਂਚ, ਦੋਵਾਂ ਧਿਰਾਂ ਦੇ ਬਿਆਨ ਦਰਜ ਹੋਣਗੇ 

ਕਮਿਸ਼ਨ ਨੇ ਪੁਲਸ ਕਮਿਸ਼ਨਰ ਨੂੰ ਲਿਖੇ ਪੱਤਰ ਵਿੱਚ ਸਾਫ਼ ਕਿਹਾ ਹੈ ਕਿ ਸ਼ਿਕਾਇਤ ਵਿਚ ਲਗਾਏ ਗਏ ਇਲਜ਼ਾਮਾਂ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾਵੇ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਇਸ ਮਾਮਲੇ ਵਿਚ ਕਿਸੇ ਨਾਲ ਕੋਈ ਰਿਆਇਤ ਨਹੀਂ ਹੋਣੀ ਚਾਹੀਦੀ ਅਤੇ ਦੋਵਾਂ ਧਿਰਾਂ ਦੇ ਬਿਆਨ ਦਰਜ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ। ਕਮਿਸ਼ਨ ਨੇ ਪੁਲਸ ਤੋਂ ਇਹ ਵੀ ਪੁੱਛਿਆ ਹੈ ਕਿ ਕੀ ਇਸ ਮਾਮਲੇ ਵਿਚ ਹੁਣ ਤੱਕ ਕੋਈ ਐੱਫ.ਆਈ.ਆਰ. ਦਰਜ ਹੋਈ ਹੈ ਜਾਂ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਹੈ, ਇਸਦੀ ਜਾਣਕਾਰੀ ਵੀ ਤੁਰੰਤ ਸਾਂਝੀ ਕੀਤੀ ਜਾਵੇ।

ਜ਼ਿਕਰਯੋਗ ਹੈ ਕਿ ਮੇਅਰ ਦੇ ਪਤੀ 'ਤੇ ਲੱਗੇ ਇਨ੍ਹਾਂ ਸੰਗੀਨ ਇਲਜ਼ਾਮਾਂ ਤੋਂ ਬਾਅਦ ਤੋਂ ਹੀ ਸ਼ਹਿਰ ਦੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿਚ ਕਾਫ਼ੀ ਚਰਚਾ ਬਣੀ ਹੋਈ ਸੀ। ਹੁਣ ਮਹਿਲਾ ਕਮਿਸ਼ਨ ਦੇ ਸਿੱਧੇ ਦਖਲ ਅਤੇ ਸਖ਼ਤ ਰਵੱਈਏ ਤੋਂ ਬਾਅਦ ਪੀੜਤ ਮਹਿਲਾ ਪ੍ਰਿੰਸੀਪਲ ਨੂੰ ਇਨਸਾਫ਼ ਮਿਲਣ ਦੀ ਉਮੀਦ ਜਾਗੀ ਹੈ। ਪੁਲਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਫ਼ ਹੋ ਸਕੇਗਾ ਕਿ ਰਵੀ ਆਨੰਦ ਦੇ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਕੀ ਹੋਵੇਗੀ।
 


author

Anmol Tagra

Content Editor

Related News