ਤਰਨਤਾਰਨ ''ਚ ਪਾਣੀ ਦਾ ਪੱਧਰ ਘੱਟਣ ਨਾਲ ਹਾਲਾਤ ਕਾਬੂ ਹੇਠ, 241 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

Friday, Jul 14, 2023 - 05:04 PM (IST)

ਤਰਨਤਾਰਨ ''ਚ ਪਾਣੀ ਦਾ ਪੱਧਰ ਘੱਟਣ ਨਾਲ ਹਾਲਾਤ ਕਾਬੂ ਹੇਠ, 241 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

ਤਰਨਤਾਰਨ (ਰਮਨ)- ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ 241 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਾਣੀ ਦੀ ਭਾਰੀ ਮਾਰ ਹੇਠ ਆਏ ਇਲਾਕਿਆਂ ਵਿਚੋਂ ਲਗਭਗ 1200 ਪਸ਼ੂਆਂ ਨੂੰ ਬਾਹਰ ਕੱਢਿਆ ਗਿਆ। ਪਸ਼ੂਆਂ ਲਈ ਹਰਾ ਤੇ ਸੁੱਕਾ ਚਾਰਾ ਪ੍ਰਭਾਵਿਤ ਪਿੰਡਾਂ ਵਿਚ ਕਿਸਾਨਾਂ ਨੂੰ ਵੰਡਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦਰਿਆ ਵਿਚ ਹੁਣ ਪਾਣੀ ਦਾ ਪੱਧਰ ਘੱਟ ਹੋਇਆ ਹੈ ਅਤੇ ਹਾਲਾਤ ਕਾਬੂ ਹੇਠ ਹਨ। ਉਨ੍ਹਾਂ ਦੱਸਿਆ ਕਿ ਦਰਿਆ ਸਤਲੁਜ ’ਤੇ ਬਣੇ ਧੁੱਸੀ ਬੰਨ੍ਹ ਨੂੰ ਹੋਰ ਮਜ਼ਬੂਤ ਕਰਨ ਲਈ ਰਾਹਤ ਕਾਰਜ ਜਾਰੀ ਹਨ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਲਿਆਵੇਗੀ ਆਪਣਾ ਯੂਟਿਊਬ ਚੈਨਲ

ਉਨ੍ਹਾਂ ਕਿਹਾ ਕਿ ਹਰੀਕੇ ਹੈੱਡ ਵਰਕਸ ਨੇੜੇ ਪਿੰਡ ਘੜੁੰਮ ਅਤੇ ਮੁੱਠਿਆਂਵਾਲਾ ਨੇੜੇ ਬੰਨ੍ਹ ਹੇਠ ਪਾਣੀ ਰਿਸਣ ਦਾ ਪਤਾ ਲੱਗਦਿਆਂ ਹੀ ਡਰੇਨੇਜ਼ ਵਿਭਾਗ ਵਲੋਂ ਸਥਾਨਕ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੰਨ੍ਹ ਨੂੰ ਮਿੱਟੀ ਦੇ ਬੋਰੇ ਭਰ ਕੇ ਰਿਸਾਅ ਨੂੰ ਰੋਕ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਇਸ ਔਖੀ ਘੜੀ ਵਿਚ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ ਅਤੇ ਇਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ’ਤੇ ਯਕੀਨ ਨਾ ਕਰਨ ਅਤੇ ਜੇਕਰ ਕੋਈ ਵਿਅਕਤੀ ਅਫ਼ਵਾਹਾਂ ਫੈਲਾਉਂਦਾ ਹੈ ਤਾਂ ਉਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਤੁਰੰਤ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕੰਟਰੋਲ ਰੂਮ ਸਥਾਪਤ ਕਰਕੇ ਲੋਕਾਂ ਦੀ ਹਰ ਸਮੱਸਿਆ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ।

 

