ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਦੋਸਤ ਤੇ ਮਹਿਲਾ ਤਸਕਰ ''ਤੇ ਕੇਸ ਦਰਜ
Wednesday, Jun 24, 2026 - 09:31 PM (IST)
ਖੰਨਾ (ਬਿਪਿਨ ਭਾਰਦਵਾਜ) : ਖੰਨਾ ਦੇ ਉੱਤਮ ਨਗਰ ਇਲਾਕੇ ਵਿਚ 28 ਸਾਲਾ ਸ਼ਿਵ ਕੁਮਾਰ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਸ਼ਿਵ ਕੁਮਾਰ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਡੇਢ ਅਤੇ ਢਾਈ ਸਾਲ ਦੇ ਦੋ ਛੋਟੇ ਬੱਚੇ ਛੱਡ ਗਿਆ ਹੈ।
ਪਰਿਵਾਰਕ ਮੈਂਬਰਾਂ ਵੱਲੋਂ ਲਗਾਏ ਗਏ ਦੋਸ਼ਾਂ ਅਨੁਸਾਰ, ਬੀਤੀ ਰਾਤ ਸ਼ਿਵ ਕੁਮਾਰ ਦਾ ਇੱਕ ਦੋਸਤ ਉਸ ਨੂੰ ਆਪਣੇ ਨਾਲ ਲੈ ਗਿਆ ਸੀ। ਜਦੋਂ ਸਵੇਰੇ ਪਰਿਵਾਰ ਵਾਲੇ ਉਸ ਦੀ ਭਾਲ ਕਰਦੇ ਹੋਏ ਦੋਸਤ ਦੇ ਘਰ ਪਹੁੰਚੇ ਤਾਂ ਉੱਥੇ ਸ਼ਿਵ ਦੀ ਲਾਸ਼ ਪਈ ਮਿਲੀ। ਪਰਿਵਾਰ ਨੇ ਇਲਜ਼ਾਮ ਲਾਇਆ ਹੈ ਕਿ ਉਸ ਦੀ ਮੌਤ ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਕਾਰਨ ਹੋਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਖੰਨਾ ਭੇਜ ਦਿੱਤਾ। ਐੱਸ.ਪੀ. ਪਵਨਜੀਤ ਸਿੰਘ ਚੌਧਰੀ ਨੇ ਦੱਸਿਆ ਕਿ ਪੁਲਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਦੇ ਸਾਥੀ ਅਤੇ ਨੌਜਵਾਨਾਂ ਨੂੰ ਨਸ਼ਾ ਸਪਲਾਈ ਕਰਨ ਵਾਲੀ ਮੰਡੀ ਗੋਬਿੰਦਗੜ੍ਹ ਦੀ ਮਹਿਲਾ ਤਸਕਰ 'ਮਮਾਲਾ' ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸ.ਐੱਚ.ਓ. ਸੁਖਵਿੰਦਰ ਪਾਲ ਸਿੰਘ ਅਨੁਸਾਰ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਸਪੱਸ਼ਟ ਪਤਾ ਲੱਗ ਸਕੇਗਾ। ਪੁਲਸ ਨੇ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