ਇਹ ਵੀ ਪੜ੍ਹੋ- ਥਾਣਾ ਵੇਰਕਾ ਦੀ ਲਾਪਤਾ ਹੋਈ 10 ਸਾਲਾ ਮਾਸੂਮ ਬੱਚੀ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਡਿਪਟੀ ਕਮਿਸ਼ਨਰ ਦੱਸਿਆ ਕਿ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਐੱਨ. ਡੀ. ਆਰ. ਐੱਫ., ਪੰਜਾਬ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵਲੋਂ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਰਹੀ ਹੈ। ਜ਼ਿਲ੍ਹਾ ਪ੍ਰਸਾਸਨ ਵਲੋਂ ਟੀਮਾਂ ਬਣਾ ਕੇ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕਾਰਜ ਕੀਤੇ ਜਾ ਰਹੇ ਹਨ। ਡਰੇਨਾਂ ਦੀ ਮੁਰੰਮਤ, ਕੁਦਰਤੀ ਡਰੇਨਾਂ ਨੂੰ ਰੇਤ ਦੀਆਂ ਬੋਰੀਆਂ ਨਾਲ ਬੰਨ੍ਹਣ ਅਤੇ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਜਾ ਰਿਹਾ ਹੈ। ਉਨ੍ਹਾਂ ਦੱਸਿਆ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਹੂਲਤ ਲਈ 07 ਰਾਹਤ ਕੇਂਦਰ ਬਣਾਏ ਗਏ ਹਨ ਜਿੱਥੇ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿਚ ਆਏ ਹੜ੍ਹਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾਵਾਂ, ਨੌਜਵਾਨ ਕਲੱਬਾਂ ਅਤੇ ਆਮ ਲੋਕਾਂ ਵਲੋਂ ਵੀ ਇਸ ਔਖੀ ਘੜੀ ਵਿਚ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਯਮੁਨਾ ਦੇ ਵਧਦੇ ਪਾਣੀ ਨੇ ਚਿੰਤਾ 'ਚ ਪਾਈ 'ਦਿੱਲੀ', CM ਕੇਜਰੀਵਾਲ ਵੱਲੋਂ ਸਕੂਲ ਬੰਦ ਕਰਨ ਦਾ ਐਲਾਨ

ਪੁਲਸ ਪ੍ਰਸ਼ਾਸਨ ਨੇ ਲੋਕਾਂ ਦੀ ਜਾਨ ਬਚਾਉਣ ਵਿਚ ਨਿਭਾਈ ਅਹਿਮ ਭੂਮਿਕਾ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਐੱਨ.ਡੀ.ਆਰ.ਐੱਫ ਟੀਮਾਂ ਦੀ ਅਗਵਾਈ ਕਰਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ ਗੁਰਮੀਤ ਸਿੰਘ ਚੌਹਾਨ ਵਲੋਂ ਜਿੱਥੇ ਪਾਣੀ ਵਿਚ ਫਸੇ ਵੱਖ-ਵੱਖ ਲੋਕਾਂ ਦੀ ਜਾਨ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਈ ਗਈ ਉੱਥੇ ਲੋੜਵੰਦਾਂ ਤੱਕ ਖਾਣ-ਪੀਣ ਦੀਆਂ ਵਸਤੂਆਂ ਪਹੁੰਚਾਈਆਂ ਗਈਆਂ। ਜ਼ਿਲ੍ਹੇ ਦੇ ਮੁੱਠਿਆਂਵਾਲਾ ਪਿੰਡ ਨਜ਼ਦੀਕ ਪਾਣੀ ਦੀ ਮਾਰ ਹੇਠ ਬਹਿਕਾਂ ਵਿਚ ਫਸੇ ਵੱਖ-ਵੱਖ ਲੋਕਾਂ ਨੂੰ ਸੁਰਖਿੱਅਤ ਥਾਵਾਂ ’ਤੇ ਪਹੁੰਚਾਉਣ ਵਿਚ ਜ਼ਿਲ੍ਹੇ ਦੇ ਐੱਸ.ਐੱਸ.ਪੀ ਗੁਰਮੀਤ ਸਿੰਘ ਚੌਹਾਨ ਵਲੋਂ ਸਮੁੱਚੀ ਪੁਲਸ ਟੀਮ ਦੇ ਨਾਲ ਦਿਨ-ਰਾਤ ਮਿਹਨਤ ਕੀਤੀ ਗਈ। ਇਸ ਦੌਰਾਨ ਪੁਲਸ ਵਿਭਾਗ ਵਲੋਂ ਲੋੜਵੰਦ ਲੋਕਾਂ ਤੱਕ ਵੱਖ-ਵੱਖ ਖਾਣ ਵਾਲੀਆਂ ਵਸਤੂਆਂ ਤੋਂ ਇਲਾਵਾ ਪਾਣੀ, ਦੁੱਧ ਅਤੇ ਹੋਰ ਜ਼ਰੂਰੀ ਵਸਤੂਆਂ ਮੁਹੱਈਆ ਕਰਵਾਈਆਂ ਗਈਆਂ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News